ਚੰਡੀਗੜ੍ਹ, 22 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ‘ਹਰਿਆਣਾ ਉਦੈ’ ਪ੍ਰੋਗਰਾਮ ਤਹਿਤ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਵਿੱਚ ਕਰਵਾਈ ਗਈ ਵਿਸ਼ਾਲ ‘ਨਸ਼ਾ ਮੁਕਤ ਹਰਿਆਣਾ’ ਮੈਰਾਥਨ ਦੀਆਂ 5 ਕਿਲੋਮੀਟਰ, 10 ਕਿਲੋਮੀਟਰ ਅਤੇ 21 ਕਿਲੋਮੀਟਰ ਦੌੜਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਸਿੱਖਿਆ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣਾ ਹੈ। ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕਣ ਦਾ ਅਧਿਕਾਰ ਨਹੀਂ ਹੈ। ਅਜਿਹੇ ਸਮਾਜ ਵਿਰੋਧੀ ਅਨਸਰ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਹਰਿਆਣਾ ਛੱਡ ਦੇਣ, ਨਹੀਂ ਤਾਂ ਸਰਕਾਰ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਸਖ਼ਤ ਨੀਤੀਆਂ ਤਹਿਤ ਹੁਣ ਤੱਕ ਨਸ਼ਿਆਂ ਦੇ ਕਾਰੋਬਾਰੀਆਂ ਦੀ ਲਗਭਗ 94 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।
**ਨਸ਼ਾ ਮੁਕਤੀ ਕੇਂਦਰਾਂ ਅਤੇ ਸਵੈ-ਸਹਾਇਤਾ ਸਮੂਹਾਂ ਦੀ ਕੀਤੀ ਸ਼ਲਾਘਾ**
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ ਅਤੇ ਨਸ਼ਾ ਮੁਕਤੀ ਕੇਂਦਰਾਂ ਰਾਹੀਂ ਲੱਖਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿੱਚੋਂ ਬਾਹਰ ਕੱਢ ਕੇ ਮੁੱਖ ਧਾਰਾ ਨਾਲ ਜੋੜਿਆ ਗਿਆ ਹੈ। ਉਨ੍ਹਾਂ ਨੇ ਮਾਵਾਂ ਅਤੇ ਭੈਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਵੈ-ਸਹਾਇਤਾ ਸਮੂਹਾਂ ਨਾਲ ਜੁੜ ਕੇ ਆਪਣੇ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾ ਰਹੀਆਂ ਹਨ। ਇਸ ਦੌਰਾਨ ਸਥਾਨਕ ਮਹਿਲਾਵਾਂ ਵੱਲੋਂ ਮੁੱਖ ਮੰਤਰੀ ਨੂੰ ਦਹੀਂ ਖਵਾਉਣ ’ਤੇ ਉਨ੍ਹਾਂ ਨੇ ਇਸ ਨੂੰ ਹਰਿਆਣਾ ਦੀ ਮਾਣਮੱਤੀ ‘ਦੁੱਧ-ਦਹੀਂ ਦਾ ਖਾਣਾ’ ਪਰੰਪਰਾ ਨਾਲ ਜੋੜਦਿਆਂ ਨੌਜਵਾਨਾਂ ਨੂੰ ਨਸ਼ਿਆਂ ਦੀ ਬਜਾਏ ਪੌਸ਼ਟਿਕ ਖੁਰਾਕ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਮਾਂ ਦੇਣ ਅਤੇ ਜੇਕਰ ਕੋਈ ਬੱਚਾ ਗ਼ਲਤ ਸੰਗਤ ਵਿੱਚ ਪੈ ਜਾਵੇ ਤਾਂ ਉਸ ਤੋਂ ਦੂਰੀ ਬਣਾਉਣ ਦੀ ਬਜਾਏ ਦੋਸਤ ਬਣ ਕੇ ਉਸ ਨੂੰ ਨਸ਼ੇ ਦੀ ਆਦਤ ਤੋਂ ਬਾਹਰ ਕੱਢਣ ਵਿੱਚ ਮਦਦ ਕਰਨ।
**ਸਿਰਸਾ ਦੇ ਕਿੰਨੂ ਨੂੰ ਜੀ.ਆਈ. ਟੈਗ ਮਿਲਣ ’ਤੇ ਕਿਸਾਨਾਂ ਨੂੰ ਦਿੱਤੀ ਵਧਾਈ**
ਖੇਤੀਬਾੜੀ ਖੇਤਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸਿਰਸਾ ਦੇ ਕਿੰਨੂ ਨੂੰ ਜੀ.ਆਈ. ਟੈਗ ਮਿਲਣ ’ਤੇ ਕਿਸਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕਿੰਨੂ ਪ੍ਰੋਸੈਸਿੰਗ ਪਲਾਂਟ ’ਤੇ ਵੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਇਸ ਦੇ ਨਾਲ ਹੀ, ਇਸ ਵਾਰ ਹੋਈ ਬੰਪਰ ਫ਼ਸਲ ਅਤੇ ਚੰਗੇ ਭਾਅ ਮਿਲਣ ’ਤੇ ਕਿਸਾਨਾਂ ਨੇ ਵੀ ਹਰਿਆਣਾ ਸਰਕਾਰ ਦਾ ਧੰਨਵਾਦ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਦਿਖਾਏ ਗਏ ਸਬਜ਼ਬਾਗ ਚੁਟਕਲਿਆਂ ਵਿੱਚ ਬਦਲ ਗਏ ਹਨ ਅਤੇ ਪੰਜ ਸਾਲ ਸਿਰਫ਼ ਚੁਟਕਲੇ ਹੀ ਚੱਲਦੇ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਲਈ ਕੋਈ ਯਤਨ ਨਹੀਂ ਕੀਤਾ ਗਿਆ ਅਤੇ ਉੱਥੇ ਡਰ ਦਾ ਅਜਿਹਾ ਮਾਹੌਲ ਹੈ ਕਿ ਜੇਕਰ ਕੋਈ ਮਾਂ ਜਾਂ ਹੋਰ ਵਿਅਕਤੀ ਸ਼ਿਕਾਇਤ ਕਰਨ ਜਾਂਦਾ ਹੈ ਤਾਂ ਸ਼ਿਕਾਇਤ ਲਿਖਣ ਦੀ ਬਜਾਏ ਉਸੇ ਦੇ ਖ਼ਿਲਾਫ਼ ਪਰਚਾ ਦਰਜ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀ ਸੂਚੀ ਜਲਦੀ ਇਸ ਲਈ ਜਾਰੀ ਕੀਤੀ ਤਾਂ ਜੋ ਉਨ੍ਹਾਂ ਦੇ ਉਮੀਦਵਾਰ ਇੱਧਰ-ਉੱਧਰ ਨਾ ਹੋ ਜਾਣ ਜਾਂ ਭੱਜ ਨਾ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਭੈਣਾਂ, ਵਪਾਰੀਆਂ ਅਤੇ ਉਦਯੋਗਾਂ ਵਿੱਚ ਕੋਈ ਕਮੀ ਨਹੀਂ ਹੈ, ਸਗੋਂ ਕਮੀ ਪੰਜਾਬ ਸਰਕਾਰ ਦੀ ਸਿਆਸੀ ਇੱਛਾ-ਸ਼ਕਤੀ ਅਤੇ ਨੀਅਤ ਵਿੱਚ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਚੁਟਕਲੇ ਸੁਣਾਉਣ, ਭ੍ਰਿਸ਼ਟਾਚਾਰ ਕਰਨ, ਨਸ਼ੇ ਫੈਲਾਉਣ ਅਤੇ ਝੂਠੇ ਵਾਅਦੇ ਕਰਨ ਵਾਲੀ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਲੋਕਾਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ 2047’ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਹਰਿਆਣਾ ਅਹਿਮ ਭੂਮਿਕਾ ਨਿਭਾਏਗਾ ਅਤੇ ‘ਗ੍ਰੋਥ ਇੰਜਣ’ ਵਜੋਂ ਕੰਮ ਕਰੇਗਾ। ਉਨ੍ਹਾਂ ਇਹ ਵੀ ਭਰੋਸਾ ਜਤਾਇਆ ਕਿ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣੇਗੀ।
