ਨਵਾਂਸ਼ਹਿਰ (ਦੇਸ ਰਾਜ ਬਾਲੀ):- ਪੰਜਾਬ ਸਰਕਾਰ ਦੇ ਵਿੱਤ ਵਿਭਾਗ (ਖ਼ਜ਼ਾਨਾ ਤੇ ਲੇਖਾ ਸ਼ਾਖਾ) ਵੱਲੋਂ ਰਾਜ ਦੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ 19, 20 ਅਤੇ 21 ਨਵੰਬਰ 2026 ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿਖੇ ਵਿਸ਼ੇਸ਼ ‘ਪੈਨਸ਼ਨਰ ਸੇਵਾ ਮੇਲੇ’ ਲਗਾਏ ਜਾ ਰਹੇ ਹਨ।
ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ‘ਪੈਨਸ਼ਨ ਸੇਵਾ ਪੋਰਟਲ’ ਬਾਰੇ ਜਾਗਰੂਕਤਾ ਫੈਲਾਉਣ ਲਈ ਇਹ ਕੈਂਪ ਲਗਾਏ ਜਾ ਰਹੇ ਹਨ। ਇਸ ਪੋਰਟਲ ਵਿੱਚ ਮਹੀਨਾਵਾਰ ਪੈਨਸ਼ਨ ਅਕਾਊਂਟਿੰਗ, ਈ-ਪੀ.ਪੀ.ਓ., ਸ਼ਿਕਾਇਤ ਨਿਵਾਰਨ ਅਤੇ ਜੀਵਨ ਪ੍ਰਮਾਣ ਪੱਤਰ ਦੇ ਏਕੀਕਰਨ ਵਰਗੀਆਂ ਸਹੂਲਤਾਂ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ 19, 20 ਅਤੇ 21 ਨਵੰਬਰ 2026 ਨੂੰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਨਵਾਂਸ਼ਹਿਰ ਅਤੇ ਸਬ-ਖ਼ਜ਼ਾਨਾ ਦਫ਼ਤਰ ਬੰਗਾ ਤੇ ਬਲਾਚੌਰ ਵਿਖੇ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਲਈ 31 ਦਸੰਬਰ 2026 ਤੱਕ ਜੀਵਨ ਪ੍ਰਮਾਣ ਰਾਹੀਂ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਨ ਦੇ ਨਾਲ-ਨਾਲ ਈ-ਕੇ.ਵਾਈ.ਸੀ. ਕਰਵਾਉਣਾ ਲਾਜ਼ਮੀ ਹੈ। ਇਸ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਲਈ ਇਨ੍ਹਾਂ ਮੇਲਿਆਂ ਦੌਰਾਨ ਖ਼ਜ਼ਾਨਾ ਦਫ਼ਤਰਾਂ ਦੇ ਅਧਿਕਾਰੀ ਅਤੇ ਕਰਮਚਾਰੀ ਅਤੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਦੇ ਨੁਮਾਇੰਦੇ ਲੈਪਟਾਪ ਤੇ ਬਾਇਓਮੈਟ੍ਰਿਕ ਮਸ਼ੀਨਾਂ ਸਮੇਤ ਮੌਜੂਦ ਰਹਿਣਗੇ, ਤਾਂ ਜੋ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ. ਅਤੇ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੌਕੇ ’ਤੇ ਹੀ ਮੁਕੰਮਲ ਕੀਤੀ ਜਾ ਸਕੇ।
ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 19, 20 ਅਤੇ 21 ਨਵੰਬਰ ਨੂੰ ਆਪਣੇ ਸਬੰਧਤ ਖ਼ਜ਼ਾਨਾ ਦਫ਼ਤਰ ਵਿਖੇ ਪਹੁੰਚ ਕੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਈ-ਕੇ.ਵਾਈ.ਸੀ. ਤੇ ਜੀਵਨ ਪ੍ਰਮਾਣ ਪੱਤਰ ਦੀ ਪ੍ਰਕਿਰਿਆ ਕਰਵਾਉਣ। ਜਤਿੰਦਰ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ. ਪਹਿਲਾਂ ਹੀ ਹੋ ਚੁੱਕੀ ਹੈ, ਉਨ੍ਹਾਂ ਨੂੰ ਦੁਬਾਰਾ ਈ-ਕੇ.ਵਾਈ.ਸੀ. ਕਰਵਾਉਣ ਦੀ ਲੋੜ ਨਹੀਂ ਹੈ।
