ਡੇਰਾਬੱਸੀ, 24 ਅਗਸਤ, 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਡੇਰਾਬਸੀ ਬਲਾਕ ਦੇ ਪਿੰਡ ਸਿਤਾਬਗੜ੍ਹ, ਸਾਧਨਗਰ ਕਲੋਨੀ ਅਤੇ ਤ੍ਰਿਵੈਦੀ ਕੈਂਪ ਵਿਖੇ ਐਲ.ਈ.ਡੀ. ਸਕਰੀਨਾਂ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਪਦੇਸ਼ਾਂ ਅਤੇ ਮਹਾਨ ਫਲਸਫੇ ’ਤੇ ਆਧਾਰਿਤ ਲਗਭਗ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਡੇਰਾਬੱਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਵੱਲੋਂ ਦਿੱਤੇ ਗਏ ਸਮਾਨਤਾ, ਭਾਈਚਾਰਕ ਸਾਂਝ, ਮਨੁੱਖਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।
ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਫਿਲਮ ਰਾਹੀਂ ਲੋਕਾਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਸੁਧਾਰ ਲਈ ਦਿੱਤੇ ਗਏ ਅਮੁੱਲ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਸਮਾਜ ਨੂੰ ਜਾਤ-ਪਾਤ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਾਂਝ ਅਤੇ ਬਰਾਬਰੀ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ।
ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਵਿਸ਼ੇਸ਼ ਡਾਕੂਮੈਂਟਰੀ ਪਿੰਡਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਦਿਖਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਪੀੜ੍ਹੀ ਸਮੇਤ ਸਮਾਜ ਦਾ ਹਰ ਵਰਗ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਮਹਾਨ ਵਿਚਾਰਧਾਰਾ ਅਤੇ ਜੀਵਨ ਤੋਂ ਪ੍ਰੇਰਣਾ ਲੈ ਸਕੇ।
ਪਿੰਡ ਸਿਤਾਬਗੜ੍ਹ, ਸਾਧਨਗਰ ਕਲੋਨੀ ਅਤੇ ਤ੍ਰਿਵੈਦੀ ਕੈਂਪ ਦੇ ਵਸਨੀਕਾਂ ਨੇ ਵੀ ਵੱਡੀ ਗਿਣਤੀ ਵਿੱਚ ਇਸ ਦਸਤਾਵੇਜ਼ੀ ਫਿਲਮ ਨੂੰ ਦੇਖਿਆ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।