ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:- ਸਾਉਣੀ ਸੀਜ਼ਨ 2026-27 ਦੌਰਾਨ ਝੋਨੇ ਦੀ ਸਰਕਾਰੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹੇ ਵਿੱਚ 18 ਖਰੀਦ ਕੇਂਦਰਾਂ ਰਾਹੀਂ ਲਗਭਗ 2,06,148 ਮੀਟ੍ਰਿਕ ਟਨ ਝੋਨੇ ਦੀ ਖਰੀਦ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਰਾਈਸ ਮਿੱਲਾਂ ਦੀ ਅਲਾਟਮੈਂਟ ਅਤੇ ਖਰੀਦ ਕੇਂਦਰਾਂ ਨਾਲ ਲਿੰਕੇਜ ਦੀ ਪ੍ਰਕਿਰਿਆ ਵੀ ਨਿਯਮਾਂ ਅਨੁਸਾਰ ਜਾਰੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕਿਆ ਹੋਇਆ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਸਰਕਾਰੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਦਾ ਨਿਪਟਾਰਾ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨਾਲ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਮੰਡੀ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨਾਲ ਤਾਲਮੇਲ ਕਰਕੇ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 33 ਰਾਈਸ ਮਿੱਲਾਂ ਦੀ ਅਲਾਟਮੈਂਟ ਹੋ ਚੁੱਕੀ ਹੈ, ਜਦਕਿ ਬਾਕੀ ਰਾਈਸ ਮਿੱਲਾਂ ਦੀ ਅਲਾਟਮੈਂਟ ਅਤੇ ਲਿੰਕੇਜ ਦੀ ਪ੍ਰਕਿਰਿਆ ਵੀ ਨਿਰਧਾਰਤ ਨਿਯਮਾਂ ਅਨੁਸਾਰ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਸਾਰੀਆਂ ਸਬੰਧਤ ਮੰਡੀਆਂ ਵਿੱਚ ਲੋੜੀਂਦਾ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਖਰੀਦ, ਲਿਫ਼ਟਿੰਗ ਅਤੇ ਸਟੋਰੇਜ ਨਾਲ ਸਬੰਧਤ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਅਤੇ ਸੁਚਾਰੂ ਖਰੀਦ ਸਹੂਲਤ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਗਏ ਹਨ।
