ਮਾਨਸਾ:- ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਵੀਰਵਾਰ ਸ਼ਾਮ ਨੂੰ ਕਿਹਾ ਕਿ ਐਕਸ਼ਨ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਸਹਿਮਤੀ ਬਣੀ ਹੈ ਕਿ ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਪਰਿਵਾਰ ਪੋਸਟਮਾਰਟਮ ਲਈ ਸਹਿਮਤੀ ਨਹੀਂ ਦੇਵੇਗਾ। ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ, ਉਸ ਤੋਂ ਬਾਅਦ ਹੀ ਪੋਸਟਮਾਰਟਮ ਬਾਰੇ ਅਗਲਾ ਫ਼ੈਸਲਾ ਲਿਆ ਜਾਵੇਗਾ।
ਇਸ ਤੋਂ ਪਹਿਲਾਂ ਦਿਨ ਵੇਲੇ ਭੀਮ ਸਿੰਘ ਨੇ ਕਿਹਾ ਸੀ ਕਿ ਸਿੱਖ ਪੰਥ ਨੇ ਪਰਿਵਾਰ ਨੂੰ ਸਲਾਹ ਦਿੱਤੀ ਹੈ ਕਿ ਪਹਿਲਾਂ ਆਪਣੀਆਂ ਮੰਗਾਂ ਮਨਵਾਈਆਂ ਜਾਣ ਅਤੇ ਉਸ ਤੋਂ ਬਾਅਦ ਹੀ ਪੋਸਟਮਾਰਟਮ ਲਈ ਸਹਿਮਤੀ ਦਿੱਤੀ ਜਾਵੇ। ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਚੱਲ ਰਹੇ ਪ੍ਰਦਰਸ਼ਨ ਦਾ ਵੀਰਵਾਰ ਨੂੰ 10ਵਾਂ ਦਿਨ ਸੀ। ਇਹ ਪ੍ਰਦਰਸ਼ਨ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਤਿਕੋਣੀ ਅਤੇ ਸਿਵਲ ਹਸਪਤਾਲ ਵਿੱਚ ਜਾਰੀ ਹਨ, ਜਿੱਥੇ ਝੋਟਾ ਦੀ ਮ੍ਰਿਤਕ ਦੇਹ ਮੁਰਦਾਘਰ ਵਿੱਚ ਪਈ ਹੈ।
ਭੀਮ ਸਿੰਘ ਨੇ ਕਿਹਾ ਕਿ ਪਰਿਵਾਰ ਨਹੀਂ ਚਾਹੁੰਦਾ ਕਿ ਮ੍ਰਿਤਕ ਦੇਹ ਹਸਪਤਾਲ ਦੇ ਮੁਰਦਾਘਰ ਵਿੱਚ ਪਈ ਰਹੇ, ਪਰ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਹਿਲਾਂ ਮੰਗਾਂ ਮੰਨੀਆਂ ਜਾਣ। ਉਨ੍ਹਾਂ ਕਿਹਾ ਕਿ ਕੋਈ ਵੀ ਫ਼ੈਸਲਾ ਐਕਸ਼ਨ ਕਮੇਟੀ ਰਾਹੀਂ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ ਜਾਵੇਗਾ ਅਤੇ ਪੂਰੀ ‘ਸੰਗਤ’ ਦੀ ਪ੍ਰਵਾਨਗੀ ਨਾਲ ਹੀ ਲਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ, “ਫ਼ੈਸਲਾ ਹੋਣ ’ਤੇ ਜਾਂ ਤਾਂ ਮੈਂ ਜਾਂ ਮਨਪ੍ਰੀਤ ਕੌਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਾਂਗੇ।” ਉਨ੍ਹਾਂ ਦੁਹਰਾਇਆ ਕਿ ਪਰਿਵਾਰ ਸੀ.ਬੀ.ਆਈ. ਜਾਂਚ ਵਿੱਚ ਸਹਿਯੋਗ ਕਰੇਗਾ।
ਪਰਿਵਾਰ ਦੀਆਂ ਮੁੱਖ ਮੰਗਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ.ਜੀ.ਪੀ. ਦਾ ਅਸਤੀਫ਼ਾ, ਪੀ.ਜੀ.ਆਈ. ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਅਤੇ ਕਤਲ ਦੇ ਨਾਲ-ਨਾਲ ਨਸ਼ਾ ਤਸਕਰਾਂ, ਪੁਲਸ ਮੁਲਾਜ਼ਮਾਂ ਅਤੇ ਸਿਆਸੀ ਨੁਮਾਇੰਦਿਆਂ ਵਿਚਕਾਰ ਕਥਿਤ ਗਠਜੋੜ ਦੀ ਸੀ.ਬੀ.ਆਈ. ਜਾਂਚ ਸ਼ਾਮਲ ਹੈ। ਇਹ ਜਾਂਚ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।
ਹੋਰ ਮੰਗਾਂ ਵਿੱਚ ਝੋਟਾ ਦਾ ਬੁੱਤ ਲਗਾਉਣਾ, ਮਾਨਸਾ ਦੇ ਦੋ ਐੱਸ.ਐੱਚ.ਓਜ਼, ਇੱਕ ਡੀ.ਐੱਸ.ਪੀ. ਅਤੇ ਡਰੱਗ ਇੰਸਪੈਕਟਰ ਨੂੰ ਬਰਖ਼ਾਸਤ ਕਰਨਾ ਅਤੇ ਪਿੰਡ ਖਿਆਲਾ ਕਲਾਂ ਵਿੱਚ ਝੋਟਾ ਦੇ ਨਾਂ ’ਤੇ ਟਰੌਮਾ ਸੈਂਟਰ ਸਥਾਪਤ ਕਰਨਾ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਡੀ.ਐੱਸ.ਪੀ., ਡਰੱਗ ਇੰਸਪੈਕਟਰ ਅਤੇ ਇੱਕ ਐੱਸ.ਐੱਚ.ਓ. ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ।
ਪਰਿਵਾਰ ਨੇ ਇਹ ਵੀ ਮੰਗ ਕੀਤੀ ਹੈ ਕਿ ਮੁਲਜ਼ਮਾਂ ’ਤੇ ਫਾਸਟ-ਟਰੈਕ ਅਦਾਲਤ ਵਿੱਚ ਮੁਕੱਦਮਾ ਚਲਾਇਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਤੋਂ ਇਲਾਵਾ ਗੋਲੀਬਾਰੀ ਦੀ ਘਟਨਾ ਵਿੱਚ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਦਾ ਇਲਾਜ ਸਰਕਾਰੀ ਖ਼ਰਚੇ ’ਤੇ ਕਿਸੇ ਪ੍ਰਮੁੱਖ ਮੈਡੀਕਲ ਸੰਸਥਾ ਵਿੱਚ ਕਰਵਾਉਣ ਅਤੇ ਹਰੇਕ ਜ਼ਖ਼ਮੀ ਨੂੰ 20 ਲੱਖ ਰੁਪਏ ਦਾ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਦੇ ਪੈਨਲ, ਪੀੜਤ ਪਰਿਵਾਰ ਅਤੇ ਐਕਸ਼ਨ ਕਮੇਟੀ ਵਿਚਕਾਰ ਤੀਜੇ ਦੌਰ ਦੀ ਗੱਲਬਾਤ ਵੀਰਵਾਰ ਸਵੇਰੇ ਹੋਣੀ ਸੀ, ਪਰ ਸ਼ਾਮ ਤੱਕ ਨਹੀਂ ਹੋ ਸਕੀ। ਸੂਤਰਾਂ ਅਨੁਸਾਰ ਪਰਿਵਾਰ ਅਤੇ ਕਮੇਟੀ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ, ਕਿਉਂਕਿ ਬੁੱਧਵਾਰ ਸ਼ਾਮ ਦੀ ਮੀਟਿੰਗ ਸਮੇਤ ਪਿਛਲੇ ਦੋ ਦੌਰ ਦੀ ਗੱਲਬਾਤ ਬੇਨਤੀਜਾ ਰਹੀ ਸੀ।
