ਅੰਬਾਲਾ, 26 ਅਕਤੂਬਰ (ਆਰ. ਸਿੰਘ):- ਸ. ਜਸਕਰਨ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ’ਤੇ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਅਰਪਣ ਕੀਤੀ। ਜਥੇ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅੱਗੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਿਆਂ ਲਈ ਅਰਦਾਸ ਕੀਤੀ। ਇਹ ਜਥਾ ਬੀਤੀ ਦੇਰ ਰਾਤ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਪੁੱਜਾ ਸੀ।

ਜਸਕਰਨ ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਪੁੱਜੇ ਜਥੇ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਰਫ਼ੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਜਮੇਰ ਸਿੰਘ ਖੇੜਾ ਅਤੇ ਤਖ਼ਤ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਵੀ ਮੌਜੂਦ ਸਨ।

ਅੱਜ ਸਵੇਰੇ ਜਥੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਗੁਰੂ ਤੇਗ ਬਹਾਦਰ ਜੀ ਦੇ ਸੀਸ ਦੇ ਸਸਕਾਰ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਵੀ ਦਰਸ਼ਨ-ਦੀਦਾਰੇ ਕੀਤੇ। ਇਸ ਤੋਂ ਬਾਅਦ ਤਖ਼ਤ ਸਾਹਿਬ ਦੇ ਸ. ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿਖੇ ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਅਜਮੇਰ ਸਿੰਘ ਖੇੜਾ ਦੀ ਅਗਵਾਈ ਹੇਠ ਪ੍ਰਬੰਧਕਾਂ ਵੱਲੋਂ ਜਥੇ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।

ਜਥੇ ਦੇ ਆਗੂ ਸ. ਪਪਿੰਦਰ ਸਿੰਘ ਨੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਅਥਾਹ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੀਆਂ ਯਾਦਾਂ ਨੂੰ ਉਹ ਹਮੇਸ਼ਾ ਆਪਣੇ ਚੇਤਿਆਂ ਵਿੱਚ ਵਸਾ ਕੇ ਰੱਖਣਗੇ।

ਜਥੇ ਵਿੱਚ 31 ਮਰਦਾਂ, 17 ਔਰਤਾਂ ਅਤੇ ਇੱਕ ਬੱਚੇ ਸਮੇਤ ਕੁੱਲ 49 ਮੈਂਬਰ ਸ਼ਾਮਲ ਸਨ। ਦੱਸਣਯੋਗ ਹੈ ਕਿ ਇਹ ਜਥਾ 8 ਅਕਤੂਬਰ 2026 ਨੂੰ ਤਾਸ਼ਕੰਦ (ਉਜ਼ਬੇਕਿਸਤਾਨ) ਰਾਹੀਂ ਪਾਕਿਸਤਾਨ ਤੋਂ ਭਾਰਤ ਪਹੁੰਚਿਆ ਸੀ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਬੀਤੇ ਕੱਲ੍ਹ ਜਥੇ ਨੇ ਦਿੱਲੀ ਦੇ ਗੁਰਦੁਆਰਿਆਂ ਦੇ ਦਰਸ਼ਨ ਕੀਤੇ ਅਤੇ ਫਿਰ ਸ੍ਰੀ ਫਤਹਿਗੜ੍ਹ ਸਾਹਿਬ ਤੇ ਚਮਕੌਰ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜਾ। ਅੱਜ ਜਥਾ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਪਾਕਿਸਤਾਨੀ ਸਿੱਖ ਜਥਾ ਅੱਜ ਰਾਤ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪੁੱਜੇਗਾ। ਇਸ ਤੋਂ ਬਾਅਦ 30 ਅਕਤੂਬਰ ਨੂੰ ਜਥਾ ਦਿੱਲੀ ਤੋਂ ਤਾਸ਼ਕੰਦ ਰਾਹੀਂ ਹਵਾਈ ਜਹਾਜ਼ ਰਾਹੀਂ ਮੁੜ ਪਾਕਿਸਤਾਨ ਰਵਾਨਾ ਹੋਵੇਗਾ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੂਚਨਾ ਅਧਿਕਾਰੀ ਸ. ਹਰਪ੍ਰੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਉਪ-ਦਫ਼ਤਰ ਤੋਂ ਸ. ਗੁਰਪ੍ਰੀਤ ਸਿੰਘ ਭੁੱਲਰ ਵੀ ਹਾਜ਼ਰ ਸਨ।