ਨਵਾਂਸ਼ਹਿਰ/ਕਾਠਗੜ੍ਹ, 17 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਕਾਠਗੜ੍ਹ-ਰੋਪੜ-ਬਲਾਚੌਰ ਨੈਸ਼ਨਲ ਹਾਈਵੇ ’ਤੇ ਪਿੰਡ ਪਨਿਆਲੀ ਨੇੜੇ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਐਫ. ਟੀਮ ਦੇ ਇੰਚਾਰਜ ਏ.ਐਸ.ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਰਾਹਗੀਰ ਵੱਲੋਂ ਪਨਿਆਲੀ ਨੇੜੇ ਹਾਦਸਾ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਰੋਪੜ ਤੋਂ ਬਲਾਚੌਰ ਵੱਲ ਇੱਕ ਮੋਟਰਸਾਈਕਲ ਗਲਤ ਦਿਸ਼ਾ ਤੋਂ ਆ ਰਿਹਾ ਸੀ।

 ਜਦੋਂ ਮੋਟਰਸਾਈਕਲ ਸਵਾਰ ਪਿੰਡ ਪਨਿਆਲੀ ਨੇੜੇ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਟਰੈਕਟਰ ਵਿੱਚ ਜਾ ਵੱਜਿਆ, ਜਿਸ ਕਾਰਨ ਚਾਲਕ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ, ਬਲਾਚੌਰ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਦੀ ਸੂਚਨਾ ਕੰਟਰੋਲ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਵੀ ਦੇ ਦਿੱਤੀ ਗਈ ਹੈ।