ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦੀ ਨਿਯਮਤ ਸਮੀਖਿਆ ਕਰਨ, ਤਾਂ ਜੋ ਇਨ੍ਹਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਮੀਟਿੰਗ ਦੌਰਾਨ ਪ੍ਰਿਆਂਕ ਕਾਨੂੰਨਗੋ ਨੇ ਜ਼ਿਲ੍ਹਾ ਪੁਲਿਸ ਤੋਂ ਪੋਕਸੋ ਐਕਟ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਪ੍ਰਾਪਤ ਸ਼ਿਕਾਇਤਾਂ ਅਤੇ ਉਨ੍ਹਾਂ ’ਤੇ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੀ.ਪੀ.ਈ. ਕਿੱਟਾਂ, ਨਮਸਤੇ ਯੋਜਨਾ ਅਤੇ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ ਤੋਂ ਸਿੱਖਿਆ ਦਾ ਅਧਿਕਾਰ ਐਕਟ ਤਹਿਤ ਕੀਤੀ ਗਈ ਕਾਰਵਾਈ ਅਤੇ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਨੇ ਸਿਹਤ ਵਿਭਾਗ ਦੀ ਆਰ.ਬੀ.ਐੱਸ.ਕੇ. ਯੋਜਨਾ, ਪੰਜਾਬ ਹੁਨਰ ਵਿਕਾਸ ਕਮਿਸ਼ਨ, ਆਰਸੇਟੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਧੀਨ ਚਲਾਈਆਂ ਜਾ ਰਹੀਆਂ ਯੋਜਨਾਵਾਂ, ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਤੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਸਮੇਤ ਹੋਰ ਕੇਂਦਰੀ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਯੋਜਨਾਵਾਂ ਦਾ ਲਾਭ ਲੋੜਵੰਦ ਅਤੇ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਮਿਲੇ।
ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬੰਧਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਲਈ ਨਿਰਦੇਸ਼ ਦਿੱਤੇ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇਗਾ।
ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਾਨੂੰਨ ਅਨੁਸਾਰ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਖ਼ਾਸ ਤੌਰ ’ਤੇ ਪੋਕਸੋ ਐਕਟ ਨਾਲ ਸਬੰਧਤ ਮਾਮਲਿਆਂ ਵਿੱਚ ਸੰਵੇਦਨਸ਼ੀਲਤਾ ਨਾਲ ਕਾਰਵਾਈ ਕੀਤੀ ਜਾਂਦੀ ਹੈ ਅਤੇ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।
ਇਸ ਤੋਂ ਪਹਿਲਾਂ ਪ੍ਰਿਆਂਕ ਕਾਨੂੰਨਗੋ ਨੇ ਮੁਕੇਰੀਆਂ ਖੇਤਰ ਦੇ ਕਸਬਾ ਭੰਗਾਲਾ ਅਤੇ ਪਿੰਡ ਨਮੋਲੀ, ਤਲਵਾੜਾ ਤੇ ਘੋਗਰਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸਮੇਂ ਸਿਰ ਕਾਰਵਾਈ ਕਰਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਕਿਸੇ ਵੀ ਸਮੱਸਿਆ ਨੂੰ ਸਬੰਧਤ ਅਧਿਕਾਰੀਆਂ ਅਤੇ ਕਮਿਸ਼ਨ ਦੇ ਧਿਆਨ ਵਿੱਚ ਲਿਆਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਮਾਜ, ਪਰਿਵਾਰਾਂ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨੂੰ ਵੀ ਅਹਿਮ ਦੱਸਿਆ।
ਇਸ ਮੌਕੇ ਏ.ਡੀ.ਸੀ. (ਜਨਰਲ) ਮੇਜਰ (ਡਾ.) ਸੁਮਿਤ ਮੁੱਧ, ਏ.ਡੀ.ਸੀ. ਦਸੂਹਾ ਅਮਨਦੀਪ ਕੌਰ ਘੁੰਮਣ, ਆਈ.ਏ.ਐੱਸ. ਅਧਿਕਾਰੀ ਗੁਰਕੰਵਲ ਸਿੰਘ, ਐੱਸ.ਡੀ.ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐੱਸ.ਪੀ. ਨਵਨੀਤ ਕੌਰ, ਐੱਸ.ਪੀ. ਐੱਨ.ਐੱਸ. ਮਾਹਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
