ਹੁਸ਼ਿਆਰਪੁਰ/ਦਲਜੀਤ ਅਜਨੋਹਾ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਗਾਤਾਰ ਚੱਲ ਰਹੀ ਝੋਨੇ ਦੀ ਖਰੀਦ ਦਾ ਅੱਜ ਇੱਥੇ ਜਾਇਜ਼ਾ ਲੈਂਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਘੱਟ ਤੋਂ ਘੱਟ ਸਮੇਂ ਵਿੱਚ ਖਰੀਦ ਹੋ ਸਕੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 65 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ, ਜਿੱਥੇ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 17,772 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 14,867 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 4.85 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਗਭਗ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਲੋੜ ਅਨੁਸਾਰ ਬਾਰਦਾਨੇ ਦੀ ਸਪਲਾਈ ਯਕੀਨੀ ਬਣਾਈ ਗਈ ਹੈ, ਤਾਂ ਜੋ ਫ਼ਸਲ ਦੀ ਨਿਰਧਾਰਤ ਸਮੇਂ ਵਿੱਚ ਲਿਫਟਿੰਗ ਹੋ ਸਕੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸੀਜ਼ਨ ਦੌਰਾਨ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ, ਜਿਸ ਦਾ ਕਿਸਾਨਾਂ ਵੱਲੋਂ ਵਿਸ਼ੇਸ਼ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਗਭਗ 4.15 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖੁਰਾਕ ਅਤੇ ਨਾਗਰਿਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਪ੍ਰਬੰਧਾਂ ਦੀ ਨਿਯਮਤ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵਿੱਚ ਮਾਰਕਫੈੱਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰਹਾਊਸ ਅਤੇ ਐਫ.ਸੀ.ਆਈ. ਸ਼ਾਮਲ ਹਨ, ਜੋ ਕਿਸਾਨਾਂ ਦੀ ਫ਼ਸਲ ਦੀ ਖਰੀਦ ਕਰਨਗੀਆਂ। ਜ਼ਿਕਰਯੋਗ ਹੈ ਕਿ ਇਸ ਸੀਜ਼ਨ ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਹੋਣ ਦੇ 24 ਘੰਟਿਆਂ ਦੇ ਅੰਦਰ ਨਿਰਧਾਰਤ ਅਦਾਇਗੀ ਕਰਨ ਦੇ ਨਾਲ-ਨਾਲ ਤੁਰੰਤ ਲਿਫਟਿੰਗ ਯਕੀਨੀ ਬਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਝੋਨੇ ਦੀ ਕਟਾਈ 'ਤੇ ਪਾਬੰਦੀ ਲਗਾਈ ਗਈ ਹੈ ਅਤੇ ਇਸ ਨੂੰ ਹਰ ਹਾਲ ਵਿੱਚ ਲਾਗੂ ਰੱਖਿਆ ਜਾਵੇਗਾ।