ਗੜ੍ਹਸ਼ੰਕਰ, 21 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਪ੍ਰਧਾਨਗੀ ਦੀ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ’ਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਅਤੇ ਕਾਲਜ ਦੇ ਸਮੂਹ ਸਟਾਫ਼ ਵੱਲੋਂ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਚੁਣੇ ਜਾਣ ’ਤੇ ਵੀ ਵਧਾਈ ਦਿੱਤੀ ਗਈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰਾਂ ਮੋਹਨ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ, ਬੀਬੀ ਪਰਮਜੀਤ ਕੌਰ, ਰਵਿੰਦਰ ਸਿੰਘ, ਦਰਸ਼ਨ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਬੀਬੀ ਨਰਿੰਦਰ ਕੁਮਾਰ ਨੂੰ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਜਾਣ ’ਤੇ ਵਧਾਈ ਦਿੱਤੀ ਗਈ।ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਪ੍ਰਧਾਨਗੀ ਕਾਰਜਕਾਲ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਬਹੁਤ ਹੀ ਬਹੁਮੁੱਲੀਆਂ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦੇ ਪਿਛਲੇ ਪ੍ਰਧਾਨਗੀ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਨੇ ਸਿੱਖਿਆ ਦੇ ਖੇਤਰ ਵਿੱਚ ਅਥਾਹ ਤਰੱਕੀ ਕੀਤੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ. ਧਾਮੀ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਹੋਰ ਵੀ ਤਰੱਕੀ ਹਾਸਲ ਕਰਨਗੀਆਂ।
ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਅਤੇ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਟਾਫ਼ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ
