ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ:- ਪੰਜਾਬ ਦੇ ਡੀਜੀਪੀ ਅਤੇ ਰੋਪੜ ਰੇਂਜ ਦੇ ਡੀਆਈਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸਐਸਪੀ ਐਸਏਐਸ ਨਗਰ ਸ੍ਰੀ ਵਰੁਣ ਸ਼ਰਮਾ, ਆਈਪੀਐਸ, ਦੀ ਅਗਵਾਈ ਹੇਠ ਮੋਹਾਲੀ ਪੁਲਿਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ, ਸੁਚਾਰੂ ਆਵਾਜਾਈ ਪ੍ਰਬੰਧ ਅਤੇ ਬਾਜ਼ਾਰਾਂ ਵਿੱਚ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਗਈ ਹੈ।
ਇਸ ਤਹਿਤ ਐਸਪੀ ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਦੁਕਾਨਦਾਰਾਂ ਅਤੇ ਮਾਰਕੀਟ ਐਸੋਸੀਏਸ਼ਨ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਇਸ ਮੌਕੇ ਬਾਜ਼ਾਰਾਂ ਵਿੱਚ ਸੁਰੱਖਿਆ ਪ੍ਰਬੰਧਾਂ, ਪਾਰਕਿੰਗ, ਆਵਾਜਾਈ, ਭੀੜ-ਭੜੱਕੇ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਐਸਪੀ ਸਿਟੀ ਮੋਹਾਲੀ ਨੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਤਿਉਹਾਰਾਂ ਦੌਰਾਨ ਆਮ ਲੋਕਾਂ ਅਤੇ ਵਪਾਰੀਆਂ ਦੀ ਸੁਰੱਖਿਆ ਲਈ ਮੋਹਾਲੀ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਦੁਕਾਨਦਾਰਾਂ ਵੱਲੋਂ ਸਾਹਮਣੇ ਲਿਆਂਦੀਆਂ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ। ਮੋਹਾਲੀ ਪੁਲਿਸ ਵੱਲੋਂ ਲੋਕਾਂ ਅਤੇ ਵਪਾਰੀਆਂ ਨਾਲ ਬਿਹਤਰ ਤਾਲਮੇਲ ਰਾਹੀਂ ਤਿਉਹਾਰਾਂ ਦੌਰਾਨ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।
