ਪਟਿਆਲਾ (ਮਨਪ੍ਰੀਤ ਸਿੰਘ):- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਟਿਆਲਾ ਰੋਜ਼ ਗਾਰਡਨ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ, ਪਟਿਆਲਾ ਵੱਲੋਂ ਬੁਲਾਈ ਗਈ ਪ੍ਰਭਾਤ ਫੇਰੀ ਵਿੱਚ ਸੰਗਤ ਨੇ ਵਾਹਿਗੁਰੂ ਜੀ ਦਾ ਜਾਪ ਕੀਤਾ ਅਤੇ ਸ਼ਬਦ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਅਰਦਾਸ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਇਸ ਤੋਂ ਬਾਅਦ ਦੁੱਧ, ਚਾਕਲੇਟ ਦੇ ਲੱਡੂ, ਬਿਸਕੁਟ, ਪੈਟਿਜ ਅਤੇ ਦੁੱਧ ਦਾ ਲੰਗਰ ਵੀ ਵਰਤਾਇਆ ਗਿਆ।

ਇਸ ਮੌਕੇ ਸੈਰ ਕਰਨ ਵਾਲਿਆਂ ਤੋਂ ਇਲਾਵਾ ਆਲੇ-ਦੁਆਲੇ ਦੇ ਇਲਾਕਿਆਂ ਦੀ ਸੰਗਤ ਵੀ ਵੱਡੀ ਗਿਣਤੀ ਵਿੱਚ ਇਕੱਠੀ ਹੋਈ ਅਤੇ ਵਾਹਿਗੁਰੂ ਜੀ ਦਾ ਜਾਪ ਕੀਤਾ।

ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਸਭ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਲੋਕਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਰਾਹ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ “ਕਿਰਤ ਕਰੋ, ਨਾਮ ਜਪੋ, ਵੰਡ ਛਕੋ” ਦੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਹਰ ਮਨੁੱਖ ਨੂੰ ਦੋ ਰੁੱਖ ਲਗਾਉਣ, ਨਸ਼ਿਆਂ ਦਾ ਤਿਆਗ ਕਰਨ, ਪਟਿਆਲਾ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਅਤੇ ਵਾਤਾਵਰਨ ਦੀ ਸ਼ੁੱਧਤਾ ਕਾਇਮ ਰੱਖਣ ਦਾ ਸੁਨੇਹਾ ਵੀ ਦਿੱਤਾ।

ਅੰਤ ਵਿੱਚ ਸਭ ਦਾ ਧੰਨਵਾਦ ਕੀਤਾ ਗਿਆ।