ਨਵਾਂਸ਼ਹਿਰ/ਰੋਪੜ੍ਹ, 13 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਅੱਜ ਸਿੱਖ ਰਾਜ ਵਿਰਾਸਤੀ ਚੌਂਕੀ ਆਸਰੋਂ ਨੇੜੇ ਸਤਲੁਜ ਦਰਿਆ, ਰੋਪੜ੍ਹ ਵਿਖੇ ਸਰਕਾਰ-ਏ-ਖਾਲਸਾ ਫੈਡਰੇਸ਼ਨ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿੱਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਸ਼ਾਮਲ ਹੋ ਕੇ ਸਮਾਗਮ ਦੀ ਰੌਣਕ ਨੂੰ ਚਾਰ ਚੰਨ ਲਾ ਦਿੱਤੇ। ਇਸ ਪਾਵਨ ਮੌਕੇ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਦੇ ਪਹੁੰਚਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਉਨ੍ਹਾਂ ਦੇ ਦਰਸ਼ਨਾਂ ਲਈ ਨਤਮਸਤਕ ਹੋਈਆਂ।
ਸਮਾਗਮ ਦੌਰਾਨ ਮਨੁੱਖਤਾ ਦੀ ਸੇਵਾ ਦੇ ਜਜ਼ਬੇ ਤਹਿਤ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ (ਰਜਿ.) ਰੂਪਨਗਰ ਵੱਲੋਂ ਪੁਆਧ ਸਟੂਡੈਂਟ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਬਲੱਡ ਸੈਂਟਰ ਦੀ ਬਲੱਡ ਟੀਮ ਨੇ ਵਿਸ਼ੇਸ਼ ਸੇਵਾਵਾਂ ਨਿਭਾਈਆਂ। ਕੈਂਪ ਵਿੱਚ ਨੌਜਵਾਨਾਂ, ਬੀਬੀਆਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਖੂਨਦਾਨ ਕੀਤਾ ਅਤੇ "ਕਿਸੇ ਦੀ ਬਚਾਓ ਜਾਨ, ਆਓ ਕਰੀਏ ਖੂਨਦਾਨ" ਦੇ ਸੁਨੇਹੇ ਨੂੰ ਸਾਕਾਰ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਖੂਨਦਾਨੀਆਂ ਨੇ ਖੂਨਦਾਨ ਕੀਤਾ, ਜੋ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਵਿੱਚ ਸਹਾਈ ਹੋਵੇਗਾ। ਪ੍ਰਬੰਧਕਾਂ ਵੱਲੋਂ ਖੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸਰਕਾਰ-ਏ-ਖਾਲਸਾ ਫੈਡਰੇਸ਼ਨ ਦੇ ਆਗੂ ਕੁਲਵੰਤ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਜੀ ਦਾ ਜੀਵਨ ਸਾਨੂੰ ਸਰਬੱਤ ਦੇ ਭਲੇ, ਮਨੁੱਖਤਾ ਦੀ ਸੇਵਾ, ਨਿਮਰਤਾ ਅਤੇ ਖਾਲਸਾਈ ਜਜ਼ਬੇ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਦੀ ਸੋਚ ’ਤੇ ਚੱਲਦਿਆਂ ਹੀ ਇਹ ਧਾਰਮਿਕ ਸਮਾਗਮ ਅਤੇ ਖੂਨਦਾਨ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕੇ। ਉਨ੍ਹਾਂ ਸਮੂਹ ਸੰਗਤਾਂ, ਸਹਿਯੋਗੀ ਜਥੇਬੰਦੀਆਂ—ਸਰਕਾਰ-ਏ-ਖਾਲਸਾ ਵਿਰਾਸਤ ਬਚਾਓ ਮੋਰਚਾ ਕਮੇਟੀ, ਪੁਆਧ ਸਟੂਡੈਂਟ ਆਰਗੇਨਾਈਜੇਸ਼ਨ, ਮਿਸ਼ਨ ਸਤਲੁਜ, ਭਾਰਤੀ ਕਿਸਾਨ ਯੂਨੀਅਨ (ਮਝੈਲ), ਭਾਰਤੀ ਕਿਸਾਨ ਯੂਨੀਅਨ (ਬਹਿਰਾਮਕੇ)—ਅਤੇ ਸਮੂਹ ਸੇਵਾਦਾਰਾਂ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਮਹਾਨ ਸਮਾਗਮ ਸਫਲ ਹੋਇਆ।
ਸਮਾਗਮ ਵਿੱਚ ਢਾਡੀ ਜੱਥਾ ਗਿਆਨੀ ਗੁਰਵਿੰਦਰ ਸਿੰਘ ਬੈਂਸ, ਸੰਪੂਰਨ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ, ਗਿਆਨੀ ਪ੍ਰਿਤਪਾਲ ਸਿੰਘ ਬੈਂਸ ਅਤੇ ਬਾਬਾ ਜਸਵੀਰ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਉਨ੍ਹਾਂ ਨੇ ਸੰਗਤਾਂ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ, ਉਨ੍ਹਾਂ ਦੀ ਬਹਾਦਰੀ, ਇਨਸਾਫ਼ਪਸੰਦੀ ਅਤੇ ਸਿੱਖ ਰਾਜ ਦੀ ਸ਼ਾਨ ਬਾਰੇ ਜਾਣੂ ਕਰਵਾਇਆ। ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਢਾਡੀ ਵਾਰਾਂ ਅਤੇ ਪੰਥਕ ਵਿਚਾਰਾਂ ਰਾਹੀਂ ਸੰਗਤਾਂ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੀ ਵਿਰਾਸਤ ਨਾਲ ਜੋੜਿਆ ਗਿਆ। ਅੰਤ ਵਿੱਚ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
