ਨਵਾਂਸ਼ਹਿਰ (ਦੇਸ ਰਾਜ ਬਾਲੀ):- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਤੋਂ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 12 ਦਸੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਦਾਲਤਾਂ ਵਿੱਚ ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਪੜਾਅ 'ਤੇ ਪਹੁੰਚੇ ਰਾਜ਼ੀਨਾਮਾ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਅਤੇ ਸੇਵਾਵਾਂ ਨਾਲ ਸਬੰਧਤ ਕੇਸ, ਜ਼ਮੀਨ ਗ੍ਰਹਿਣ ਦੇ ਕੇਸ, ਮਾਲ ਵਿਭਾਗ ਨਾਲ ਸਬੰਧਤ ਕੇਸ, ਬੀ.ਐਸ.ਐਨ.ਐਲ. ਦੇ ਕੇਸ, ਬੀਮਾ ਕੰਪਨੀਆਂ ਨਾਲ ਸਬੰਧਤ ਕੇਸ, ਵਿੱਤੀ ਮਾਮਲੇ, ਐਨ.ਆਈ. ਐਕਟ ਦੀ ਧਾਰਾ 138 ਅਧੀਨ ਕੇਸ, ਪੈਸੇ ਦੀ ਵਸੂਲੀ ਦੇ ਕੇਸ, ਬੈਂਕ ਕਰਜ਼ਿਆਂ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲਾਂ ਦੇ ਵਿਵਾਦ, ਫੌਜਦਾਰੀ ਰਾਜ਼ੀਨਾਮਾ ਯੋਗ ਕੇਸ, ਚੈੱਕ ਬਾਊਂਸ ਨਾਲ ਸਬੰਧਤ ਕੇਸ, ਮੋਟਰ ਦੁਰਘਟਨਾ ਕਲੇਮ ਕੇਸ, ਟ੍ਰਿਬਿਊਨਲ ਨਾਲ ਸਬੰਧਤ ਕੇਸ, ਵਿਆਹੁਤਾ ਝਗੜੇ, ਟ੍ਰੈਫਿਕ ਚਲਾਨ, ਮਜ਼ਦੂਰ ਵਿਵਾਦਾਂ ਦੇ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਵਰਗੀਆਂ ਜਨਤਕ ਉਪਯੋਗਤਾ ਸੇਵਾਵਾਂ ਨਾਲ ਸਬੰਧਤ ਵਿਵਾਦ ਅਤੇ ਹੋਰ ਰਾਜ਼ੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਲਈ ਜੇਕਰ ਕਿਸੇ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਫ਼ੋਨ ਨੰਬਰ 01823-223511 'ਤੇ ਸੰਪਰਕ ਕਰ ਸਕਦਾ ਹੈ।