ਦਿੜ੍ਹਬਾ, 10 ਅਕਤੂਬਰ:- ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਸ੍ਰੀ ਤਪਿੰਦਰ ਸਿੰਘ ਸੋਹੀ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਸ਼ਾਦੀਹਰੀ ਵਿਖੇ ਦਿੜ੍ਹਬਾ ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਇਹ ਲੀਗ ਸਪੋਰਟਸ ਵੈਲਫੇਅਰ ਦੇ ਚੇਅਰਮੈਨ ਸ੍ਰੀ ਸਤਪਾਲ ਮਾਹੀ ਖਡਿਆਲ ਅਤੇ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਸ੍ਰੀ ਪ੍ਰੀਤਮ ਸਿੰਘ ਪੀਤੂ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ, ਜਿਸ ਵਿੱਚ ਕਰੀਬ 58 ਕ੍ਰਿਕਟ ਟੀਮਾਂ ਹਿੱਸਾ ਲੈਣਗੀਆਂ। ਜ਼ਿਕਰਯੋਗ ਹੈ ਕਿ ਪਿੰਡ ਸ਼ਾਦੀਹਰੀ ਦਾ ਸਟੇਡੀਅਮ ਸੰਗਰੂਰ ਜ਼ਿਲ੍ਹੇ ਦੇ ਬਿਹਤਰੀਨ ਸਟੇਡੀਅਮਾਂ ਵਿੱਚੋਂ ਇੱਕ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦੀ ਉਸਾਰੀ ਨਾਲ ਨੌਜਵਾਨਾਂ ਨੂੰ ਆਪਣੇ ਘਰਾਂ ਨੇੜੇ ਅਭਿਆਸ ਕਰਨ ਅਤੇ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲ ਰਹੇ ਹਨ।
ਸ੍ਰੀ ਸੋਹੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮਿਹਨਤ ਨਾਲ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਮੁਕਾਬਲਿਆਂ ਦਾ ਨਿਰੰਤਰ ਆਯੋਜਨ ਜ਼ਰੂਰੀ ਹੈ।
ਪਿੰਡ ਸ਼ਾਦੀਹਰੀ ਦੇ ਖੇਡ ਸਟੇਡੀਅਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਪੰਚ ਸ੍ਰੀ ਜਗਸੀਰ ਸਿੰਘ ਜੱਗਾ ਦੇ ਯਤਨਾਂ ਸਦਕਾ ਪਿੰਡ ਵਿੱਚ ਸ਼ਾਨਦਾਰ ਸਟੇਡੀਅਮ ਬਣ ਕੇ ਤਿਆਰ ਹੋਇਆ ਹੈ, ਜਿੱਥੋਂ ਦਿੜ੍ਹਬਾ ਕ੍ਰਿਕਟ ਲੀਗ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਲੀਗ ਕਈ ਦਿਨਾਂ ਤੱਕ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲੇਗੀ ਅਤੇ ਖਿਡਾਰੀਆਂ ਨੂੰ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰੇਗੀ।
ਸ੍ਰੀ ਤਪਿੰਦਰ ਸਿੰਘ ਸੋਹੀ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਬੱਡੀ, ਖੋ-ਖੋ ਅਤੇ ਹੋਰ ਖੇਡਾਂ ਦੀਆਂ ਲੀਗਾਂ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੜਕੀਆਂ ਦੀ ਖੇਡਾਂ ਵਿੱਚ ਭਾਗੀਦਾਰੀ ਵਧਾਉਣ ਲਈ ਵੀ ਜਲਦੀ ਹੀ ਲੀਗ ਕਰਵਾਈ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਮੁਕਾਬਲਿਆਂ ਵਿੱਚ ਅੱਗੇ ਵਧਣ ਦੇ ਹੋਰ ਮੌਕੇ ਮਿਲ ਸਕਣ।
ਇਸ ਮੌਕੇ ਚੇਅਰਮੈਨ ਸ੍ਰੀ ਪ੍ਰੀਤਮ ਸਿੰਘ ਪੀਤੂ, ਸ੍ਰੀ ਸਤਪਾਲ ਮਾਹੀ ਖਡਿਆਲ, ਚੇਅਰਪਰਸਨ ਸ੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਅਤੇ ਚੇਅਰਮੈਨ ਸ੍ਰੀ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਕਿ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਲਕਾ ਦਿੜ੍ਹਬਾ ਵਿੱਚ 38 ਨਵੇਂ ਖੇਡ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਹ ਸਟੇਡੀਅਮ ਕੌਮੀ ਪੱਧਰ ਦੀਆਂ ਖੇਡ ਲੋੜਾਂ ਅਤੇ ਤਕਨੀਕੀ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਖੇਡਾਂ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਖੇਡ ਢਾਂਚੇ ਦੇ ਵਿਕਾਸ ਦੇ ਨਾਲ ਅਜਿਹੀਆਂ ਲੀਗਾਂ ਦਾ ਆਯੋਜਨ ਪਿੰਡਾਂ ਦੇ ਹੋਣਹਾਰ ਖਿਡਾਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਅਤੇ ਖੇਡ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।
ਪਿੰਡ ਸ਼ਾਦੀਹਰੀ ਦੇ ਸਰਪੰਚ ਸ੍ਰੀ ਜਗਸੀਰ ਸਿੰਘ ਜੱਗਾ ਨੇ ਮਹਿਮਾਨਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਪੂਰੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡੀ ਜਾਣ ਵਾਲੀ ਦਿੜ੍ਹਬਾ ਕ੍ਰਿਕਟ ਲੀਗ ਦੀ ਸ਼ੁਰੂਆਤ ਉਨ੍ਹਾਂ ਦੇ ਪਿੰਡ ਤੋਂ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਆਯੋਜਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਪਿੰਡਾਂ ਵਿੱਚ ਆਪਸੀ ਸਾਂਝ ਅਤੇ ਭਾਈਚਾਰੇ ਨੂੰ ਵੀ ਮਜ਼ਬੂਤ ਕਰਦੇ ਹਨ।
