ਨਵਾਂਸ਼ਹਿਰ, 14 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹੇ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਮਸ਼ੀਨਾਂ ਦੀ ਪਹਿਲੀ ਪੱਧਰੀ ਜਾਂਚ (ਐਫ.ਐਲ.ਸੀ.) ਦਾ ਕੰਮ 12 ਨਵੰਬਰ, 2026 ਤੋਂ ਸ਼ੁਰੂ ਹੋ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਇਹ ਜਾਂਚ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ, ਡਾ. ਬੀ.ਆਰ. ਅੰਬੇਡਕਰ ਭਵਨ, ਗੁਜਰਪੁਰ ਕਲਾਂ ਵਿਖੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐਲ.) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਕਾਰਜਕੁਸ਼ਲਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਈਆਂ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਜਾਂਚ ਪ੍ਰਕਿਰਿਆ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤਹਿਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਂਚ ਪ੍ਰਕਿਰਿਆ ਦੌਰਾਨ ਹਾਜ਼ਰ ਰਹਿਣ ਅਤੇ ਸਮੁੱਚੇ ਕੰਮਕਾਜ ਨੂੰ ਆਪਣੀ ਮੌਜੂਦਗੀ ਵਿੱਚ ਦੇਖਣ ਦਾ ਮੌਕਾ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਤ ਨੁਮਾਇੰਦੇ ਐਫ.ਐਲ.ਸੀ. ਪ੍ਰਕਿਰਿਆ ਵਿੱਚ ਭਾਗ ਲੈਣ ਲਈ ਰੋਜ਼ਾਨਾ ਭੇਜਣ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਸ਼ਮੂਲੀਅਤ ਨਾਲ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਤੰਤਰਿਕ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।