ਨਵਾਂਸ਼ਹਿਰ, 23 ਜੁਲਾਈ:- ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮਾਪਿਆਂ, ਵਿਦਿਆਰਥੀਆਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਯੋਗ ਵਿਦਿਆਰਥੀਆਂ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2027 ਰਾਹੀਂ ਛੇਵੀਂ ਜਮਾਤ ਵਿੱਚ ਦਾਖਲੇ ਲਈ ਨਿਰਧਾਰਤ ਸਮੇਂ ਅੰਦਰ ਆਨਲਾਈਨ ਅਰਜ਼ੀਆਂ ਭਰਨ ਲਈ ਪ੍ਰੇਰਿਤ ਕਰਨ।
ਉਨ੍ਹਾਂ ਦੱਸਿਆ ਕਿ ਨਵੋਦਿਆ ਵਿਦਿਆਲਿਆ ਸਮਿਤੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2027 ਦਾ ਆਯੋਜਨ 28 ਨਵੰਬਰ 2026 ਨੂੰ ਕੀਤਾ ਜਾਵੇਗਾ। ਇਸ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ 2026 ਨਿਰਧਾਰਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਵਿਦਿਆਰਥੀ ਨਵੋਦਿਆ ਵਿਦਿਆਲਿਆ ਸਮਿਤੀ ਦੀ ਅਧਿਕਾਰਤ ਵੈੱਬਸਾਈਟ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਜਵਾਹਰ ਨਵੋਦਿਆ ਵਿਦਿਆਲਿਆ ਪੇਂਡੂ ਖੇਤਰਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ, ਗੁਣਵੱਤਾ ਭਰਪੂਰ ਅਤੇ ਰਿਹਾਇਸ਼ੀ ਸਿੱਖਿਆ ਪ੍ਰਦਾਨ ਕਰਦਾ ਹੈ। ਇੱਥੇ ਵਿਦਿਆਰਥੀਆਂ ਨੂੰ ਰਿਹਾਇਸ਼, ਭੋਜਨ, ਕਿਤਾਬਾਂ, ਵਰਦੀ ਅਤੇ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਭਾਰਤ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਇਸ ਯੋਜਨਾ ਦੀ ਜਾਣਕਾਰੀ ਜ਼ਿਲ੍ਹੇ ਦੇ ਹਰ ਯੋਗ ਅਤੇ ਲੋੜਵੰਦ ਵਿਦਿਆਰਥੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਕੋਈ ਵੀ ਹੋਣਹਾਰ ਬੱਚਾ ਇਸ ਸੁਨਹਿਰੀ ਮੌਕੇ ਤੋਂ ਵਾਂਝਾ ਨਾ ਰਹਿ ਜਾਵੇ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਖਰੀ ਮਿਤੀ ਦੀ ਉਡੀਕ ਕਰਨ ਦੀ ਬਜਾਏ ਆਪਣੇ ਬੱਚਿਆਂ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਪੂਰੀ ਕਰਨ। ਕਿਸੇ ਵੀ ਤਕਨੀਕੀ ਜਾਂ ਹੋਰ ਜਾਣਕਾਰੀ ਲਈ ਜਵਾਹਰ ਨਵੋਦਿਆ ਵਿਦਿਆਲਿਆ, ਪੌਜੇਵਾਲ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।