ਸੰਗਰੂਰ, 7 ਸਤੰਬਰ:- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ 12 ਸਤੰਬਰ, 2026 ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਅਤੇ ਉਪ ਮੰਡਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਸ੍ਰੀ ਅਸ਼ੀਸ਼ ਠਠਈ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਅਦਾਲਤਾਂ ਵਿੱਚ ਲੰਬਿਤ ਕ੍ਰਿਮੀਨਲ ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਮੈਟਰੀਮੋਨੀਅਲ ਮਾਮਲੇ, ਲੇਬਰ ਵਿਵਾਦ, ਜ਼ਮੀਨ, ਪੇਅ ਅਲਾਊਂਸ ਅਤੇ ਰੈਵੇਨਿਊ ਨਾਲ ਸਬੰਧਤ ਮਾਮਲੇ ਆਦਿ ਨਿਪਟਾਰੇ ਲਈ ਰੱਖੇ ਜਾਣਗੇ। ਇਸ ਤੋਂ ਇਲਾਵਾ ਬੈਂਕ ਰਿਕਵਰੀ, ਲੇਬਰ ਵਿਵਾਦ ਅਤੇ ਹੋਰ ਯੋਗ ਪ੍ਰੀ-ਲਿਟੀਗੇਸ਼ਨ ਮਾਮਲਿਆਂ ਨੂੰ ਵੀ ਵਿਚਾਰਿਆ ਜਾਵੇਗਾ।
ਸ੍ਰੀ ਠਠਈ ਨੇ ਦੱਸਿਆ ਕਿ ਜਿਹੜੇ ਵਿਅਕਤੀ ਆਪਣੇ ਅਦਾਲਤ ਵਿੱਚ ਲੰਬਿਤ ਮਾਮਲੇ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦੇ ਹਨ, ਉਹ ਉਸ ਸਬੰਧਤ ਅਦਾਲਤ ਵਿੱਚ ਅਰਜ਼ੀ ਦੇ ਸਕਦੇ ਹਨ, ਜਿੱਥੇ ਉਨ੍ਹਾਂ ਦਾ ਕੇਸ ਚੱਲ ਰਿਹਾ ਹੈ। ਇਸੇ ਤਰ੍ਹਾਂ ਨਵੇਂ ਯੋਗ ਮਾਮਲਿਆਂ ਨੂੰ ਪ੍ਰੀ-ਲਿਟੀਗੇਸ਼ਨ ਪੱਧਰ ’ਤੇ ਨਿਪਟਾਉਣ ਲਈ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਕਮੇਟੀ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾ ਕੇ ਧਿਰਾਂ ਨੂੰ ਲੰਮੀ ਕਾਨੂੰਨੀ ਪ੍ਰਕਿਰਿਆ ਤੋਂ ਰਾਹਤ ਦੇਣ ਦਾ ਪ੍ਰਭਾਵਸ਼ਾਲੀ ਮੰਚ ਹੈ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਧਿਰਾਂ ਵਿਚਕਾਰ ਵਿਵਾਦ ਦਾ ਸਥਾਈ ਹੱਲ ਨਿਕਲਦਾ ਹੈ। ਲੋਕ ਅਦਾਲਤ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਇਸ ਵਿਰੁੱਧ ਅਪੀਲ ਨਹੀਂ ਹੁੰਦੀ।
ਸਕੱਤਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 12 ਸਤੰਬਰ ਦੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਯੋਗ ਮਾਮਲਿਆਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਸਬੰਧੀ ਹੋਰ ਜਾਣਕਾਰੀ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ 15100 ਜਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਮਝੌਤਾ ਸਦਨ, ਸੰਗਰੂਰ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ।