ਸੰਗਰੂਰ, 21 ਅਕਤੂਬਰ:- ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।

ਇਸ ਸਮਾਗਮ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਮੂਲੀਅਤ ਕਰਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਝੁਕਾ ਕੇ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ।

ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀ ਸਰਵਉੱਚ ਕੁਰਬਾਨੀ ਪ੍ਰਤੀ ਸਤਿਕਾਰ ਸਹਿਤ ਸਿਰ ਝੁਕਾਉਂਦੇ ਹਾਂ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਾਂ। ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸਾਡੇ ਸੂਰਬੀਰਾਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ 21 ਅਕਤੂਬਰ, 1959 ਨੂੰ ਲੱਦਾਖ ਵਿੱਚ ਚੀਨ ਦੀ ਸਰਹੱਦ ਨੇੜੇ ਹੌਟ ਸਪਰਿੰਗਜ਼ ਵਿਖੇ ਗਸ਼ਤ ਕਰ ਰਹੀ ਸੀ.ਆਰ.ਪੀ.ਐੱਫ. ਦੀ ਟੁਕੜੀ ’ਤੇ ਚੀਨੀ ਫ਼ੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ। ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਅਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਸੀ.ਆਰ.ਪੀ.ਐੱਫ. ਦੇ 10 ਜਵਾਨ ਸ਼ਹੀਦ ਹੋ ਗਏ। ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਦੇਸ਼ ਭਰ ਵਿੱਚ 21 ਅਕਤੂਬਰ ਨੂੰ ਪੁਲਿਸ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਡਾ. ਗਰੇਵਾਲ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਪੁਲਿਸ ਵਿਭਾਗ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿੱਚ ਨਾਲ ਖੜ੍ਹਾ ਹੈ। ਸ਼ਹੀਦੀ ਸਮਾਗਮ ਦੌਰਾਨ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਢੁਕਵੇਂ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।

ਇਸ ਤੋਂ ਪਹਿਲਾਂ ਐੱਸ.ਪੀ. (ਮੁੱਖ ਦਫ਼ਤਰ) ਸੁੱਖਅੰਮ੍ਰਿਤ ਸਿੰਘ ਰੰਧਾਵਾ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਉਨ੍ਹਾਂ ਸ਼ਹੀਦ ਜਵਾਨਾਂ ਦੇ ਨਾਮ ਪੜ੍ਹ ਕੇ ਸੁਣਾਏ, ਜਿਨ੍ਹਾਂ ਨੇ ਬੀਤੇ ਸਾਲ ਦੇਸ਼ ਦੀ ਆਨ ਤੇ ਸ਼ਾਨ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ।

ਇਸ ਮੌਕੇ ਐੱਸ.ਪੀ. (ਡੀ) ਸ੍ਰੀ ਦਵਿੰਦਰ ਅੱਤਰੀ, ਐੱਸ.ਡੀ.ਐੱਮ. ਸੰਗਰੂਰ ਸ੍ਰੀ ਸਤੀਸ਼ ਚੰਦਰ, ਸਹਾਇਕ ਕਮਿਸ਼ਨਰ (ਜਨਰਲ) ਸ. ਰਾਜਬੀਰ ਸਿੰਘ ਭੰਗੂ ਅਤੇ ਪੁਲਿਸ ਵਿਭਾਗ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।