ਰਤੀਆ, 24 ਅਕਤੂਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ 25 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ, ਪੁਰਾਣਾ ਬਾਜ਼ਾਰ, ਰਤੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ।
ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਸਕੱਤਰ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਸੋਸਾਇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 25 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ ਅਤੇ 27 ਅਕਤੂਬਰ ਨੂੰ ਪਾਠ ਦਾ ਭੋਗ ਪਾਇਆ ਜਾਵੇਗਾ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਤਿਆਰੀਆਂ ਪੂਰੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਧਾਰਮਿਕ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਜਗਸੀਰ ਸਿੰਘ, ਬੰਟੀ ਮੋਂਗਾ, ਚਰਨਜੀਤ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਸੁਖਬੀਰ ਸਿੰਘ, ਜੱਜ ਸਿੰਘ ਸਮੇਤ ਹੋਰ ਮੈਂਬਰ ਮੌਜੂਦ ਰਹੇ।
