ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਐਚਸੀ ਬੀਨੇਵਾਲ ਵਿਖੇ ਐਸਐਮਓ ਡਾ. ਨਿਰਮਲ ਕੁਮਾਰ ਦੀ ਅਗਵਾਈ ਹੇਠ ਮਰੀਜ਼ਾਂ ਨੂੰ ਹੱਥ ਧੋਣ ਦੇ ਸਹੀ ਤਰੀਕੇ ਅਤੇ ਇਸ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਿਹਤ ਵਿਭਾਗ ਦੇ ਸਟਾਫ਼ ਨੇ ਮਰੀਜ਼ਾਂ ਨੂੰ ਦੱਸਿਆ ਕਿ ਸਿਹਤਮੰਦ ਜੀਵਨ ਲਈ ਹੱਥਾਂ ਦੀ ਸਫ਼ਾਈ ਬਹੁਤ ਜ਼ਰੂਰੀ ਹੈ। ਸਾਬਣ ਅਤੇ ਸਾਫ਼ ਪਾਣੀ ਨਾਲ ਸਹੀ ਤਰੀਕੇ ਨਾਲ ਹੱਥ ਧੋਣ ਦੀ ਆਦਤ ਅਪਣਾਉਣ ਨਾਲ ਦਸਤ, ਪੇਟ ਨਾਲ ਸਬੰਧਤ ਬਿਮਾਰੀਆਂ ਅਤੇ ਕਈ ਹੋਰ ਤਰ੍ਹਾਂ ਦੀਆਂ ਲਾਗਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ।
ਮਰੀਜ਼ਾਂ ਨੂੰ ਖਾਣਾ ਖਾਣ ਤੋਂ ਪਹਿਲਾਂ, ਪਖਾਨੇ ਦੀ ਵਰਤੋਂ ਕਰਨ ਤੋਂ ਬਾਅਦ, ਖਾਣਾ ਤਿਆਰ ਕਰਨ ਤੋਂ ਪਹਿਲਾਂ ਅਤੇ ਖੰਘਣ ਜਾਂ ਛਿੱਕਣ ਤੋਂ ਬਾਅਦ ਚੰਗੀ ਤਰ੍ਹਾਂ ਹੱਥ ਧੋਣ ਦੀ ਸਲਾਹ ਦਿੱਤੀ ਗਈ। ਇਸ ਦੇ ਨਾਲ ਹੀ ਹਥੇਲੀਆਂ, ਹੱਥਾਂ ਦੇ ਪਿਛਲੇ ਪਾਸੇ, ਉਂਗਲਾਂ ਦੇ ਵਿਚਕਾਰ, ਅੰਗੂਠਿਆਂ ਅਤੇ ਨਹੁੰਆਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਸਿਹਤ ਵਿਭਾਗ ਦੇ ਸਟਾਫ਼ ਨੇ ਕਿਹਾ ਕਿ ਹੱਥ ਧੋਣ ਦੀ ਸਹੀ ਆਦਤ ਅਪਣਾ ਕੇ ਬਿਮਾਰੀਆਂ ਦੇ ਫੈਲਾਅ ਨੂੰ ਘਟਾਇਆ ਜਾ ਸਕਦਾ ਹੈ। ਇਸ ਨਾਲ ਨਾ ਸਿਰਫ਼ ਆਪਣੀ ਸਿਹਤ ਦੀ ਰੱਖਿਆ ਹੁੰਦੀ ਹੈ, ਸਗੋਂ ਪਰਿਵਾਰ ਅਤੇ ਸਮਾਜ ਨੂੰ ਵੀ ਸਿਹਤਮੰਦ ਰੱਖਣ ਵਿੱਚ ਮਦਦ ਮਿਲਦੀ ਹੈ।
ਇਸ ਜਾਗਰੂਕਤਾ ਗਤੀਵਿਧੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਫ਼ਾਈ ਦੀਆਂ ਚੰਗੀਆਂ ਆਦਤਾਂ ਅਪਣਾਉਣ ਅਤੇ ਰੋਜ਼ਾਨਾ ਜੀਵਨ ਵਿੱਚ ਹੱਥਾਂ ਦੀ ਸਫ਼ਾਈ ਨੂੰ ਪਹਿਲ ਦੇਣ ਲਈ ਪ੍ਰੇਰਿਤ ਕਰਨਾ ਸੀ।
