ਨਵਾਂਸ਼ਹਿਰ, 24 ਨਵੰਬਰ (ਦੇਸ ਰਾਜ ਬਾਲੀ):- ਰੈੱਡ ਕਰਾਸ ਨਸ਼ਾ ਛੁਡਾਊ, ਏਕੀਕ੍ਰਿਤ ਤੇ ਮੁੜ ਵਸੇਬਾ ਕੇਂਦਰ, ਧਰਮਸ਼ਾਲਾ, ਭੁੱਚਰਾਂ ਮੁਹੱਲਾ, ਰੇਲਵੇ ਰੋਡ, ਨਵਾਂਸ਼ਹਿਰ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਮਾ. ਹਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਸੰਸਥਾ ਵਿੱਚ ਦਾਖਲ ਨੌਜਵਾਨ ਮਰੀਜ਼ਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰਾਏ ਭੋਏ ਦੀ ਤਲਵੰਡੀ, ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ ਲੈ ਕੇ ਸ੍ਰੀ ਕਰਤਾਰਪੁਰ ਸਾਹਿਬ, ਪਾਕਿਸਤਾਨ ਤੱਕ ਦੇ ਸਫ਼ਰ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ।

ਹਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ, ਪਾਂਧੇ ਤੋਂ ਵਿੱਦਿਆ ਹਾਸਲ ਕਰਨ, ਪਿਤਾ ਕਲਿਆਣ ਦਾਸ ਦੇ ਕਹਿਣ ’ਤੇ ਸੱਚਾ ਸੌਦਾ ਕਰਨ ਅਤੇ ਸੁਲਤਾਨਪੁਰ ਲੋਧੀ ਦੇ ਸਮੇਂ ਵਾਪਰੇ ਕੌਤਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਵੱਲੋਂ ਚਾਰੇ ਦਿਸ਼ਾਵਾਂ ਵਿੱਚ ਕੀਤੀਆਂ ਚਾਰ ਉਦਾਸੀਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਆਪਣੇ ਵਿਚਾਰਾਂ ਦਾ ਸਾਰ ਦਿੰਦਿਆਂ ਹਰਿੰਦਰ ਸਿੰਘ ਨੇ ਕਿਹਾ ਕਿ ਬਾਬੇ ਨਾਨਕ ਨੇ ਆਪਣਾ ਅਖੀਰਲਾ ਸਮਾਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਖੇਤੀ ਕਰਕੇ ਬਿਤਾਇਆ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਦੂਰ ਰਹਿ ਕੇ ਇੱਕ ਚੰਗਾ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।

ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਹਰਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਵੱਲੋਂ ਦੱਸੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ। ਅਖੀਰ ਵਿੱਚ ਸੰਸਥਾ ਵਿੱਚ ਦਾਖਲ ਨੌਜਵਾਨ ਮਰੀਜ਼ਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ, ਕੁਲਵੰਤ ਸਿੰਘ, ਦਿਨੇਸ਼ ਕੁਮਾਰ, ਸਰਬਜੀਤ ਸਿੰਘ, ਰਾਕੇਸ਼ ਕੁਮਾਰ, ਕਮਲਾ ਰਾਣੀ, ਪ੍ਰਵੀਨ ਕੁਮਾਰੀ, ਕੋਮਲਪ੍ਰੀਤ ਕੌਰ, ਨੌਜਵਾਨ ਮਰੀਜ਼ ਅਤੇ ਉਨ੍ਹਾਂ ਦੇ ਵਾਰਸ ਹਾਜ਼ਰ ਸਨ।