ਐਸ ਏ ਐਸ ਨਗਰ, 12 ਮਈ- ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ, ਜਿਸ ਵਿੱਚ 12 ਕਰੋੜ ਰੁਪਏ ਦੇ ਨਵੇਂ ਕੰਮਾਂ ਦੇ ਐਸਟੀਮੇਟ ਪਾਸ ਕੀਤੇ ਗਏ ਹਨ, ਜਦੋਂ ਕਿ 13 ਕਰੋੜ ਰੁਪਏ ਦੇ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਹਨ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮੈਂਬਰ ਜਸਵੀਰ ਸਿੰਘ ਮਣਕੂ ਅਤੇ ਅਨੁਰਾਧਾ ਅਨੰਦ, ਚੀਫ ਇੰਜੀਨੀਅਰ ਨਰੇਸ਼ ਬੱਤਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਇਹਨਾਂ ਕੰਮਾਂ ਵਿੱਚ ਮੁੱਖ ਤੌਰ ’ਤੇ ਸ਼ਹਿਰ ਨਾਲ ਸੰਬੰਧਿਤ ਸੀਵਰੇਜ, ਫੁੱਟਪਾਥ, ਸੜਕਾਂ ਆਦਿ ਦੇ ਕੰਮ ਪਾਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਮੁਹਾਲੀ ਦੇ ਵੱਖ-ਵੱਖ ਖੇਤਰਾਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਵੀ ਵਿਚਾਰ-ਚਰਚਾ ਹੋਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਰਵਾਏ ਗਏ ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਕੰਮ ਉੱਤੇ 200 ਕਰੋੜ ਰੁਪਏ ਖਰਚ ਹੋਣੇ ਹਨ। ਉਨ੍ਹਾਂ ਕਿਹਾ ਕਿ ਇਸ ਵਾਸਤੇ ਸਰਕਾਰ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਤਾਂ ਜੋ ਸਰਕਾਰ ਇਹ ਰਕਮ ਉਪਲਬਧ ਕਰਵਾਏ।
ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਬਰਸਾਤੀ ਪਾਣੀ ਦੀਆਂ ਡਰੇਨੇਜ ਪਾਈਪਾਂ ਦੀ ਡੀਸਿਲਟਿੰਗ ਕਰਵਾਉਣ ਲਈ ਚਾਰ ਜੋਨ ਬਣਾਏ ਗਏ ਹਨ, ਜਿਸ ਦੇ ਟੈਂਡਰ ਹੋ ਗਏ ਹਨ। ਇਸ ਤੋਂ ਇਲਾਵਾ ਐਨ ਚੋਅ ਵਿੱਚ ਖੜ੍ਹੇ ਸਰਕੰਡੇ ਦੀ ਸਫਾਈ ਅਗਲੇ ਹਫਤੇ ਤੋਂ ਆਰੰਭ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਪਹਿਲਾ ਸਾਈਕਲ ਟਰੈਕ ਬੜੀ ਸਫਲਤਾ ਨਾਲ ਚੱਲ ਪਿਆ ਹੈ ਅਤੇ ਉਨ੍ਹਾਂ ਦਾ ਟੀਚਾ ਇਹ ਹੈ ਕਿ ਸਮੂਹ ਰਿਹਾਇਸ਼ੀ ਖੇਤਰ ਨੂੰ ਮਾਰਕੀਟਾਂ ਦੇ ਨਾਲ ਸਾਈਕਲ ਟਰੈਕ ਰਾਹੀਂ ਜੋੜਿਆ ਜਾਵੇ, ਜਿਸ ਨਾਲ ਨਾ ਸਿਰਫ ਪਾਰਕਿੰਗ ਦੀ ਸਮੱਸਿਆ ਹੱਲ ਹੋਵੇਗੀ ਸਗੋਂ ਲੋਕਾਂ ਦੀ ਸਿਹਤ ਵੀ ਵਧੀਆ ਰਹੇਗੀ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਦੇ ਵਿਕਾਸ ਕਾਰਜ ਲੋੜ ਅਨੁਸਾਰ ਕਰਾਏ ਜਾ ਰਹੇ ਹਨ ਅਤੇ ਇਹਨਾਂ ਕੰਮਾਂ ਵਿੱਚ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਸੂਰਤ ਵਿੱਚ ਕੁਆਲਿਟੀ ਦੇ ਨਾਲ ਸਮਝੌਤਾ ਨਾ ਕੀਤਾ ਜਾਵੇ ਅਤੇ ਅਧਿਕਾਰੀ ਆਪੋ-ਆਪਣੇ ਖੇਤਰ ਦੀ ਪੈਂਦੇ ਵਿਕਾਸ ਕਾਰਜਾਂ ਦੀ ਸਮੇਂ-ਸਮੇਂ ਸਰਸਮੀਖਿਆ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੁਤਾਹੀ ਪਾਈ ਜਾਂਦੀ ਹੈ ਤਾਂ ਸੰਬੰਧਿਤ ਠੇਕੇਦਾਰ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।