ਨਵਾਂਸ਼ਹਿਰ (ਦੇਸ ਰਾਜ ਬਾਲੀ):- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਨਵਾਂਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ। ਇਹ ਬੰਦ ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕ੍ਰੇਸੀ, ਸੀ.ਪੀ.ਆਈ., ਆਰ.ਐਮ.ਪੀ.ਆਈ. ਅਤੇ ਇਫਟੂ ਦੇ ਸੱਦੇ ’ਤੇ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਜਥੇਬੰਦੀਆਂ ਦੀ ਅਪੀਲ ’ਤੇ ਵਪਾਰ ਮੰਡਲ ਨੇ ਪਹਿਲਾਂ ਹੀ ਮੀਟਿੰਗ ਕਰਕੇ ਦੁਕਾਨਾਂ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਸੀ। ਅੱਜ ਸਵੇਰੇ ਉਕਤ ਪਾਰਟੀਆਂ ਅਤੇ ਜਥੇਬੰਦੀਆਂ ਦੇ ਵਰਕਰ ਤੇ ਆਗੂ ਵੱਡੀ ਗਿਣਤੀ ਵਿੱਚ ਸਥਾਨਕ ਆਟੋ ਸਟੈਂਡ ’ਤੇ ਇਕੱਠੇ ਹੋਏ ਅਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਮਾਰਚ ਕੱਢਿਆ।
ਇਸ ਮੌਕੇ ਕੁਲਵਿੰਦਰ ਸਿੰਘ ਵੜੈਚ, ਜਸਬੀਰ ਦੀਪ, ਕਾਮਰੇਡ ਨਿਰੰਜਨ ਦਾਸ ਮੇਹਲੀ, ਜਸਵਿੰਦਰ ਸਿੰਘ ਭੰਗਲ, ਕੁਲਦੀਪ ਸਿੰਘ ਦੋੜਕਾ, ਜਸਵੀਰ ਸਿੰਘ ਮੋਰੋਂ, ਆਟੋ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਕੁਮਾਰ ਬਛੌੜੀ, ਪਰਵਾਸੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਵੀਨ ਕੁਮਾਰ ਨਿਰਾਲਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਮਲਜੀਤ ਸਣਾਵਾ, ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਆਗੂ ਕੁਲਵਿੰਦਰ ਸਿੰਘ ਅਟਵਾਲ ਅਤੇ ਵਿਜੈ ਕੁਮਾਰ ਅਤੇ ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ ਨੇ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਦਾ “ਨਸ਼ਿਆਂ ਵਿਰੁੱਧ ਯੁੱਧ” ਫਲਾਪ ਸਾਬਤ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰੋਜ਼ਾਨਾ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਤੇ ਪੁਲਿਸ ਬਿਨਾਂ ਪੋਸਟਮਾਰਟਮ ਕਰਵਾਏ ਹੀ ਪਰਿਵਾਰਾਂ ’ਤੇ ਮ੍ਰਿਤਕਾਂ ਦਾ ਸਸਕਾਰ ਕਰਨ ਲਈ ਦਬਾਅ ਪਾ ਰਹੀ ਹੈ।
ਆਗੂਆਂ ਨੇ ਦੋਸ਼ ਲਾਇਆ ਕਿ ਪੂਰੇ ਪੰਜਾਬ ਵਿੱਚ ਸਿਆਸਤਦਾਨਾਂ, ਪੁਲਿਸ ਅਤੇ ਨਸ਼ਾ ਤਸਕਰਾਂ ਦਾ ਗੱਠਜੋੜ ਮਿਲ ਕੇ ਨਸ਼ਿਆਂ ਦਾ ਵਪਾਰ ਕਰ ਰਿਹਾ ਹੈ ਅਤੇ ਮੋਟੀ ਕਮਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰਕੇ ਤਸਕਰਾਂ ਨੇ ਨਸ਼ਾ ਤਸਕਰੀ ਵਿਰੁੱਧ ਉੱਠ ਰਹੀਆਂ ਆਵਾਜ਼ਾਂ ਨੂੰ ਖਾਮੋਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਇਹ ਆਵਾਜ਼ਾਂ ਖਾਮੋਸ਼ ਨਹੀਂ ਹੋਣਗੀਆਂ।
ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਇਸ ਤਾਣੇ-ਬਾਣੇ ਨੂੰ ਤੋੜਨ ਲਈ ਲੋਕ ਲਹਿਰ ਉਸਾਰਨੀ ਪਵੇਗੀ। ਉਨ੍ਹਾਂ ਲੋਕਾਂ ਨੂੰ ਇਸ ਮਕਸਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
