ਮਾਹਿਲਪੁਰ, 11 ਨਵੰਬਰ - ਵਿਧਾਨ ਸਭਾ ਹਲਕਾ ਚੱਬੇਵਾਲ ਦੀ ਉਪ ਚੋਣ ਵਿੱਚ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਦਾ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਸਰਿਤਾ  ਸ਼ਰਮਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਸਾਬਕਾ ਡਾਇਰੈਕਟਰ ਵਾਟਰ ਸਪਲਾਈ ਕਾਂਗਰਸ ਪਾਰਟੀ ਨੇ  ਦੱਸਿਆ ਕਿ  ਰਣਜੀਤ ਕੁਮਾਰ ਦੀ ਚੋਣ ਮੁਹਿੰਮ ਨੂੰ ਹੋਰ ਵੀ ਤੇਜ਼ ਕਰਨ ਦੇ ਮੱਦੇਨਜ਼ਰ 12 ਨਵੰਬਰ ਦਿਨ ਮੰਗਲਵਾਰ ਨੂੰ ਚਰਨਜੀਤ ਸਿੰਘ ਚੰਨੀ ਮੈਂਬਰ ਪਾਰਲੀਮੈਂਟ ਸਾਬਕਾ ਮੁੱਖ ਮੰਤਰੀ ਪੰਜਾਬ ਠੀਕ 12 ਵਜੇ ਪਿੰਡ ਬਾੜੀਆਂ ਕਲਾਂ ਵਿਖੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਨਗੇ। 
ਇਸੇ ਤਰ੍ਹਾਂ 14 ਨਵੰਬਰ ਦਿਨ ਵੀਰਵਾਰ ਨੂੰ ਸ਼ਾਮੀ 5 ਵਜੇ ਪਿੰਡ ਜੇਜੋ ਦੋਆਬਾ ਵਿਖੇ ਹੋ ਰਹੇ ਭਾਰੀ ਇਕੱਠ ਦੌਰਾਨ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਹੋਰ ਸੀਨੀਅਰ ਆਗੂ ਹੋ ਰਹੀ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਹਨ। ਮੈਡਮ ਸਰਿਤਾ ਸ਼ਰਮਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਭਾਰੀ ਸਮਰਥਨ ਮਿਲ ਰਿਹਾ ਹੈ। ਹਲਕਾ ਚੱਬੇਵਾਲ ਕਾਂਗਰਸ ਪਾਰਟੀ ਦਾ ਗੜ ਹੈ। ਇਸ ਹਲਕੇ ਦੇ ਵੋਟਰ ਹਮੇਸ਼ਾ ਹੀ ਕਾਂਗਰਸ ਪਾਰਟੀ ਦੇ ਹੱਕ ਵਿੱਚ ਡੱਟ ਕੇ ਖੜਦੇ ਆ ਰਹੇ ਹਨ। 
ਇਹਨਾਂ ਚੋਣਾਂ ਵਿੱਚ ਵੀ ਵੋਟਰਾਂ ਨੇ ਐਡਵੋਕੇਟ ਰਣਜੀਤ ਕੁਮਾਰ ਨੂੰ ਵੋਟਾਂ ਪਾਉਣ ਦਾ ਮਨ ਬਣਾ ਲਿਆ ਹੈ। ਉਨਾਂ ਦੇ ਹੱਕ ਵਿੱਚ ਪਾਰਟੀ ਦੇ ਆਗੂਆਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਚੋਣ ਪ੍ਰਚਾਰ ਜੋਰ ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਵਰਨਣਯੋਗ ਹੈ ਕਿ ਮੈਡਮ ਸਰਿਤਾ ਸ਼ਰਮਾ ਅਤੇ ਡਾਕਟਰ ਕੁਲਵਿੰਦਰ ਬਿੱਟੂ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਪਿਛਲੇ ਦਿਨਾਂ ਤੋਂ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ।