ਲਹਿਰਾਗਾਗਾ, 24 ਅਕਤੂਬਰ:- ਇੱਥੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ’ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਸੰਭਾਵੀ ਗੱਠਜੋੜ ਦਾ ਸਿਆਸੀ ਨਤੀਜਾ ‘ਜ਼ੀਰੋ ਜਮ੍ਹਾਂ ਜ਼ੀਰੋ’ ਹੀ ਰਹੇਗਾ, ਕਿਉਂਕਿ ਪੰਜਾਬ ਦੇ ਲੋਕ ਹੁਣ ਵਿਕਾਸ, ਲੋਕ ਭਲਾਈ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਨੂੰ ਤਰਜੀਹ ਦਿੰਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਸਮਝੌਤਾ ਕਰਨਾ ਜਾਂ ਨਾ ਕਰਨਾ ਉਨ੍ਹਾਂ ਦਾ ਅੰਦਰੂਨੀ ਫ਼ੈਸਲਾ ਹੈ, ਪਰ ਇਸ ਨਾਲ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਬਾਰੇ ਲੋਕਾਂ ਦੀ ਰਾਇ ਨਹੀਂ ਬਦਲੇਗੀ। ਉਨ੍ਹਾਂ ਦੋਸ਼ ਲਾਇਆ ਕਿ ਲੰਮਾ ਸਮਾਂ ਪੰਜਾਬ ਵਿੱਚ ਸੱਤਾ ਸੰਭਾਲਣ ਅਤੇ ਕੇਂਦਰ ਸਰਕਾਰ ਵਿੱਚ ਭਾਈਵਾਲ ਰਹਿਣ ਦੇ ਬਾਵਜੂਦ ਦੋਵੇਂ ਧਿਰਾਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹੀਆਂ।

ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਲੰਮਾ ਸੰਘਰਸ਼ ਕਰਨਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸੰਘਰਸ਼ ਦੌਰਾਨ 750 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਗਈਆਂ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ਨੇ ਜੋ ਦੁੱਖ ਝੱਲਿਆ, ਉਸ ਨੂੰ ਪੰਜਾਬ ਦੇ ਲੋਕ ਭੁਲਾ ਨਹੀਂ ਸਕਦੇ ਅਤੇ ਇਸ ਲਈ ਜ਼ਿੰਮੇਵਾਰ ਧਿਰਾਂ ਨੂੰ ਮੁਆਫ਼ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਵਿਸ਼ਵਾਸ ਅਤੇ ਆਪਣੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਧਿਆਨ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਅਤੇ ਸਿਹਤ, ਸਿੱਖਿਆ ਤੇ ਹੋਰ ਜਨਤਕ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਕੇਂਦਰਿਤ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਾਲੀਆ ਦੌਰੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਠ ਮਜ਼ਦੂਰਾਂ ਦੀ ਮੌਤ ਅਤੇ 12 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਦੁਖਦਾਈ ਘਟਨਾ ਕਾਰਨ ਪੂਰਾ ਇਲਾਕਾ ਸੋਗ ਵਿੱਚ ਸੀ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨਾ ਅਤੇ ਉਨ੍ਹਾਂ ਨੂੰ ਹੌਸਲਾ ਦੇਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਤਸਵੀਰਾਂ ਦਾ ਹਵਾਲਾ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਦੁੱਖ ਸਾਂਝਾ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਵੱਲੋਂ ਗੁਲਦਸਤੇ ਸਵੀਕਾਰ ਕਰਨਾ ਮੌਕੇ ਦੀ ਗੰਭੀਰਤਾ ਦੇ ਅਨੁਸਾਰ ਢੁੱਕਵਾਂ ਨਹੀਂ ਸੀ। ਇਸ ਨੂੰ ਗ਼ੈਰ-ਸੰਵੇਦਨਸ਼ੀਲ ਵਤੀਰਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿੱਚ ਵਿਚਰਨ ਵਾਲੇ ਆਗੂਆਂ ਨੂੰ ਸੋਗਮਈ ਮੌਕਿਆਂ ’ਤੇ ਵਿਸ਼ੇਸ਼ ਸੰਜਮ ਅਤੇ ਸੰਵੇਦਨਸ਼ੀਲਤਾ ਵਰਤਣੀ ਚਾਹੀਦੀ ਹੈ।

ਲਹਿਰਾਗਾਗਾ ਮੈਡੀਕਲ ਕਾਲਜ ਬਾਰੇ ਚੰਨੀ ਦੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਹਲਕੇ ਅਤੇ ਆਸ-ਪਾਸ ਦੇ ਇਲਾਕਿਆਂ ਲਈ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਮਹੱਤਤਾ ਨੂੰ ਸਮਝਣ ਲਈ ਉਨ੍ਹਾਂ ਲੋਕਾਂ ਦੀਆਂ ਲੋੜਾਂ ਨੂੰ ਸਮਝਣਾ ਜ਼ਰੂਰੀ ਹੈ, ਜਿਨ੍ਹਾਂ ਨੂੰ ਵਿਸ਼ੇਸ਼ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦੀ ਅਹਿਮੀਅਤ ਸਾਬਤ ਕਰਨ ਲਈ ਉਨ੍ਹਾਂ ਨੂੰ ਚਰਨਜੀਤ ਸਿੰਘ ਚੰਨੀ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ।

ਸਰਕਾਰੀ ਜਾਇਦਾਦ ਵੇਚਣ ਸਬੰਧੀ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੁਰਾਣਾ ਇੰਜੀਨੀਅਰਿੰਗ ਕਾਲਜ ਬੰਦ ਪਿਆ ਸੀ ਅਤੇ ਉਸ ਦੀ ਇਮਾਰਤ ਦੀ ਹਾਲਤ ਲਗਾਤਾਰ ਖ਼ਰਾਬ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਥਾਂ ਨੂੰ ਮੈਡੀਕਲ ਸਿੱਖਿਆ ਅਤੇ ਸਿਹਤ ਸੇਵਾਵਾਂ ਲਈ ਵਰਤੋਂ ਵਿੱਚ ਲਿਆਉਣ ਦਾ ਉਪਰਾਲਾ ਕੀਤਾ ਹੈ, ਤਾਂ ਜੋ ਇਹ ਸੰਪਤੀ ਲੋਕਾਂ ਦੇ ਕੰਮ ਆ ਸਕੇ। ਉਨ੍ਹਾਂ ਅਨੁਸਾਰ ਇਸ ਪ੍ਰੋਜੈਕਟ ਦਾ ਲਾਭ ਲਹਿਰਾਗਾਗਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨਾਲ-ਨਾਲ ਗੁਆਂਢੀ ਸੂਬੇ ਹਰਿਆਣਾ ਦੇ ਲੋਕਾਂ ਨੂੰ ਵੀ ਮਿਲੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਵਿਖੇ ਜੈਨ ਸਮਾਜ ਦੇ ਸਹਿਯੋਗ ਨਾਲ ਲੋਕਾਂ ਨੂੰ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੱਥੇ ਗੋਡੇ ਬਦਲਣ ਅਤੇ ਲੈਪਰੋਸਕੋਪੀ ਰਾਹੀਂ ਅਪਰੇਸ਼ਨ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਅਨੁਸਾਰ ਨਿੱਜੀ ਹਸਪਤਾਲਾਂ ਵਿੱਚ ਅਜਿਹੇ ਅਪਰੇਸ਼ਨਾਂ ’ਤੇ ਲਗਭਗ 70,000 ਤੋਂ 80,000 ਰੁਪਏ ਤੱਕ ਖ਼ਰਚ ਆ ਸਕਦਾ ਹੈ, ਜਦਕਿ ਇਹ ਸਹੂਲਤ ਮੁਫ਼ਤ ਮਿਲਣ ਨਾਲ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਮੈਡੀਕਲ ਕਾਲਜ ਦੀ ਸਥਾਪਨਾ ਨਾਲ ਖੇਤਰ ਵਿੱਚ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਦੇ ਵਿਸਥਾਰ ਨੂੰ ਹੁਲਾਰਾ ਮਿਲੇਗਾ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ 9 ਜਨਵਰੀ ਨੂੰ ਪੰਜਾਬ ਕੈਬਨਿਟ ਵੱਲੋਂ ਲਹਿਰਾਗਾਗਾ ਵਿੱਚ ਮੈਡੀਕਲ ਕਾਲਜ ਨੂੰ ਮਨਜ਼ੂਰੀ ਦਿੱਤੇ ਜਾਣ ’ਤੇ ਇਲਾਕੇ ਦੇ ਲੋਕਾਂ ਨੇ ਬਹੁਤ ਖ਼ੁਸ਼ੀ ਪ੍ਰਗਟਾਈ ਸੀ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂਆਂ ਨਾਲ ਇਲਾਕੇ ਵਿੱਚ ਪਹੁੰਚਣ ਮੌਕੇ ਲੋਕਾਂ ਵੱਲੋਂ ਕੀਤਾ ਗਿਆ ਸਵਾਗਤ ਇਸ ਗੱਲ ਦਾ ਪ੍ਰਮਾਣ ਸੀ ਕਿ ਇਹ ਪ੍ਰੋਜੈਕਟ ਸਥਾਨਕ ਲੋਕਾਂ ਦੀ ਕਿੰਨੀ ਅਹਿਮ ਲੋੜ ਹੈ।

ਕੈਬਨਿਟ ਮੰਤਰੀ ਨੇ ਵਿਰੋਧੀ ਆਗੂਆਂ ਨੂੰ ਅਪੀਲ ਕੀਤੀ ਕਿ ਲੋਕ ਹਿੱਤ ਦੇ ਪ੍ਰੋਜੈਕਟਾਂ ਬਾਰੇ ਟਿੱਪਣੀ ਕਰਨ ਤੋਂ ਪਹਿਲਾਂ ਤੱਥਾਂ ਅਤੇ ਜ਼ਮੀਨੀ ਹਕੀਕਤ ਦੀ ਜਾਣਕਾਰੀ ਹਾਸਲ ਕਰਨ। ਉਨ੍ਹਾਂ ਕਿਹਾ ਕਿ ਉਸਾਰੂ ਆਲੋਚਨਾ ਲੋਕਤੰਤਰ ਦਾ ਅਹਿਮ ਹਿੱਸਾ ਹੈ, ਪਰ ਬੇਬੁਨਿਆਦ ਬਿਆਨਬਾਜ਼ੀ ਨਾਲ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਦੀ ਸੇਵਾ ਅਤੇ ਹਲਕੇ ਦੇ ਵਿਕਾਸ ਲਈ ਆਪਣੇ ਯਤਨ ਲਗਾਤਾਰ ਜਾਰੀ ਰੱਖੇਗੀ।