ਪਟਿਆਲਾ, 25 ਜੁਲਾਈ:- ਕਾਰਗਿਲ ਵਿਜੇ ਦਿਵਸ ਦੇ ਮੌਕੇ 'ਤੇ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿੱਚ ਵਿਸ਼ੇਸ਼ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਭਾਰਤੀ ਸੈਨਿਕਾਂ ਦੀਆਂ ਸ਼ਹਾਦਤਾਂ ਨੂੰ ਨਮਨ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਐਨ.ਸੀ.ਸੀ. ਕੈਡਿਟਾਂ ਨੂੰ ਦੇਸ਼ ਭਗਤੀ, ਅਨੁਸ਼ਾਸਨ ਅਤੇ ਸੇਵਾ ਭਾਵਨਾ ਦਾ ਸੰਦੇਸ਼ ਦਿੱਤਾ ਗਿਆ।
ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਭਾਰਤੀ ਸੈਨਿਕਾਂ ਦੀ ਬਹਾਦਰੀ, ਦੇਸ਼ ਪ੍ਰਤੀ ਸਮਰਪਣ, ਅਨੁਸ਼ਾਸਨ ਅਤੇ ਕੁਰਬਾਨੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਆਪ ਦੇ ਨਾਲ-ਨਾਲ ਦੇਸ਼, ਸਮਾਜ, ਪਰਿਵਾਰ ਅਤੇ ਵਾਤਾਵਰਨ ਨੂੰ ਸੁੰਦਰ, ਸਵੱਛ, ਸੁਰੱਖਿਅਤ, ਖੁਸ਼ਹਾਲ ਅਤੇ ਵਿਕਸਤ ਬਣਾਉਣ ਲਈ ਸੈਨਿਕਾਂ ਵਾਂਗ ਸਮਰਪਿਤ ਹੋ ਕੇ ਯਤਨ ਕਰਨੇ ਚਾਹੀਦੇ ਹਨ।
ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਐਕੀਕ੍ਰਿਤ ਕੇਂਦਰ, ਸਾਕੇਤ ਹਸਪਤਾਲ ਦੀ ਡਾਇਰੈਕਟਰ ਸ਼੍ਰੀਮਤੀ ਪਰਵਿੰਦਰ ਕੌਰ ਵਰਮਾ ਅਤੇ ਗੁਰਮੀਤ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨਸ਼ੇ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ, ਅਪਰਾਧਾਂ, ਮਾੜੀਆਂ ਆਦਤਾਂ ਅਤੇ ਲਾਲਚ ਤੋਂ ਦੂਰ ਰਹਿ ਕੇ ਸਿਹਤਮੰਦ, ਸੁਰੱਖਿਅਤ ਅਤੇ ਖੁਸ਼ਹਾਲ ਜੀਵਨ ਅਪਣਾਉਣ ਦੀ ਅਪੀਲ ਕੀਤੀ।
ਸ਼੍ਰੀ ਕਾਕਾ ਰਾਮ ਵਰਮਾ, ਚੀਫ਼ ਟ੍ਰੇਨਰ, ਫਸਟ ਏਡ, ਸੇਫਟੀ, ਸਿਹਤ ਜਾਗਰੂਕਤਾ ਮਿਸ਼ਨ ਨੇ ਕਿਹਾ ਕਿ ਹਾਦਸਿਆਂ, ਆਪਦਾਵਾਂ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਵਿਦਿਆਰਥੀਆਂ ਨੂੰ ਫਸਟ ਏਡ ਅਤੇ ਸੁਰੱਖਿਆ ਸਬੰਧੀ ਸਿਖਲਾਈ ਲੈ ਕੇ ਲੋੜਵੰਦਾਂ ਦੇ ਮਦਦਗਾਰ ਬਣਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ।
ਸਮਾਗਮ ਦੇ ਮੁੱਖ ਮਹਿਮਾਨ ਡਾ. ਰਾਕੇਸ਼ ਵਰਮੀ, ਪ੍ਰਧਾਨ ਡੈਡੀਕੇਟਿਡ ਬ੍ਰਦਰਜ਼ ਗਰੁੱਪ ਨੇ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ, ਨਵੀਨਤਾਕਾਰੀ ਗਤੀਵਿਧੀਆਂ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਪਰਾਲਿਆਂ, ਅਨੁਸ਼ਾਸਨ ਅਤੇ ਸ਼ਿਸ਼ਟਾਚਾਰ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨਸ਼ਾ ਮੁਕਤੀ, ਸਿਹਤ, ਸੁਰੱਖਿਆ ਅਤੇ ਵਾਤਾਵਰਨ ਸੰਭਾਲ ਸਬੰਧੀ ਸ਼ਾਨਦਾਰ ਪੇਂਟਿੰਗਾਂ ਬਣਾਉਣ ਅਤੇ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।
ਅੰਤ ਵਿੱਚ ਐਨ.ਸੀ.ਸੀ. ਅਫ਼ਸਰ ਸੱਚਨਾ ਸ਼ਰਮਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਦੇ ਵਿਚਾਰਾਂ, ਵਿਵਹਾਰ ਅਤੇ ਆਦਤਾਂ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਉਹ ਸੈਨਿਕਾਂ ਵਾਂਗ ਬਹਾਦਰ, ਅਨੁਸ਼ਾਸਿਤ, ਸਿਹਤਮੰਦ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ।
ਕਾਰਗਿਲ ਵਿਜੇ ਦਿਵਸ ਮੌਕੇ ਵੀਰ ਹਕੀਕਤ ਰਾਏ ਸਕੂਲ ਵਿੱਚ ਸਮਾਗਮ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
