ਪਟਿਆਲਾ, 14 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਜੋ ਪੰਜਾਬ ਦੇ ਕਈ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੇ ਹਨ, ਇੱਕ ਵਾਰ ਫਿਰ ਪਟਿਆਲਾ ਪਹੁੰਚੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਖੂਬ ਰਗੜੇ ਲਾਏ, ਪਰ ਅਕਾਲੀ ਦਲ ਬਾਰੇ ਕੁਝ ਵੀ ਨਹੀਂ ਬੋਲੇ। 'ਆਪ' 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੱਡੇ-ਵੱਡੇ ਵਾਅਦੇ ਕਰਕੇ ਅਤੇ ਲੋਕਾਂ ਨੂੰ ਧੋਖਾ ਦੇ ਕੇ ਸਰਕਾਰ ਬਣਾਈ ਸੀ। ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਏ ਕੁਝ ਲੋਕਾਂ ਦਾ ਸਵਾਗਤ ਕਰਦਿਆਂ ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਡਬਲ ਇੰਜਣ ਵਾਲੀ ਭਾਜਪਾ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਆਮ ਆਦਮੀ ਪਾਰਟੀ ਨੇ 25 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਪਰ ਉਹ ਇਸ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਦੇ ਵਾਅਦਿਆਂ ਨੂੰ ਲੈ ਕੇ ਦੋਵਾਂ ਪਾਰਟੀਆਂ ਤੋਂ ਜਵਾਬਦੇਹੀ ਮੰਗਣਗੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੇ ਇਸ ਬਿਆਨ ਕਿ ਜੇਕਰ ਕਾਂਗਰਸ ਸਰਕਾਰ ਸੱਤਾ ਵਿੱਚ ਹੁੰਦੀ ਤਾਂ ਨਾਇਬ ਸੈਣੀ ਨੂੰ ਪੰਜਾਬ ਵਿੱਚ ਦਾਖ਼ਲ ਨਹੀਂ ਹੋਣ ਦੇਣਾ ਸੀ, ਦੇ ਜਵਾਬ ਵਿੱਚ ਸੈਣੀ ਨੇ ਕਿਹਾ ਕਿ ਪ੍ਰਗਟ ਸਿੰਘ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਪ੍ਰਗਟ ਸਿੰਘ ਦੇ ਸਾਹਮਣੇ ਬੈਠ ਕੇ ਐਸਆਈਆਰ ਦਾ ਮਤਲਬ ਪੁੱਛਣ ਲਈ ਕਿਹਾ ਜਾਣਾ ਚਾਹੀਦਾ ਹੈ। ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਨਹੀਂ ਸੌਂਪਣਗੇ। ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਸੈਣੀ ਨੇ ਕਿਹਾ ਕਿ ਵੋਟ ਚੋਰੀ ਦਾ ਦੋਸ਼ ਲਗਾਉਣ ਦੀ ਬਜਾਏ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਕਿਵੇਂ ਹੁੰਦੀ ਹੈ। ਉਹ ਕੰਗਨਾ ਰਣੌਤ ਮਾਮਲੇ ਬਾਰੇ ਪੁੱਛੇ ਗਏ ਸਵਾਲਾਂ ਨੂੰ ਟਾਲ ਗਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕੀਤੇ ਜਾਣ 'ਤੇ ਵੀ ਸਵਾਲ ਉਠਾਏ ਅਤੇ ਪੁੱਛਿਆ ਕਿ ਉਨ੍ਹਾਂ ਨੂੰ ਕੌਣ ਰੋਕ ਰਿਹਾ ਹੈ। ਵਿਅੰਗਾਤਮਕ ਲਹਿਜ਼ੇ ਵਿੱਚ ਸੈਣੀ ਨੇ ਕਿਹਾ ਕਿ ਕਿਤੇ ਪਾਕਿਸਤਾਨ ਜਾ ਕੇ ਭਗਵੰਤ ਮਾਨ ਵੀ ਰਾਹੁਲ ਗਾਂਧੀ ਵਾਂਗ ਦੇਸ਼ ਦੇ ਖ਼ਿਲਾਫ਼ ਬੋਲਣਾ ਸ਼ੁਰੂ ਨਾ ਕਰ ਦੇਣ।