ਬਲਾਚੌਰ, 12 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਅੰਦਰ ਪਹਿਲਾਂ ਰਾਜ ਕਰ ਚੁੱਕੀਆਂ ਸਿਆਸੀ ਧਿਰਾਂ ਨੇ ਜ਼ੋਰ-ਸ਼ੋਰ ਨਾਲ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਪਰ ਇਸ ਚੋਣ ਮੁਹਿੰਮ ਵਿੱਚ ਲੋਕਾਂ ਦੀਆਂ ਮੰਗਾਂ ਅਤੇ ਮੁੱਦੇ ਗਾਇਬ ਹਨ। ਇਹ ਵਿਚਾਰ ਭਾਈ ਲਾਲੋ ਲੋਕ ਮੰਚ ਪੰਜਾਬ ਦੇ ਮੀਤ ਪ੍ਰਧਾਨ ਸਾਥੀ ਕਰਨ ਸਿੰਘ ਰਾਣਾ ਨੇ ਅੱਜ ਪਿੰਡ ਟੌਂਸਾ ਵਿੱਚ ਸਥਾਨਕ ਇਕਾਈ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਹੋਰ ਕਿਰਤੀ ਵਰਗ ਲੋਕਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਨ੍ਹਾਂ ਸੰਘਰਸ਼ਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਪੂਰੀ ਏਕਤਾ ਬਣਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਪੰਜਾਬ ਵਿੱਚ ਸੰਘਰਸ਼ਸ਼ੀਲ ਜਥੇਬੰਦੀਆਂ ਇਸ ਦਿਸ਼ਾ ਵਿੱਚ ਯਤਨ ਕਰ ਰਹੀਆਂ ਹਨ, ਜਿਨ੍ਹਾਂ ਦਾ ਸਵਾਗਤ ਕਰਨਾ ਬਣਦਾ ਹੈ। ਇਨ੍ਹਾਂ ਯਤਨਾਂ ਨਾਲ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਨੂੰ ਰੋਕਣਾ ਆਸਾਨ ਹੋਵੇਗਾ ਅਤੇ ਨਸ਼ਿਆਂ, ਗੈਰ-ਕਾਨੂੰਨੀ ਮਾਈਨਿੰਗ, ਪੁਲਿਸ ਰਾਜ ਅਤੇ ਹਵਾ ਤੇ ਪਾਣੀ ਦੇ ਪ੍ਰਦੂਸ਼ਣ ਵਿਰੁੱਧ ਚੱਲ ਰਹੇ ਸੰਘਰਸ਼ਾਂ ਨੂੰ ਵੀ ਵੱਡਾ ਬਲ ਮਿਲੇਗਾ।

ਸਾਥੀ ਰਾਣਾ ਨੇ ਪੰਜਾਬ ਦੀਆਂ ਲੋਕ-ਪੱਖੀ ਸੰਘਰਸ਼ਸ਼ੀਲ ਧਿਰਾਂ ਨੂੰ ਮਜ਼ਬੂਤ ਏਕਤਾ ਬਣਾ ਕੇ ਸੰਘਰਸ਼ਾਂ ਦਾ ਪਿੜ ਮੱਲਣ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਵੀ ਇਨ੍ਹਾਂ ਸੰਘਰਸ਼ਾਂ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਾਜ ਕਰ ਚੁੱਕੀਆਂ ਸਿਆਸੀ ਧਿਰਾਂ ਆਪਣੀ ਭਰੋਸੇਯੋਗਤਾ ਗੁਆ ਚੁੱਕੀਆਂ ਹਨ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 6 ਦਸੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਜ਼ਦੂਰਾਂ ਦੀ ਮਹਾਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਨੇ ਨੌਜਵਾਨਾਂ ਵੱਲੋਂ ਸ਼ੁਰੂ ਕੀਤੀ ਜਾ ਰਹੀ ਰੁਜ਼ਗਾਰ ਪ੍ਰਾਪਤੀ ਮੁਹਿੰਮ ਨੂੰ ਪੂਰਾ ਸਮਰਥਨ ਦੇਣ ਦਾ ਵੀ ਫੈਸਲਾ ਕੀਤਾ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਨਅਤੀ ਖੇਤਰ ਟੌਂਸਾ ਵਿੱਚ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕਾਂ ਦੀ ਸਿਹਤ ਅਤੇ ਵਾਤਾਵਰਨ ਦੀ ਸੁਰੱਖਿਆ ਕੀਤੀ ਜਾ ਸਕੇ। ਇਸ ਮੌਕੇ ਸਾਥੀ ਮਨੋਹਰ ਲਾਲ, ਬੀਬੀ ਸ਼ਸ਼ੀ ਰਾਣਾ, ਦੇਵ ਰਾਜ, ਮੋਹਨ ਸਿੰਘ ਅਤੇ ਪਵਨ ਕੁਮਾਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।