ਨਵਾਂਸ਼ਹਿਰ (ਦੇਸ ਰਾਜ ਬਾਲੀ):- ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ, ਮੁੱਖ ਚੋਣ ਕਮਿਸ਼ਨਰਾਂ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਕਾਨੂੰਨ, 2023 ਨੂੰ ਰੱਦ ਕਰਨ ਅਤੇ ਐਸਆਈਆਰ ਦੀ ਪ੍ਰਕਿਰਿਆ ਰੱਦ ਕਰਕੇ 2025 ਦੀ ਵੋਟਰ ਸੂਚੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ 17 ਅਕਤੂਬਰ ਨੂੰ ਨਵਾਂਸ਼ਹਿਰ ਵਿਖੇ ਰੈਲੀ ਅਤੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਫਰੰਟ ਦੇ ਆਗੂਆਂ ਕੁਲਵਿੰਦਰ ਸਿੰਘ ਵੜੈਚ, ਕੁਲਦੀਪ ਸਿੰਘ ਦੌੜਕਾ ਅਤੇ ਜਸਵਿੰਦਰ ਸਿੰਘ ਭੰਗਲ ਨੇ ਦੱਸਿਆ ਕਿ ਮੁਜ਼ਾਹਰੇ ਤੋਂ ਪਹਿਲਾਂ ਸਵੇਰੇ 11 ਵਜੇ ਨਵਾਂਸ਼ਹਿਰ ਦੇ ਬੱਸ ਅੱਡੇ ਵਿਖੇ ਰੈਲੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪੁਲਿਸ ਵੱਲੋਂ ਜਿਸ ਢੰਗ ਨਾਲ ਦਹਿਸ਼ਤ ਦਾ ਮਾਹੌਲ ਬਣਾਇਆ ਗਿਆ ਅਤੇ ਸੰਵਿਧਾਨਕ ਤੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਗਿਆ, ਉਸ ਤੋਂ ਭਾਜਪਾ-ਆਰਐਸਐਸ ਸਰਕਾਰ ਦਾ ਫਾਸ਼ੀਵਾਦੀ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪੂਰੀ ਤਰ੍ਹਾਂ ਸਾਬਤ ਹੋ ਗਿਆ ਹੈ ਕਿ ਮੋਦੀ ਸਰਕਾਰ ਪੁਲਿਸ ਦੇ ਸਹਾਰੇ ਆਪਣੀ ਰਾਜਸੱਤਾ ਨੂੰ ਅੱਗੇ ਵਧਾ ਰਹੀ ਹੈ, ਜਿਸ ਦਾ ਵੱਡੇ ਪੱਧਰ ’ਤੇ ਵਿਰੋਧ ਹੋਣਾ ਚਾਹੀਦਾ ਹੈ।