ਹੁਸ਼ਿਆਰਪੁਰ, 19 ਨਵੰਬਰ (ਦਲਜੀਤ ਅਜਨੋਹਾ):- ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਹਰ ਸਾਲ ਖੇਤੀਬਾੜੀ ਵਿਭਾਗਾਂ ਅਤੇ ਹੋਰ ਸੰਸਥਾਵਾਂ ਵੱਲੋਂ ਵੱਡੇ ਪੱਧਰ ’ਤੇ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁਹਿੰਮ ਚਲਾਈ ਜਾਂਦੀ ਹੈ। ਇਸ ਮੁਹਿੰਮ ਵਿੱਚ ਜਾਗਰੂਕਤਾ ਅਤੇ ਪ੍ਰਚਾਰ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ 19 ਨਵੰਬਰ, 2026 ਨੂੰ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਮਾਹਿਲਪੁਰ, ਹੁਸ਼ਿਆਰਪੁਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਸ ਨੇ ਝੋਨੇ ਦੀ ਪਰਾਲੀ ਸੰਭਾਲਣ ਦੀ ਲੋੜ ਅਤੇ ਇਸ ਲਈ ਵਰਤੀਆਂ ਜਾਂਦੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ ਬਾਰੇ ਵੀ ਵਿਸਥਾਰਪੂਰਵਕ ਦੱਸਿਆ। ਡਾ. ਬੌਸ ਨੇ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵਰਤੀ ਜਾਂਦੀ ਮਸ਼ੀਨਰੀ ਬਾਰੇ ਜਾਣੂ ਕਰਵਾਇਆ ਅਤੇ ਬਾਇਓਗੈਸ ਪਲਾਂਟਾਂ, ਊਰਜਾ ਉਤਪਾਦਨ, ਖੁੰਬਾਂ ਦੀ ਪੈਦਾਵਾਰ ਅਤੇ ਪਸ਼ੂਆਂ ਦੇ ਚਾਰੇ ਵਜੋਂ ਪਰਾਲੀ ਦੀ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕੂਲ ਮੁਹਿੰਮ ਤਹਿਤ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਸੰਭਾਲਣ ਦਾ ਇਹ ਅਹਿਮ ਸੁਨੇਹਾ ਘਰ-ਘਰ ਪਹੁੰਚਾਉਣ ਲਈ ਵੀ ਲਾਮਬੰਦ ਕੀਤਾ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣ ਅਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਨੇ ਸਾਰੇ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਨਾਂ ਇਸ ਤਰ੍ਹਾਂ ਹਨ: ਭਾਸ਼ਣ ਮੁਕਾਬਲੇ ਵਿੱਚ ਪਾਵਨੀ ਚੌਧਰੀ, ਜਮਾਤ 10+2, ਗੌਰੀ, ਜਮਾਤ 10+2 ਅਤੇ ਪ੍ਰਭਨੀਤ ਕੌਰ, ਜਮਾਤ 10+2; ਪੇਂਟਿੰਗ ਮੁਕਾਬਲੇ ਵਿੱਚ ਅਮਨਪ੍ਰੀਤ ਕਤਨੌਰੀਆ, ਜਮਾਤ 10+1, ਮੋਨਿਕਾ, ਜਮਾਤ 10+2 ਅਤੇ ਪ੍ਰਭਜੋਤ ਕੌਰ, ਦਸਵੀਂ; ਅਤੇ ਲੇਖ ਲਿਖਣ ਮੁਕਾਬਲੇ ਵਿੱਚ ਰਮਨਪ੍ਰੀਤ ਕੌਰ, ਜਮਾਤ 10+2, ਰਿਧਮਾ, ਜਮਾਤ 10+2 ਅਤੇ ਆਸਥਾ, ਜਮਾਤ 10+2 ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਮਹਿਮਾਨਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਸਕੂਲ ਦੇ ਵਿਦਿਆਰਥੀਆਂ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਇਸ ਨੂੰ ਅੱਗ ਲਾਉਣ ਨਾਲ ਵਾਤਾਵਰਣ, ਜ਼ਮੀਨ ਦੀ ਸਿਹਤ ਅਤੇ ਮਨੁੱਖੀ ਜੀਵਨ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਰੈਲੀ ਵੀ ਕੱਢੀ ਗਈ।
ਪ੍ਰੋਗਰਾਮ ਦੇ ਅੰਤ ਵਿੱਚ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਮਾਹਿਲਪੁਰ ਦੀ ਪ੍ਰਿੰਸੀਪਲ ਸ੍ਰੀਮਤੀ ਸਤਿੰਦਰਬੀਰ ਕੌਰ ਨੇ ਆਏ ਹੋਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਝੋਨੇ ਦੀ ਪਰਾਲੀ ਸੰਭਾਲਣ ਲਈ ਜਾਗਰੂਕਤਾ ਮੁਹਿੰਮ ਚਲਾਉਣ ਵਾਸਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਮੁਹਿੰਮ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਵਿਦਿਆਰਥੀਆਂ ਨੂੰ ਇਸ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ।
ਵੱਖ-ਵੱਖ ਮੁਕਾਬਲੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸ੍ਰੀਮਤੀ ਸੁਨੀਤਾ, ਪ੍ਰੋਗਰਾਮ ਸਹਾਇਕ (ਲੈਬ ਟੈਕਨੀਸ਼ੀਅਨ), ਅਤੇ ਸ੍ਰੀ ਜਤਿੰਦਰ ਸਿੰਘ, ਪ੍ਰੋਗਰਾਮ ਸਹਾਇਕ (ਕੰਪਿਊਟਰ), ਅਤੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਮਾਹਿਲਪੁਰ ਦੇ ਸਟਾਫ ਦੀ ਦੇਖ-ਰੇਖ ਹੇਠ ਕਰਵਾਏ ਗਏ। ਸਕੂਲ ਵੱਲੋਂ ਸ੍ਰੀਮਤੀ ਸ਼ੈਲੀ ਸੈਨੀ, ਲੈਕਚਰਾਰ (ਗਣਿਤ), ਅਤੇ ਸ੍ਰੀ ਦੇਵ ਰਾਜ, ਕਲਾ ਅਤੇ ਸ਼ਿਲਪਕਾਰੀ ਅਧਿਆਪਕ ਨੇ ਇਨ੍ਹਾਂ ਮੁਕਾਬਲਿਆਂ ਦੇ ਪ੍ਰਬੰਧ ਵਿੱਚ ਸਹਿਯੋਗ ਦਿੱਤਾ।
