ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਤਹਿਤ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਦੇ ਡੀਐੱਸਪੀ ਮਨਦੀਪ ਸਿੰਘ ਸੇਖੋਂ ਨੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ।

ਸੈਮੀਨਾਰ ਵਿੱਚ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਚੰਦਰ ਮੋਹਨ, ਆਰਟੀਏ ਅਮਨਦੀਪ ਕੌਰ, ਤਹਿਸੀਲਦਾਰ ਮਨਦੀਪ ਸਿੰਘ, ਜੀ.ਆਰ.ਐੱਸ. ਕੁੰਤਕ ਪਾਠਕ ਅਤੇ ਬੀਡੀਪੀਓ ਦਫ਼ਤਰ ਹੁਸ਼ਿਆਰਪੁਰ ਤੋਂ ਜੀ.ਆਰ.ਐੱਸ. ਚਰਨਜੀਤ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਯੂਨੀਵਰਸਿਟੀ ਦੇ ਸਟਾਫ਼ ਮੈਂਬਰਾਂ ਅਤੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡੀਐੱਸਪੀ ਮਨਦੀਪ ਸਿੰਘ ਸੇਖੋਂ ਨੇ ਕਿਹਾ ਕਿ ਇੱਕ ਸਾਫ਼-ਸੁਥਰੇ, ਪਾਰਦਰਸ਼ੀ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਨੂੰ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਹਾਜ਼ਰ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਸਾਰਿਆਂ ਨੂੰ ਭ੍ਰਿਸ਼ਟਾਚਾਰ ਰੋਕਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਹੁੰ ਵੀ ਚੁਕਾਈ।

ਉਨ੍ਹਾਂ ਵਿਜੀਲੈਂਸ ਬਿਊਰੋ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਸਰਕਾਰੀ ਕੰਮ ਨੂੰ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਿਸ਼ਵਤਖੋਰੀ ਦੇ ਮਾਮਲਿਆਂ ਨੂੰ ਸਾਹਮਣੇ ਲਿਆਉਣ ਵਿੱਚ ਸਹਿਯੋਗ ਕਰਨ, ਤਾਂ ਜੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕੇ।

ਮਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵਿਜੀਲੈਂਸ ਬਿਊਰੋ ਦੇ ਟੋਲ-ਫ੍ਰੀ ਨੰਬਰ 1800-1800-1000, ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਵੈੱਬਸਾਈਟ www.vigilancebureau.punjab.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ।

ਇਸ ਮੌਕੇ ਲੋਕਾਂ ਨੂੰ ਵਿਜੀਲੈਂਸ ਬਿਊਰੋ ਦੇ ਟੋਲ-ਫ੍ਰੀ ਨੰਬਰ, ਐਂਟੀ ਕਰੱਪਸ਼ਨ ਹੈਲਪਲਾਈਨ ਅਤੇ ਸਬੰਧਤ ਵਿਜੀਲੈਂਸ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਬਾਰੇ ਜਾਣਕਾਰੀ ਦੇਣ ਵਾਲੇ ਪੈਂਫਲਿਟ ਵੀ ਵੰਡੇ ਗਏ, ਤਾਂ ਜੋ ਆਮ ਨਾਗਰਿਕ ਲੋੜ ਪੈਣ 'ਤੇ ਆਸਾਨੀ ਨਾਲ ਸ਼ਿਕਾਇਤ ਦਰਜ ਕਰਵਾ ਸਕਣ।

ਸੈਮੀਨਾਰ ਦੇ ਅੰਤ ਵਿੱਚ ਮਨਦੀਪ ਸਿੰਘ ਸੇਖੋਂ ਨੇ ਸਾਰਿਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਰਹਿਣ, ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਅਤੇ ਇੱਕ ਬਿਹਤਰ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਵਿਜੀਲੈਂਸ ਬਿਊਰੋ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।