ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੂਨ:- ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਜਾਂਚ, ਇਲਾਜ ਅਤੇ ਦਵਾਈ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਤਮਾਮ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ।
ਉਹ ਅੱਜ ਇਥੇ ਅਧਿਕਾਰੀਆਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਗੱਲ ਕਰਦਿਆਂ ਡਾ. ਜੈਨ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ’ਚ ਹਰ ਲਾਭਪਾਤਰੀ ਦਾ ਸਿਹਤ ਬੀਮਾ ਕਾਰਡ ਯਕੀਨੀ ਤੌਰ ’ਤੇ ਬਣਾਇਆ ਜਾਵੇ ਅਤੇ ਲੋਕਾਂ ਨੂੰ ਇਸ ਯੋਜਨਾ ਦੇ ਫ਼ਾਇਦਿਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੀਮਾ ਕਾਰਡਾਂ ਪ੍ਰਤੀ ਲੋਕ ਕਾਫ਼ੀ ਉਤਸ਼ਾਹਤ ਹਨ ਅਤੇ ਭਾਰੀ ਗਿਣਤੀ ਵਿਚ ਕਾਰਡ ਬਣਾਏ ਜਾ ਰਹੇ ਹਨ। ਇਸ ਦੇ ਬਾਵਜੂਦ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਲਾਭਪਾਤਰੀ ਇਸ ਕਾਰਡ ਤੋਂ ਵਾਂਝਾ ਨਾ ਰਹੇ।
ਐਚ.ਪੀ.ਵੀ. ਟੀਕਾਕਰਨ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਤਮਾਮ ਲਾਭਪਾਤਰੀ ਕੁੜੀਆਂ ਦਾ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਸਮੇਤ ਹੋਰ ਬੀਮਾਰੀਆਂ ਤੋਂ ਰੋਕਥਾਮ ਲਈ ਲੋੜੀਂਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਐਚ.ਪੀ.ਵੀ. ਟੀਕਾਕਰਨ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਲਾਭਪਾਤਰੀ ਕੁੜੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਦਵਾਈ ਦੇ ਫ਼ਾਇਦਿਆਂ ਬਾਰੇ ਚੰਗੀ ਤਰ੍ਹਾਂ ਸਮਝਾਇਆ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਹਰ ਥਾਂ ਸਾਫ਼-ਸਫ਼ਾਈ, ਪਖ਼ਾਨਿਆਂ ਦੀ ਸਫ਼ਾਈ ਆਦਿ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇ ਤਾਕਿ ਮਰੀਜ਼ਾਂ ਨੂੰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਗਰਮੀ ਦੇ ਮੌਸਮ ਦੌਰਾਨ ਹਰ ਸੰਸਥਾ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ।
ਉਨ੍ਹਾਂ ਮੁੜ ਹਦਾਇਤ ਕੀਤੀ ਕਿ ਹਸਪਤਾਲਾਂ ਵਿਚ 24 ਘੰਟੇ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਸਿੱਝਣ ਵਾਸਤੇ ਪੂਰਾ ਪਾਵਰ ਬੈਕਅੱਪ ਵੀ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਹਰ ਸਰਕਾਰੀ ਸਿਹਤ ਸੰਸਥਾ ਵਿਚ ਹਰ ਸਮੇਂ ਲੋੜੀਆਂ ਦਵਾਈਆਂ ਦਾ ਪੂਰਾ ਸਟਾਕ ਹੋਣਾ ਚਾਹੀਦਾ ਹੈ। ਜੇ ਕਿਤੇ ਕੋਈ ਕਮੀ ਹੈ ਤਾਂ ਤੁਰੰਤ ਉੱਚ-ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਲੋੜੀਂਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਆਮ ਮਰੀਜ਼ਾਂ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਜਾਂਚ, ਇਲਾਜ ਅਤੇ ਦਵਾਈ ਸਮੇਤ ਪੂਰੀਆਂ ਸਿਹਤ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।
ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੀ ਰੋਕਥਾਮ ’ਤੇ ਖ਼ਾਸ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ।
ਜ਼ਿਲ੍ਹੇ ਚ ਕੋਈ ਵੀ ਲਾਭਪਾਤਰੀ ਸਿਹਤ ਬੀਮਾ ਕਾਰਡ ਤੋਂ ਵਾਂਝਾ ਨਾ ਰਹੇ ਸਿਵਲ ਸਰਜਨ
