ਲਾਲੜੂ, 25 ਸਤੰਬਰ:- ਲਾਲੜੂ ਵਾਸੀਆਂ ਨੂੰ ਬਿਹਤਰ ਜਨਤਕ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ 3.20 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਬੱਸ ਸਟੈਂਡ ਦਾ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ।

ਨਵੇਂ ਬੱਸ ਸਟੈਂਡ ਦੇ ਉਦਘਾਟਨ ਮੌਕੇ ਧਾਰਮਿਕ ਰੀਤਾਂ ਅਨੁਸਾਰ ਅਰਦਾਸ ਕਰਵਾਈ ਗਈ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਨਵੇਂ ਬੱਸ ਸਟੈਂਡ ਦੇ ਚਾਲੂ ਹੋਣ ਨਾਲ ਲਾਲੜੂ ਵਾਸੀਆਂ ਨੂੰ ਬਿਹਤਰ ਆਵਾਜਾਈ, ਸੁਵਿਧਾਜਨਕ ਸਫ਼ਰ ਅਤੇ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆਮ ਲੋਕਾਂ ਦਾ ਜੀਵਨ ਹੋਰ ਸੁਖਾਲਾ ਬਣਾਉਣਾ ਹੈ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਨਵਾਂ ਬੱਸ ਸਟੈਂਡ ਲਾਲੜੂ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਲੋੜ ਨੂੰ ਪੂਰਾ ਕਰਨ ਦੇ ਨਾਲ-ਨਾਲ ਸ਼ਹਿਰ ਦੇ ਆਵਾਜਾਈ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਸਹਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਕੇਂਦਰ ਵਿੱਚ ਰੱਖਦਿਆਂ ਲਾਲੜੂ ਸਮੇਤ ਪੂਰੇ ਵਿਧਾਨ ਸਭਾ ਹਲਕੇ ਵਿੱਚ ਲੋੜ ਅਨੁਸਾਰ ਵਿਕਾਸ ਕਾਰਜਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਪੀ.ਆਰ.ਟੀ.ਸੀ. ਦੇ ਡਾਇਰੈਕਟਰ ਸ. ਗੁਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਵਿਧਾਇਕ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਾਲੜੂ ਵਾਸੀਆਂ ਦੀ ਆਵਾਜਾਈ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਲਈ ਤਿੰਨ ਨਵੇਂ ਬੱਸ ਰੂਟਾਂ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਲਾਲੜੂ ਤੋਂ ਪਟਿਆਲਾ, ਲਾਲੜੂ ਤੋਂ ਪੀ.ਜੀ.ਆਈ. ਚੰਡੀਗੜ੍ਹ ਅਤੇ ਲਾਲੜੂ ਤੋਂ ਹਾਂਡੇਸਰਾ ਤੱਕ ਬੱਸ ਸੇਵਾ ਸ਼ੁਰੂ ਕਰਨ ਦੇ ਪ੍ਰਸਤਾਵ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰੂਟਾਂ ਦੇ ਸ਼ੁਰੂ ਹੋਣ ਨਾਲ ਲਾਲੜੂ ਅਤੇ ਆਸ-ਪਾਸ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਨਤਕ ਆਵਾਜਾਈ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਲਾਲੜੂ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਯਤਨ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਜ਼ੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ, ਮੀਤ ਪ੍ਰਧਾਨ ਅਮਨ ਰਾਣਾ, ਕੌਂਸਲਰ ਅਤੇ ਵਾਰਡ ਇੰਚਾਰਜ, ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।