ਦਿੜ੍ਹਬਾ, 16 ਨਵੰਬਰ:- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡ ਢੰਡਿਆਲ ਵਿਖੇ ਪਹੁੰਚ ਕੇ ਢੰਡਿਆਲ ਤੋਂ ਚੁਨਾਗਰਾ ਤੱਕ ਬਣ ਰਹੀ ਸੜਕ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਵੇਖਿਆ ਅਤੇ ਕਿਹਾ ਕਿ ਸੜਕਾਂ ਦੀ ਉਸਾਰੀ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੀਬ ਦੋ ਕਿਲੋਮੀਟਰ ਲੰਬੀ ਇਹ ਸੜਕ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਹ ਪਿੰਡਾਂ ਵਿੱਚ ਚੱਲ ਰਹੇ ਸੜਕੀ ਕੰਮਾਂ ਦੀ ਪ੍ਰਗਤੀ ਅਤੇ ਵਰਤੀ ਜਾ ਰਹੀ ਸਮੱਗਰੀ ਦਾ ਜਾਇਜ਼ਾ ਲੈਣ ਲਈ ਖ਼ੁਦ ਮੌਕੇ ’ਤੇ ਪਹੁੰਚ ਰਹੇ ਹਨ। ਉਨ੍ਹਾਂ ਸਰਪੰਚਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਚੱਲ ਰਹੇ ਸੜਕੀ ਕੰਮਾਂ ’ਤੇ ਨਜ਼ਰ ਰੱਖਣ। ਜੇਕਰ ਕਿਸੇ ਥਾਂ ਗ਼ੈਰ-ਮਿਆਰੀ ਸਮੱਗਰੀ ਦੀ ਵਰਤੋਂ ਜਾਂ ਕੰਮ ਵਿੱਚ ਕੋਈ ਊਣਤਾਈ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਸਬੰਧਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੁਤਾਹੀ ਪਾਏ ਜਾਣ ’ਤੇ ਜ਼ਿੰਮੇਵਾਰ ਵਿਅਕਤੀ ਜਾਂ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਚੀਮਾ ਨੇ ਦੱਸਿਆ ਕਿ ਢੰਡਿਆਲ ਅਤੇ ਨੇੜਲੇ ਪਿੰਡਾਂ ਦੀ ਸੜਕੀ ਸੰਪਰਕ ਵਿਵਸਥਾ ਸੁਧਾਰਨ ਲਈ ਕਈ ਸੜਕਾਂ ’ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਢੰਡਿਆਲ ਤੋਂ ਸ਼ਾਦੀਹਰੀ ਤੱਕ ਸੜਕ ਲਈ 1 ਕਰੋੜ 36 ਲੱਖ ਰੁਪਏ, ਰਾਏਧਰਾਣਾ ਤੋਂ ਢੰਡਿਆਲ ਤੱਕ ਸੜਕ ਲਈ 3 ਕਰੋੜ 78 ਲੱਖ ਰੁਪਏ, ਢੰਡਿਆਲ ਤੋਂ ਹਰਿਆਊ ਤੱਕ ਸੜਕ ਲਈ 1 ਕਰੋੜ 88 ਲੱਖ ਰੁਪਏ ਅਤੇ ਢੰਡਿਆਲ ਤੋਂ ਨਿਹਾਲਗੜ੍ਹ ਤੱਕ ਸੜਕ ਲਈ 3 ਕਰੋੜ 75 ਲੱਖ ਰੁਪਏ ਦੀ ਲਾਗਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨਾਲ ਪਿੰਡਾਂ ਦੀ ਆਪਸੀ ਆਵਾਜਾਈ ਸੁਖਾਲੀ ਹੋਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਦਿੜ੍ਹਬਾ ਹਲਕੇ ਵਿੱਚ 76 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਿੱਚ ਤਬਦੀਲ ਕਰਕੇ ਪਿੰਡਾਂ ਦੀ ਆਪਸੀ ਸੰਪਰਕ ਵਿਵਸਥਾ ਮਜ਼ਬੂਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਰੀਬ 45 ਹਜ਼ਾਰ ਕਿਲੋਮੀਟਰ ਨਵੀਆਂ ਸੜਕਾਂ ਬਣਾਈਆਂ ਗਈਆਂ ਹਨ ਅਤੇ ਮੌਜੂਦਾ ਸੜਕਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਢੰਡਿਆਲ ਵਿੱਚ ਹੋਏ ਹੋਰ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸ੍ਰੀ ਚੀਮਾ ਨੇ ਦੱਸਿਆ ਕਿ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦੇ ਕੰਮਾਂ ’ਤੇ ਕਰੋੜਾਂ ਰੁਪਏ ਖ਼ਰਚੇ ਗਏ ਹਨ ਅਤੇ ਸਕੂਲ ਦੀ ਇਮਾਰਤ ਨੂੰ ਵੀ ਅਪਗ੍ਰੇਡ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰ ਤੀਜੇ ਪਿੰਡ ਵਿੱਚ ਵੱਡਾ ਸਟੇਡੀਅਮ ਬਣਾਉਣ ਦਾ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤਾ ਗਿਆ ਹੈ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
