ਹੁਸ਼ਿਆਰਪੁਰ/ਦਲਜੀਤ ਅਜਨੋਹਾ:- ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐੱਚ.ਸੀ. ਹਾਰਟਾ ਬਡਲਾ ਵਿਖੇ 15 ਤੋਂ 21 ਨਵੰਬਰ ਤੱਕ ‘ਰਾਸ਼ਟਰੀ ਨਵਜੰਮੇ ਬੱਚਿਆਂ ਦੀ ਸੰਭਾਲ ਹਫ਼ਤਾ’ ਮਨਾਇਆ ਗਿਆ। ਇਸ ਹਫ਼ਤੇ ਦਾ ਮੁੱਖ ਮਕਸਦ ਨਵਜੰਮੇ ਬੱਚਿਆਂ ਦੀ ਸਿਹਤ ਦੀ ਸੰਭਾਲ, ਜਨਮ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਅਤ ਦੇਖਭਾਲ ਅਤੇ ਮਾਵਾਂ ਵਿੱਚ ਜਾਗਰੂਕਤਾ ਫੈਲਾਉਣਾ ਸੀ।

ਇਸ ਮੌਕੇ ਬੱਚਿਆਂ ਦੇ ਮਾਹਿਰ ਡਾਕਟਰ ਕੁਲਵੰਤ ਰਾਏ ਨੇ ਦੱਸਿਆ ਕਿ ਬੱਚੇ ਦੇ ਜਨਮ ਤੋਂ ਬਾਅਦ ਪਹਿਲੇ 28 ਦਿਨ ਬਹੁਤ ਮਹੱਤਵਪੂਰਨ ਹੁੰਦੇ ਹਨ। ਇਸ ਸਮੇਂ ਦੌਰਾਨ ਬੱਚੇ ਦੀ ਸਹੀ ਦੇਖਭਾਲ, ਸਮੇਂ ਸਿਰ ਸਿਹਤ ਜਾਂਚ ਅਤੇ ਕਿਸੇ ਵੀ ਬਿਮਾਰੀ ਦੇ ਲੱਛਣਾਂ ਦੀ ਤੁਰੰਤ ਪਛਾਣ ਕਰਨਾ ਬੱਚੇ ਦੀ ਜਾਨ ਬਚਾਉਣ ਅਤੇ ਉਸ ਦੇ ਸਿਹਤਮੰਦ ਵਿਕਾਸ ਲਈ ਬਹੁਤ ਜ਼ਰੂਰੀ ਹੈ। ਨਵਜੰਮੇ ਬੱਚੇ ਦੀ ਦੇਖਭਾਲ ਸੰਬੰਧੀ ਵਿਸ਼ੇਸ਼ ਗੱਲਾਂ ਦੱਸਦਿਆਂ ਉਨ੍ਹਾਂ ਕਿਹਾ ਕਿ ਜਨਮ ਤੋਂ ਇੱਕ ਘੰਟੇ ਦੇ ਅੰਦਰ ਬੱਚੇ ਨੂੰ ਮਾਂ ਦਾ ਪਹਿਲਾ ਦੁੱਧ (ਕੋਲੋਸਟ੍ਰਮ) ਪਿਲਾਉਣਾ ਸ਼ੁਰੂ ਕਰਨਾ ਚਾਹੀਦਾ ਹੈ, ਜੋ ਬੱਚੇ ਲਈ ਪਹਿਲੇ ਟੀਕੇ ਵਾਂਗ ਕੰਮ ਕਰਦਾ ਹੈ। ਪਹਿਲੇ ਛੇ ਮਹੀਨਿਆਂ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਅਤੇ ਪਾਣੀ, ਸ਼ਹਿਦ, ਘੁੱਟੀ ਜਾਂ ਕੋਈ ਹੋਰ ਚੀਜ਼ ਬਿਲਕੁਲ ਨਾ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਬੱਚੇ ਨੂੰ ਹੱਥ ਲਗਾਉਣ ਤੋਂ ਪਹਿਲਾਂ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ ਅਤੇ ਬੱਚੇ ਦੀ ਨਾੜੂ ਨੂੰ ਸਾਫ਼ ਤੇ ਸੁੱਕਾ ਰੱਖਣਾ ਚਾਹੀਦਾ ਹੈ। ਇਸ ਉੱਤੇ ਤੇਲ, ਪਾਊਡਰ ਜਾਂ ਕੋਈ ਘਰੇਲੂ ਚੀਜ਼ ਨਹੀਂ ਲਗਾਉਣੀ ਚਾਹੀਦੀ। ਇਸ ਤੋਂ ਇਲਾਵਾ ਬੱਚੇ ਦਾ ਸਮੇਂ-ਸਮੇਂ ’ਤੇ ਟੀਕਾਕਰਨ ਕਰਵਾਉਣਾ ਜ਼ਰੂਰੀ ਹੈ, ਜੋ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਜੇਕਰ ਬੱਚਾ ਦੁੱਧ ਨਾ ਪੀਵੇ, ਤੇਜ਼ ਸਾਹ ਲਵੇ, ਸਰੀਰ ਠੰਢਾ ਪੈ ਜਾਵੇ ਜਾਂ ਬੁਖ਼ਾਰ ਹੋਵੇ ਤਾਂ ਉਸ ਨੂੰ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿੱਚ ਲਿਜਾਇਆ ਜਾਵੇ।

ਉਨ੍ਹਾਂ ਕਿਹਾ ਕਿ ਮੌਸਮ ਵਿੱਚ ਬਦਲਾਅ ਦੌਰਾਨ ਨਵਜੰਮੇ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ। ਬੱਚਿਆਂ ਨੂੰ ਠੰਢ ਤੋਂ ਬਚਾਉਣ, ਸਰੀਰ ਦਾ ਤਾਪਮਾਨ ਸਹੀ ਰੱਖਣ ਅਤੇ ਮਾਂ ਦੇ ਨਾਲ ਕੰਗਾਰੂ ਮਦਰ ਕੇਅਰ (ਕੇ.ਐੱਮ.ਸੀ.) ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਖ਼ਾਸ ਤੌਰ ’ਤੇ ਘੱਟ ਭਾਰ ਵਾਲੇ ਅਤੇ ਸਮੇਂ ਤੋਂ ਪਹਿਲਾਂ ਜਨਮ ਲੈਣ ਵਾਲੇ ਬੱਚਿਆਂ ਲਈ ਕੰਗਾਰੂ ਮਦਰ ਕੇਅਰ ਦੀ ਮਹੱਤਤਾ ਬਾਰੇ ਸਮਝਾਇਆ ਗਿਆ। ਬੱਚੇ ਨੂੰ ਸਾਫ਼ ਅਤੇ ਸੁਰੱਖਿਅਤ ਵਾਤਾਵਰਣ ਵਿੱਚ ਰੱਖਣ, ਬੱਚੇ ਨੂੰ ਛੂਹਣ ਤੋਂ ਪਹਿਲਾਂ ਹੱਥ ਧੋਣ, ਨਾੜੂ ਦੀ ਸਹੀ ਦੇਖਭਾਲ ਕਰਨ ਅਤੇ ਸੁਰੱਖਿਅਤ ਨੀਂਦ ਲਈ ਬੱਚੇ ਨੂੰ ਪਿੱਠ ਦੇ ਭਾਰ ਸੁਲਾਉਣ ਦੀ ਸਲਾਹ ਦਿੱਤੀ ਗਈ।

ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਵਜੰਮੇ ਬੱਚਿਆਂ ਦੀ ਸਿਹਤ ਨੂੰ ਪਹਿਲ ਦਿੱਤੀ ਜਾਵੇ, ਰਵਾਇਤੀ ਗਲਤ ਧਾਰਨਾਵਾਂ ਤੋਂ ਬਚਿਆ ਜਾਵੇ ਅਤੇ ਬੱਚੇ ਦੀ ਸਿਹਤ ਸੰਬੰਧੀ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਸਿਹਤਮੰਦ ਬੱਚਾ ਹੀ ਸਿਹਤਮੰਦ ਸਮਾਜ ਅਤੇ ਦੇਸ਼ ਦਾ ਭਵਿੱਖ ਹੈ। ਇਸ ਲਈ ਹਰ ਮਾਪੇ ਬੱਚੇ ਦੇ ਜੀਵਨ ਦੇ ਪਹਿਲੇ 28 ਦਿਨਾਂ ਦੌਰਾਨ ਵਿਸ਼ੇਸ਼ ਧਿਆਨ ਦੇਣ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਸਲਾਹਾਂ ਦੀ ਪਾਲਣਾ ਕਰਨ।