ਨਵਾਂਸ਼ਹਿਰ:- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 28 ਜੂਨ ਤੋਂ ਸ਼ੁਰੂ ਹੋ ਰਹੀ ਤਿੰਨ ਰੋਜ਼ਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ **ਗੁਲਪ੍ਰੀਤ ਸਿੰਘ ਔਲਖ** ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ ਅਤੇ ਇਸ ਰਾਸ਼ਟਰੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਲੀਓ ਇੱਕ ਗੰਭੀਰ ਬਿਮਾਰੀ ਹੈ, ਜੋ ਬੱਚਿਆਂ ਵਿੱਚ ਸਥਾਈ ਅਪਾਹਜਤਾ ਦਾ ਕਾਰਨ ਬਣ ਸਕਦੀ ਹੈ। ਇਸ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹਰ ਵਾਰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਪੋਲੀਓ ਮੁਕਤ ਦੇਸ਼ ਹੈ, ਪਰ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿੱਚ ਅਜੇ ਵੀ ਪੋਲੀਓ ਵਾਇਰਸ ਮੌਜੂਦ ਹੈ, ਜਿਸ ਕਾਰਨ ਲਗਾਤਾਰ ਸਾਵਧਾਨੀ ਵਰਤਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ 28 ਜੂਨ ਨੂੰ ਜ਼ਿਲ੍ਹੇ ਭਰ ਵਿੱਚ ਸਥਾਪਿਤ ਪੋਲੀਓ ਬੂਥਾਂ 'ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਤੋਂ ਬਾਅਦ 29 ਅਤੇ 30 ਜੂਨ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ, ਜੋ ਪਹਿਲੇ ਦਿਨ ਕਿਸੇ ਕਾਰਨ ਬੂਥਾਂ ਤੱਕ ਨਹੀਂ ਪਹੁੰਚ ਸਕਣਗੇ।
ਸ. ਔਲਖ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਭਰਮ ਵਿੱਚ ਨਾ ਆਉਣ ਅਤੇ ਆਪਣੇ ਹਰ ਬੱਚੇ ਨੂੰ ਇਸ ਮੁਹਿੰਮ ਦੌਰਾਨ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ, ਭਾਵੇਂ ਬੱਚੇ ਦਾ ਪਹਿਲਾਂ ਨਿਯਮਤ ਟੀਕਾਕਰਨ ਹੋ ਚੁੱਕਾ ਹੋਵੇ ਜਾਂ ਉਸ ਨੂੰ ਪਹਿਲਾਂ ਵੀ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ ਹੋਣ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮੁਹਿੰਮ ਦੇ ਸਫ਼ਲ ਸੰਚਾਲਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੇ ਨਾਲ ਹੀ ਸਮਾਜਿਕ, ਧਾਰਮਿਕ ਅਤੇ ਸਵੈ-ਸੇਵੀ ਸੰਸਥਾਵਾਂ, ਪੰਚਾਇਤ ਨੁਮਾਇੰਦਿਆਂ, ਆਸ਼ਾ ਵਰਕਰਾਂ ਅਤੇ ਆਮ ਲੋਕਾਂ ਨੂੰ ਵੀ ਇਸ ਜਨਹਿੱਤ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਜ਼ਿਲ੍ਹਾ ਵਾਸੀਆਂ ਦੇ ਭਰਪੂਰ ਸਹਿਯੋਗ ਨਾਲ ਜ਼ਿਲ੍ਹੇ ਦਾ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹੇਗਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੋਲੀਓ ਮੁਕਤ ਭਾਰਤ ਦੀ ਮਜ਼ਬੂਤੀ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ।
28 ਜੂਨ ਨੂੰ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਓ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ
