ਸੰਗਰੂਰ, 21 ਜੁਲਾਈ:- ਪੰਜਾਬ ਸਰਕਾਰ ਵੱਲੋਂ 22 ਜੁਲਾਈ, 2026 ਨੂੰ ਸੋਹਣ ਲਾਲ ਪਾਹਵਾ ਆਡੀਟੋਰੀਅਮ, ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿਖੇ “ਐਨ.ਆਰ.ਆਈ. ਮਿਲਣੀ 2026” ਕਰਵਾਈ ਜਾ ਰਹੀ ਹੈ। ਸੰਗਰੂਰ, ਲੁਧਿਆਣਾ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਲ ਅਫਸਰ, ਗੁਰਲੀਨ ਕੌਰ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਆਪਣੇ ਸਬੰਧ ਹੋਰ ਮਜ਼ਬੂਤ ਕਰਨ ਅਤੇ ਗੈਰ-ਨਿਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਦਰਪੇਸ਼ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਹੈ। 
ਉਨ੍ਹਾਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਯੋਗ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ, ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਅਤੇ ਆਪਣੀਆਂ ਸਮੱਸਿਆਵਾਂ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ।