ਮੋਹਾਲੀ, 18 ਨਵੰਬਰ (ਗੁਰਜੀਤ ਬਿੱਲਾ):- ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਨੇ ਅੱਜ ਆਪਣਾ ਕਾਰਜਕਾਲ ਸੰਭਾਲ ਲਿਆ। ਪੁਰਾਣੀ ਟੀਮ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਨਵੇਂ ਚੁਣੇ ਗਏ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੂੰ ਕਾਰਵਾਈ ਦਾ ਰਜਿਸਟਰ ਸੌਂਪਿਆ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਜੇਤੂ ਉਮੀਦਵਾਰਾਂ ਦੀ ਜਾਣ-ਪਛਾਣ ਕਰਵਾਈ ਗਈ।

ਇਸ ਉਪਰੰਤ ਜਥੇਬੰਦੀ ਦੇ ਸਾਬਕਾ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਪਿਛਲੇ ਸਮੇਂ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ। ਸਾਬਕਾ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਤਰਮਾਲਾ ਨੇ ਬੋਰਡ ਦੇ ਸਮੂਹ ਕਰਮਚਾਰੀਆਂ ਅਤੇ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਗਰੁੱਪ ਨਵੀਂ ਚੁਣੀ ਟੀਮ ਨੂੰ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਨੇ ਮੈਨੇਜਮੈਂਟ ਨਾਲ ਚੱਲ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਯੂਨੀਅਨ ਦੇ ਸਾਬਕਾ ਪ੍ਰਧਾਨ ਪਰਵਿੰਦਰ ਸਿੰਘ ਖੁੰਗੜਾ ਨੇ ਆਪਣੇ ਗਰੁੱਪ ਨੂੰ ਵੋਟਰਾਂ ਵੱਲੋਂ ਮਿਲੇ ਹੁੰਗਾਰੇ ਲਈ ਧੰਨਵਾਦ ਕੀਤਾ ਅਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਕੈਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਚੋਣ ਪ੍ਰਚਾਰ ਲਈ ਕੇਵਲ ਇੱਕ ਦਿਨ ਦੀ ਛੁੱਟੀ ਦਿੱਤੀ ਗਈ ਸੀ।

ਇਸ ਮੌਕੇ ਨਵੀਂ ਚੁਣੀ ਪ੍ਰਧਾਨ ਰਮਨਦੀਪ ਕੌਰ ਗਿੱਲ, ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਅਤੇ ਪ੍ਰਭਦੀਪ ਸਿੰਘ ਬੋਪਾਰਾਏ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੇ ਗਰੁੱਪ ਵਿੱਚ ਵਿਸ਼ਵਾਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੂਰੀ ਟੀਮ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਨਿਯਮਾਂ ਅਨੁਸਾਰ ਬਣਦੀਆਂ ਤਰੱਕੀਆਂ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਏਗੀ।

ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਜਿਹੜੇ ਕਰਮਚਾਰੀ ਪੁਰਾਣੀ ਪੈਨਸ਼ਨ ਸਕੀਮ ਦੇ ਲਾਭ ਤੋਂ ਵਾਂਝੇ ਰਹਿ ਗਏ ਹਨ ਅਤੇ ਜਿਹੜੇ ਠੇਕੇ ’ਤੇ ਕੰਮ ਕਰਦੇ ਕਰਮਚਾਰੀ ਅਦਾਲਤ ਵੱਲੋਂ ਦਿੱਤੇ ਗਏ ਲਾਭਾਂ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਦੇ ਮਾਮਲੇ ਚੇਅਰਮੈਨ ਸਾਹਿਬ ਨਾਲ ਗੱਲਬਾਤ ਕਰਕੇ ਹੱਲ ਕਰਵਾਏ ਜਾਣਗੇ, ਤਾਂ ਜੋ ਉਨ੍ਹਾਂ ਨੂੰ ਬਣਦੇ ਲਾਭ ਮਿਲ ਸਕਣ।

ਰੈਲੀ ਖ਼ਤਮ ਹੋਣ ਤੋਂ ਬਾਅਦ ਸਮੁੱਚੀ ਨਵੀਂ ਟੀਮ ਨੇ ਯੂਨੀਅਨ ਦੇ ਕਮਰੇ ਵਿੱਚ ਸੁਸ਼ੋਭਿਤ ਯੂਨੀਅਨ ਦੇ ਮਰਹੂਮ ਜਨਰਲ ਸਕੱਤਰ ਕਰਤਾਰ ਸਿੰਘ ਰਾਣੂੰ ਦੀ ਤਸਵੀਰ ’ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਮੈਨੇਜਮੈਂਟ ਅਤੇ ਚੋਣ ਕਮਿਸ਼ਨ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਸੁਨੀਲ ਕੁਮਾਰ ਮਾਰਕੰਡਾ, ਜਸਕਰਨ ਸਿੰਘ ਸਿੱਧੂ, ਹਰਦੀਪ ਸਿੰਘ ਗਿੱਲ, ਮਨੋਜ ਰਾਣਾ, ਸ੍ਰੀ ਘੜੂੰਆ ਸਮੇਤ ਕਈ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਰੈਲੀ ਦੇ ਅੰਤ ਵਿੱਚ ਲੱਡੂ ਵੰਡ ਕੇ ਸਾਰੇ ਕਰਮਚਾਰੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ।