ਐਸ.ਏ.ਐਸ. ਨਗਰ (ਮੋਹਾਲੀ), 9 ਅਕਤੂਬਰ 2026:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਉਣੀ ਖਰੀਦ ਸੀਜ਼ਨ 2026-27 ਦੇ ਮੱਦੇਨਜ਼ਰ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਫ਼ਸਲ ਦੀ ਖਰੀਦ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਵਿਚਾਰ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਗਟਾਏ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ, ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਗੁਦਾਮਾਂ ਵਿੱਚ ਪਏ ਅਨਾਜ ਦੀ ਢੋਆ-ਢੁਆਈ ਨਾ ਕੀਤੇ ਜਾਣ ਕਾਰਨ ਨਵੀਂ ਫ਼ਸਲ ਦੇ ਭੰਡਾਰਨ ਸਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਝੋਨੇ ਦੇ ਖਰੀਦ ਸੀਜ਼ਨ ਦੌਰਾਨ ਵੱਡੀ ਮਾਤਰਾ ਵਿੱਚ ਫ਼ਸਲ ਮੰਡੀਆਂ ਵਿੱਚ ਪਹੁੰਚਦੀ ਹੈ, ਜਿਸ ਦੀ ਖਰੀਦ ਤੋਂ ਬਾਅਦ ਸਾਂਭ-ਸੰਭਾਲ ਅਤੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਹੋਣੀ ਬਹੁਤ ਜ਼ਰੂਰੀ ਹੈ। ਜੇ ਗੁਦਾਮਾਂ ਵਿੱਚ ਪਹਿਲਾਂ ਤੋਂ ਪਿਆ ਅਨਾਜ ਨਹੀਂ ਚੁੱਕਿਆ ਜਾਂਦਾ, ਤਾਂ ਨਵੀਂ ਫ਼ਸਲ ਦੇ ਭੰਡਾਰਨ ਸਬੰਧੀ ਚੁਣੌਤੀਆਂ ਵਧ ਸਕਦੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਗੁਦਾਮਾਂ ਵਿੱਚ ਪਿਆ ਅਨਾਜ ਜਲਦੀ ਤੋਂ ਜਲਦੀ ਚੁੱਕਿਆ ਜਾਵੇ।
ਸ. ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਖਰੀਦ ਕਾਰਜਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 14.86 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਸੀ, ਜਿਸ ਵਿੱਚੋਂ 13.90 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਸੀ। ਇਸ ਵਿੱਚੋਂ 13.70 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਸੀ। ਇਸ ਤਹਿਤ ਪਨਗ੍ਰੇਨ ਵੱਲੋਂ 5,61,824 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1,542 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3,94,764 ਮੀਟ੍ਰਿਕ ਟਨ, ਪਨਸਪ ਵੱਲੋਂ 2,49,075 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1,63,013 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਕੁੱਲ 2.37 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਪਿਛਲੇ ਵੀਰਵਾਰ ਨੂੰ 2,78,291 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਦਕਿ 2,76,234 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 1,886 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ, ਜਿੱਥੇ ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ, ਪਖਾਨਿਆਂ, ਛਾਂ ਅਤੇ ਬੈਠਣ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਸਮੇਤ ਕਿਸੇ ਨੂੰ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਫ਼ਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ 93 ਆਰਜ਼ੀ ਖਰੀਦ ਕੇਂਦਰ ਵੀ ਬਣਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰਨ ਲਈ ਟੈਲੀਫ਼ੋਨ ਨੰਬਰ 0172-5101649 ਅਤੇ 0172-5101704 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
