ਮੂਨਕ/ਸੰਗਰੂਰ, 9 ਨਵੰਬਰ:- ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਆਈ.ਪੀ.ਐੱਸ. ਨੇ ਮੂਨਕ ਪੁਲਿਸ ਸਬ-ਡਵੀਜ਼ਨ ਦੀ 1 ਤੋਂ 7 ਨਵੰਬਰ ਤੱਕ ਦੀ ਹਫ਼ਤਾਵਾਰੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਪਿੰਡਾਂ ਦੇ ਪਹਿਰੇਦਾਰ’ ਮੁਹਿੰਮਾਂ ਤਹਿਤ ਪੁਲਿਸ ਨੇ ਨਸ਼ਿਆਂ ਦੀ ਰੋਕਥਾਮ ਲਈ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਵੀ ਜਾਰੀ ਰੱਖੇ।
ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਅਰਸੇ ਦੌਰਾਨ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 27 ਤਹਿਤ ਇੱਕ ਮੁਕੱਦਮਾ ਦਰਜ ਕੀਤਾ ਗਿਆ ਅਤੇ ਸਬੰਧਤ ਵਿਅਕਤੀ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ। ਇਸੇ ਦੌਰਾਨ ਆਬਕਾਰੀ ਐਕਟ ਤਹਿਤ ਦੋ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਸ਼ਰਾਬ ਦੀਆਂ 44 ਬੋਤਲਾਂ ਬਰਾਮਦ ਕੀਤੀਆਂ ਗਈਆਂ। ਵੱਖ-ਵੱਖ ਧਾਰਾਵਾਂ ਤਹਿਤ ਦਰਜ ਹੋਰ ਮੁਕੱਦਮਿਆਂ ਵਿੱਚ ਪੰਜ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵਾਹਨਾਂ ਦੀ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 65 ਚਲਾਨ ਕੱਟੇ ਗਏ। ਇਸ ਤੋਂ ਇਲਾਵਾ, ਚੈਕਿੰਗ ਦੌਰਾਨ 52 ਵਿਅਕਤੀਆਂ ਵਿਰੁੱਧ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐੱਨ.ਐੱਸ.ਐੱਸ.) ਦੀ ਧਾਰਾ 172 ਤਹਿਤ ਕਾਰਵਾਈ ਕੀਤੀ ਗਈ ਅਤੇ ਤਿੰਨ ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਡਾ. ਗਰੇਵਾਲ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿੱਚ ਪਿੰਡਾਂ ਦੇ ਲੋਕਾਂ ਦੀ ਭਾਗੀਦਾਰੀ ਅਹਿਮ ਹੈ। ਇਸ ਮੰਤਵ ਲਈ ਪੁਲਿਸ ਵੱਲੋਂ ਪੰਚਾਇਤਾਂ, ਖੇਡ ਕਲੱਬਾਂ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਐੱਸ.ਐੱਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਣ ’ਤੇ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਜਾਰੀ ਰਹਿਣਗੇ।
