ਕਪੂਰਥਲਾ, 13 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਤਬਦੀਲੀਆਂ ਕਰ ਰਹੀ ਹੈ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਨੌਕਰੀਆਂ ਲੱਭਣ ਵਾਲਿਆਂ ਨੂੰ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਕਰਨ ਦੇ ਨਾਲ-ਨਾਲ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੁਜ਼ਗਾਰ ਦੀ ਅਣਦੇਖੀ ਕਾਰਨ ਹੀ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਮੌਕਿਆਂ ਦੀ ਭਾਲ ਕਰਨ ਲਈ ਮਜਬੂਰ ਹੋਣਾ ਪਿਆ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਚਾਰ ਸਾਲਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ’ਤੇ ਪਹੁੰਚਾਇਆ ਹੈ। ਉਨ੍ਹਾਂ ਨੌਜਵਾਨਾਂ ਨੂੰ ਸੂਬੇ ਦੇ ਸੁਨਹਿਰੀ ਭਵਿੱਖ ਦੀ ਨੀਂਹ ਸਿੱਖਿਆ ਅਤੇ ਖੇਡਾਂ ਨੂੰ ਬਣਾਉਣ ਦੀ ਅਪੀਲ ਕੀਤੀ। ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਪਾਰਟੀ ਨੂੰ ਗੁਜਰਾਤ ਤੋਂ ਨਸ਼ਿਆਂ ਦੀ ਸਪਲਾਈ ਰੋਕਣੀ ਚਾਹੀਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਨੂੰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਡਿਗਰੀ ਸਿਰਫ਼ ਕਾਗਜ਼ ਦਾ ਟੁਕੜਾ ਨਹੀਂ ਹੈ, ਸਗੋਂ ਇੱਕ ਅਜਿਹਾ ਸਰਟੀਫਿਕੇਟ ਹੈ ਜੋ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਮੌਕਾ ਦਿੰਦਾ ਹੈ। ਸਾਡਾ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਸਿੱਖਿਆ ਅਤੇ ਖੇਡਾਂ ਪੰਜਾਬ ਦੇ ਸੁਨਹਿਰੀ ਭਵਿੱਖ ਦੀਆਂ ਕੁੰਜੀਆਂ ਹਨ। ਡਿਗਰੀਆਂ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈਆਂ। ਮੈਂ ਉਨ੍ਹਾਂ ਦੇ ਸਫ਼ਲ ਭਵਿੱਖ ਦੀ ਕਾਮਨਾ ਕਰਦਾ ਹਾਂ। ਇਨਕਲਾਬ ਜ਼ਿੰਦਾਬਾਦ।”

ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਆਪਣੀ ਨਾਕਾਮੀ ਲਈ ਜਵਾਬਦੇਹ ਹੋਣਾ ਚਾਹੀਦਾ ਹੈ। ਮੈਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਪੱਸ਼ਟ ਕਰੇ ਕਿ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ ’ਤੇ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਗੁਜਰਾਤ ਅਤੇ ਦੇਸ਼ ਦੇ ਹੋਰ ਹਿੱਸਿਆਂ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਸਪਲਾਈ ਕਿਵੇਂ ਜਾਰੀ ਰਹੀ। ਪੰਜਾਬ ਕਿਸੇ ਨੂੰ ਵੀ ਨਸ਼ਾ ਤਸਕਰੀ ਦੇ ਕੌਮੀ ਪੱਖ ਨੂੰ ਅਣਡਿੱਠ ਕਰਕੇ ਸੂਬੇ ਨੂੰ ਨਿਸ਼ਾਨਾ ਬਣਾਉਣ, ਆਲੋਚਨਾ ਕਰਨ ਅਤੇ ਸਿਆਸੀ ਪ੍ਰਚਾਰ ਰਾਹੀਂ ਇਸ ਦੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ। ਜਿਹੜੇ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਅਸਫ਼ਲ ਰਹੇ ਹਨ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ।”

ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਰੰਗਲਾ ਪੰਜਾਬ ਬਣਾਉਣ ਲਈ ਆਪਣੇ ਗਿਆਨ, ਹੁਨਰ ਅਤੇ ਉੱਦਮੀ ਭਾਵਨਾ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਨਵੋਕੇਸ਼ਨ ਸਮਾਰੋਹ ਨੂੰ ਵਿਦਿਆਰਥੀਆਂ ਦੇ ਜੀਵਨ ਦਾ ਅਹਿਮ ਮੌਕਾ ਦੱਸਿਆ ਅਤੇ ਜ਼ੋਰ ਦਿੱਤਾ ਕਿ ਡਿਗਰੀ ਕਾਗਜ਼ ਦੇ ਟੁਕੜੇ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ, ਇੱਛਾਵਾਂ ਪੂਰੀਆਂ ਕਰਨ ਅਤੇ ਸਮਾਜ ਵਿੱਚ ਸਾਰਥਕ ਯੋਗਦਾਨ ਪਾਉਣ ਦਾ ਮੌਕਾ ਦਿੰਦੀ ਹੈ।

ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਹਕੀਕਤ ਵਿੱਚ ਬਦਲਣ ਲਈ ਅਣਥੱਕ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਮਹਾਨ ਪੰਜਾਬੀ ਕਵੀ ਅਵਤਾਰ ਪਾਸ਼ ਦੀਆਂ ਸਤਰਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮੁਸ਼ਕਲਾਂ ਸਾਹਮਣੇ ਕਦੇ ਵੀ ਆਪਣੇ ਸੁਪਨੇ ਨਾ ਤਿਆਗਣ। ਉਨ੍ਹਾਂ ਕਿਹਾ, “ਵਿਦਿਆਰਥੀ ਜੀਵਨ ਨੌਜਵਾਨਾਂ ਨੂੰ ਦੁਨੀਆ ਦੀਆਂ ਕੌੜੀਆਂ ਹਕੀਕਤਾਂ ਲਈ ਤਿਆਰ ਕਰਦਾ ਹੈ, ਜਿੱਥੇ ਸਫ਼ਲਤਾ ਲਈ ਦ੍ਰਿੜ੍ਹਤਾ, ਅਨੁਸ਼ਾਸਨ, ਨਵੀਨਤਾ ਅਤੇ ਵੱਖਰੇ ਢੰਗ ਨਾਲ ਸੋਚਣ ਦੀ ਹਿੰਮਤ ਦੀ ਲੋੜ ਹੁੰਦੀ ਹੈ। ਤੁਹਾਡਾ ਗਿਆਨ ਅਤੇ ਮੁਹਾਰਤ ਸਿਰਫ਼ ਨਿੱਜੀ ਤਰੱਕੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਇਨ੍ਹਾਂ ਦੀ ਵਰਤੋਂ ਸਮਾਜ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਕਰੋ।”

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੌਜਵਾਨਾਂ ਲਈ ਢੁਕਵੇਂ ਮੌਕੇ ਪੈਦਾ ਕਰਨ ਵਿੱਚ ਅਸਫ਼ਲ ਰਹੀਆਂ, ਜਿਸ ਕਾਰਨ ਬਹੁਤ ਸਾਰੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਲਈ ਵਿਦੇਸ਼ਾਂ ਵੱਲ ਦੇਖਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਪੰਜਾਬ ਦੇ ਨੌਜਵਾਨ ਆਪਣੀਆਂ ਇੱਛਾਵਾਂ ਪੂਰੀਆਂ ਕਰ ਸਕਣ ਅਤੇ ਸੂਬੇ ਵਿੱਚ ਹੀ ਸਫ਼ਲ ਕਰੀਅਰ ਬਣਾ ਸਕਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਿਆਰੀ ਅਤੇ ਪਹੁੰਚਯੋਗ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚੇ ਅਤੇ ਵਿਹਾਰਕ ਹੁਨਰਾਂ ’ਤੇ ਨਵੇਂ ਸਿਰੇ ਤੋਂ ਜ਼ੋਰ ਦਿੰਦਿਆਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਤਬਦੀਲੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੁਧਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਦੇ ਤਿੰਨਾਂ ਵਿੰਗਾਂ ਵਿਚਕਾਰ ਇੱਕੋ ਮੰਤਰੀ ਦੀ ਅਗਵਾਈ ਹੇਠ ਬਿਹਤਰ ਤਾਲਮੇਲ ਕਾਇਮ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਸਰਕਾਰੀ ਸਕੂਲਾਂ ਨੂੰ ਫਰਨੀਚਰ, ਸਮਾਰਟ ਕਲਾਸਰੂਮਾਂ ਅਤੇ ਆਧੁਨਿਕ ਵਿਗਿਆਨ ਪ੍ਰਯੋਗਸ਼ਾਲਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਦਕਿ ਨਵੇਂ ਕੋਰਸ ਵਿਦਿਆਰਥੀਆਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਭਵਿੱਖ ਦੇ ਕਰੀਅਰ ਲਈ ਤਿਆਰ ਕਰ ਰਹੇ ਹਨ। ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਉਹੀ ਮਿਆਰੀ ਸਿੱਖਿਆ ਅਤੇ ਮੌਕੇ ਮਿਲਣ, ਜੋ ਵਿਸ਼ੇਸ਼ ਅਧਿਕਾਰ ਪ੍ਰਾਪਤ ਵਿਦਿਆਰਥੀਆਂ ਨੂੰ ਮਿਲਦੇ ਹਨ।”

ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਵਿਧੀਆਂ ਸਿੱਖਣ ਅਤੇ ਪੰਜਾਬ ਦੇ ਕਲਾਸਰੂਮਾਂ ਵਿੱਚ ਕੌਮਾਂਤਰੀ ਅਧਿਆਪਨ ਤਰੀਕੇ ਲਿਆਉਣ ਲਈ ਸਿੰਗਾਪੁਰ ਅਤੇ ਫਿਨਲੈਂਡ ਭੇਜਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ, “ਸਰਕਾਰ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਦਿਲਚਸਪ, ਆਪਸੀ ਭਾਗੀਦਾਰੀ ਵਾਲੀ ਅਤੇ ਅੱਜ ਦੀਆਂ ਲੋੜਾਂ ਅਨੁਸਾਰ ਢੁਕਵੀਂ ਬਣਾ ਰਹੀ ਹੈ। ਆਰਟੀਫ਼ੀਸ਼ਲ ਇੰਟੈਲੀਜੈਂਸ ਅਤੇ ਹੋਰ ਉੱਭਰ ਰਹੀਆਂ ਤਕਨਾਲੋਜੀਆਂ ਵਿਦਿਆਰਥੀਆਂ ਲਈ ਨਵੇਂ ਰਾਹ ਖੋਲ੍ਹ ਰਹੀਆਂ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੁਧਾਰਾਂ ਦਾ ਉਦੇਸ਼ ਨੌਜਵਾਨਾਂ ਨੂੰ ਤੇਜ਼ੀ ਨਾਲ ਮੁਕਾਬਲੇਬਾਜ਼ ਬਣ ਰਹੀ ਦੁਨੀਆ ਵਿੱਚ ਸਫ਼ਲ ਹੋਣ ਲਈ ਲੋੜੀਂਦੇ ਗਿਆਨ, ਆਤਮ-ਵਿਸ਼ਵਾਸ ਅਤੇ ਵਿਹਾਰਕ ਸਮਰੱਥਾਵਾਂ ਨਾਲ ਲੈਸ ਕਰਨਾ ਹੈ।

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਤਰੱਕੀ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਤੀ ਆਯੋਗ ਅਨੁਸਾਰ ਪੰਜਾਬ 2022 ਤੋਂ ਪਹਿਲਾਂ 27ਵੇਂ ਸਥਾਨ ਤੋਂ ਉੱਪਰ ਉੱਠ ਕੇ ਮੋਹਰੀ ਸਥਾਨ ’ਤੇ ਪਹੁੰਚ ਗਿਆ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ਅਧਿਆਪਨ ਦੇ ਮਿਆਰ ਮਜ਼ਬੂਤ ਕਰਨ ਅਤੇ ਆਰਥਿਕ ਪਿਛੋਕੜ ਦੀ ਪਰਵਾਹ ਕੀਤੇ ਬਿਨਾਂ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਲਈ ਕੀਤੇ ਲਗਾਤਾਰ ਯਤਨਾਂ ਨੂੰ ਦਿੱਤਾ।

ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ ਕਿ ਵਿੱਤੀ ਹਾਲਾਤ ਕਿਸੇ ਵੀ ਹੁਨਰਮੰਦ ਵਿਦਿਆਰਥੀ ਨੂੰ ਆਪਣੀ ਸਮਰੱਥਾ ਹਾਸਲ ਕਰਨ ਤੋਂ ਨਾ ਰੋਕਣ। ਉਨ੍ਹਾਂ ਕਿਹਾ, “ਸਿੱਖਿਆ ਬਰਾਬਰੀ ਅਤੇ ਖੁਸ਼ਹਾਲੀ ਵਾਲੇ ਸਮਾਜ ਦੀ ਨੀਂਹ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇ ਅਤੇ ਮੌਕੇ ਸਿਰਫ਼ ਉਨ੍ਹਾਂ ਤੱਕ ਸੀਮਤ ਨਾ ਰਹਿਣ ਜੋ ਮਹਿੰਗੇ ਅਦਾਰਿਆਂ ਵਿੱਚ ਸੀਟਾਂ ਖਰੀਦ ਸਕਦੇ ਹਨ। ਅਸੀਂ ਨੌਜਵਾਨਾਂ ਨੂੰ ਆਧੁਨਿਕ ਹੁਨਰਾਂ, ਤਕਨੀਕੀ ਗਿਆਨ ਅਤੇ ਉੱਦਮੀ ਸੋਚ ਨਾਲ ਲੈਸ ਕਰਨਾ ਚਾਹੁੰਦੇ ਹਾਂ, ਤਾਂ ਜੋ ਉਹ ਨੌਕਰੀਆਂ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਪਰਿਵਾਰਾਂ ਦੇ 882 ਵਿਦਿਆਰਥੀਆਂ ਦਾ ਨੀਟ ਪ੍ਰੀਖਿਆ ਵਿੱਚ ਸਫ਼ਲ ਹੋਣਾ ਇਹ ਸਾਬਤ ਕਰਦਾ ਹੈ ਕਿ ਪ੍ਰਤਿਭਾ ਸਿਰਫ਼ ਵਿਸ਼ੇਸ਼ ਅਧਿਕਾਰ ਪ੍ਰਾਪਤ ਲੋਕਾਂ ਦੀ ਜਾਇਦਾਦ ਨਹੀਂ ਹੈ। ਜਦੋਂ ਵਿਦਿਆਰਥੀਆਂ ਨੂੰ ਸਹੀ ਮੌਕੇ ਅਤੇ ਸਹਾਇਤਾ ਦਿੱਤੀ ਜਾਂਦੀ ਹੈ, ਤਾਂ ਉਹ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ।

ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਵਜ਼ੀਫ਼ਿਆਂ ਦੀ ਅਦਾਇਗੀ ਵਿੱਚ ਇੱਕ ਸਮੈਸਟਰ ਲਈ ਵੀ ਦੇਰੀ ਨਹੀਂ ਹੋਣ ਦਿੱਤੀ। ਇਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਪਿਛੋਕੜ ਵਾਲੇ ਵਿਦਿਆਰਥੀ ਬਿਨਾਂ ਕਿਸੇ ਬੇਲੋੜੀ ਵਿੱਤੀ ਅਨਿਸ਼ਚਿਤਤਾ ਦੇ ਆਪਣੀ ਉੱਚ ਸਿੱਖਿਆ ਜਾਰੀ ਰੱਖ ਸਕਦੇ ਹਨ। ਉਨ੍ਹਾਂ ਕਿਹਾ, “ਪ੍ਰਤਿਭਾ ਸਮਾਜ ਦੇ ਹਰ ਵਰਗ ਵਿੱਚ ਮੌਜੂਦ ਹੈ। ਨੌਜਵਾਨਾਂ ਨੂੰ ਨਿਰਪੱਖ ਮੌਕੇ, ਮਿਆਰੀ ਸਿੱਖਿਆ ਅਤੇ ਸਹੀ ਸਹਾਇਤਾ ਦੀ ਲੋੜ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਵਿੱਤੀ ਅੜਿੱਕੇ ਸਿੱਖਿਆ ਦੇ ਰਾਹ ਵਿੱਚ ਰੁਕਾਵਟ ਨਾ ਬਣਨ ਅਤੇ ਯੋਗ ਵਿਦਿਆਰਥੀ ਆਪਣੇ ਸੁਪਨੇ ਸਾਕਾਰ ਕਰ ਸਕਣ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਪੈਸੇ, ਸਿਫ਼ਾਰਸ਼ ਜਾਂ ਪੱਖਪਾਤ ਦੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ 70,685 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਪਾਰਦਰਸ਼ੀ ਭਰਤੀ ਨੇ ਨੌਜਵਾਨਾਂ ਦਾ ਆਤਮ-ਵਿਸ਼ਵਾਸ ਬਹਾਲ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਸਰਕਾਰੀ ਰੁਜ਼ਗਾਰ ਸਿਫ਼ਾਰਸ਼ ਦੀ ਬਜਾਏ ਸਖ਼ਤ ਮਿਹਨਤ ਅਤੇ ਯੋਗਤਾ ਰਾਹੀਂ ਹਾਸਲ ਕੀਤਾ ਜਾ ਸਕਦਾ ਹੈ। ਸਾਡੀ ਤਰਜੀਹ ਅਜਿਹਾ ਮਾਹੌਲ ਸਿਰਜਣਾ ਹੈ, ਜਿੱਥੇ ਹਰ ਯੋਗ ਨੌਜਵਾਨ ਨੂੰ ਸਫ਼ਲ ਹੋਣ ਦਾ ਮੌਕਾ ਮਿਲੇ।”

ਉਨ੍ਹਾਂ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਕਨਾਲੋਜੀ, ਨਵੀਨਤਾ, ਉਦਯੋਗ ਅਤੇ ਉੱਦਮਤਾ ਦੇ ਖੇਤਰਾਂ ਵਿੱਚ ਉੱਭਰ ਰਹੇ ਮੌਕਿਆਂ ਦਾ ਲਾਭ ਉਠਾਉਣ ਅਤੇ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਵਿਦਿਆਰਥੀਆਂ ਨੂੰ ਸਰਗਰਮ, ਉਦੇਸ਼ਪੂਰਨ ਅਤੇ ਆਪਣੇ ਟੀਚਿਆਂ ਪ੍ਰਤੀ ਵਚਨਬੱਧ ਰਹਿਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਮੌਕੇ ਪੈਦਾ ਕਰਨਾ ਅਤੇ ਲੋੜੀਂਦੀ ਸਹਾਇਤਾ ਦੇਣਾ ਹੈ, ਜਦਕਿ ਨੌਜਵਾਨਾਂ ਨੂੰ ਉੱਚਾਈਆਂ ਤੱਕ ਪਹੁੰਚਣ ਲਈ ਉਨ੍ਹਾਂ ਮੌਕਿਆਂ ਦੀ ਵਰਤੋਂ ਕਰਨੀ ਪਵੇਗੀ। ਉਨ੍ਹਾਂ ਕਿਹਾ, “ਸਰਕਾਰ ਹਵਾਈ ਅੱਡੇ ਦੇ ਰਨਵੇਅ ਵਾਂਗ ਹੁੰਦੀ ਹੈ, ਜੋ ਹਵਾਈ ਜਹਾਜ਼ ਨੂੰ ਉਡਾਣ ਭਰਨ ਲਈ ਮੰਚ ਪ੍ਰਦਾਨ ਕਰਦੀ ਹੈ। ਅਸੀਂ ਮੌਕੇ ਪੈਦਾ ਕਰ ਸਕਦੇ ਹਾਂ ਅਤੇ ਸਹਾਇਤਾ ਦੇ ਸਕਦੇ ਹਾਂ, ਪਰ ਉੱਚਾਈਆਂ ਤੱਕ ਪਹੁੰਚਣਾ ਨੌਜਵਾਨਾਂ ’ਤੇ ਨਿਰਭਰ ਕਰਦਾ ਹੈ। ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਪ੍ਰਤਿਭਾ ਹੈ ਅਤੇ ਸਾਡੀ ਤਰਜੀਹ ਅਜਿਹਾ ਮਾਹੌਲ ਸਿਰਜਣਾ ਹੈ, ਜਿੱਥੇ ਉਨ੍ਹਾਂ ਦੀ ਸਮਰੱਥਾ ਦਾ ਪੂਰਾ ਲਾਭ ਸੂਬੇ ਦੇ ਅੰਦਰ ਹੀ ਲਿਆ ਜਾ ਸਕੇ।”

ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ, ਪੰਜਾਬ ਦੀਆਂ ਕਦਰਾਂ-ਕੀਮਤਾਂ ਕਾਇਮ ਰੱਖਣ ਅਤੇ ਦੂਜਿਆਂ ਲਈ ਪ੍ਰੇਰਨਾ ਦਾ ਸਰੋਤ ਬਣਨ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਹ ਵੀ ਕਿਹਾ ਕਿ ਉਹ ਆਪਣੇ ਗਿਆਨ, ਤਜਰਬੇ ਅਤੇ ਮੁਹਾਰਤ ਦੀ ਵਰਤੋਂ ਉਨ੍ਹਾਂ ਲੋਕਾਂ ਦੀ ਮਦਦ ਲਈ ਕਰਨ, ਜਿਨ੍ਹਾਂ ਕੋਲ ਮੌਕਿਆਂ ਤੱਕ ਪਹੁੰਚ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਪੜ੍ਹੀ-ਲਿਖੀ, ਹੁਨਰਮੰਦ, ਆਤਮ-ਵਿਸ਼ਵਾਸੀ ਅਤੇ ਸਮਾਜਿਕ ਤੌਰ ’ਤੇ ਜ਼ਿੰਮੇਵਾਰ ਨੌਜਵਾਨ ਪੀੜ੍ਹੀ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਹਰ ਬੱਚੇ ਲਈ ਮਿਆਰੀ ਸਿੱਖਿਆ ਅਤੇ ਹਰ ਯੋਗ ਨੌਜਵਾਨ ਲਈ ਨਿਰਪੱਖ ਮੌਕੇ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਦੇ ਛੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਦੀਪ ਸਿੰਘ, ਜੁਗਰਾਜ ਸਿੰਘ ਅਤੇ ਸੁਖਜੀਤ ਸਿੰਘ ਸ਼ਾਮਲ ਸਨ।

ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਸਮਰਪਣ, ਅਨੁਸ਼ਾਸਨ, ਲਗਨ ਅਤੇ ਟੀਮ ਭਾਵਨਾ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖੇਡਾਂ ਵਿੱਚ ਮਾਣਮੱਤਾ ਇਤਿਹਾਸ ਰਿਹਾ ਹੈ ਅਤੇ ਸੂਬੇ ਦੇ ਪੁੱਤਰ-ਧੀਆਂ ਕੌਮਾਂਤਰੀ ਪੱਧਰ ’ਤੇ ਮਾਣ ਨਾਲ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਕਿਹਾ, “ਸਾਡੇ ਹਾਕੀ ਖਿਡਾਰੀਆਂ ਦੀਆਂ ਪ੍ਰਾਪਤੀਆਂ ਪੰਜਾਬ ਅਤੇ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹਨ। ਉਨ੍ਹਾਂ ਦਾ ਸਮਰਪਣ ਅਤੇ ਸਖ਼ਤ ਮਿਹਨਤ ਦਰਸਾਉਂਦੀ ਹੈ ਕਿ ਅਨੁਸ਼ਾਸਨ ਅਤੇ ਲਗਨ ਪ੍ਰਤੀ ਅਟੁੱਟ ਵਚਨਬੱਧਤਾ ਨਾਲ ਕੀ ਕੁਝ ਹਾਸਲ ਕੀਤਾ ਜਾ ਸਕਦਾ ਹੈ।”

ਉਨ੍ਹਾਂ ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਪੰਜਾਬ ਦੀਆਂ ਤਿਆਰੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਇਸ ਨੂੰ ਕੌਮਾਂਤਰੀ ਮੰਚ ’ਤੇ ਸੂਬੇ ਦੇ ਖੇਡ ਸੱਭਿਆਚਾਰ, ਮਹਿਮਾਨਨਿਵਾਜ਼ੀ ਅਤੇ ਸੰਗਠਨਾਤਮਕ ਸਮਰੱਥਾ ਨੂੰ ਦਰਸਾਉਣ ਦਾ ਮਹੱਤਵਪੂਰਨ ਮੌਕਾ ਦੱਸਿਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਵਾਈਸ ਚਾਂਸਲਰ ਡਾ. ਅਰਵਿੰਦ ਕੁਮਾਰ ਬਾਂਸਲ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।