ਪਟਿਆਲਾ, 4 ਨਵੰਬਰ (ਮਨਪ੍ਰੀਤ ਸਿੰਘ):- ਸੁਰਿੰਦਰਾ ਗੈਸ ਏਜੰਸੀ ਵੱਲੋਂ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਕੱਢੇ ਗਏ ਸਾਰੇ ਵਰਕਰਾਂ ਨੂੰ ਬਹਾਲ ਕਰਵਾਉਣ, ਉਨ੍ਹਾਂ ਦੇ ਬਕਾਏ ਅਤੇ ਹੋਰ ਸਹੂਲਤਾਂ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੇ ਅਗਲੇ ਪੜਾਅ ਵਜੋਂ 6 ਨਵੰਬਰ ਨੂੰ ਗੈਸ ਕਾਮਿਆਂ ਵੱਲੋਂ ਆਪਣੇ ਪਰਿਵਾਰਾਂ ਸਮੇਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ।
ਗੈਸ ਏਜੰਸੀ ਵਰਕਰਜ਼ ਯੂਨੀਅਨ (ਇਫਟੂ) ਦੇ ਪ੍ਰਧਾਨ ਬਲਜਿੰਦਰ ਸਿੰਘ ਖੇੜੀ ਨੇ ਦੱਸਿਆ ਕਿ 6 ਨਵੰਬਰ ਨੂੰ ਗੈਸ ਵਰਕਰ ਆਪਣੇ ਪਰਿਵਾਰਾਂ ਸਮੇਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ 30 ਅਕਤੂਬਰ ਨੂੰ ਪ੍ਰਸ਼ਾਸਨ ਵੱਲੋਂ ਏਜੰਸੀ ਦੇ ਮਾਲਕ ਅਤੇ ਗੈਸ ਵਰਕਰਾਂ ਦੋਵਾਂ ਧਿਰਾਂ ਨੂੰ ਬਿਠਾ ਕੇ ਇਹ ਸਮਝੌਤਾ ਕਰਵਾਇਆ ਗਿਆ ਸੀ ਕਿ 2 ਨਵੰਬਰ ਨੂੰ ਗੈਸ ਏਜੰਸੀ ਦੇ ਮਾਲਕ ਆਪਣੀ ਏਜੰਸੀ ਦਾ ਰਿਕਾਰਡ ਲੈ ਕੇ ਸਹਾਇਕ ਕਿਰਤ ਕਮਿਸ਼ਨਰ ਦੇ ਦਫ਼ਤਰ ਪਹੁੰਚਣਗੇ ਅਤੇ ਵਰਕਰਾਂ ਨਾਲ ਗੱਲਬਾਤ ਕਰਨਗੇ। ਪਰ 2 ਨਵੰਬਰ ਨੂੰ ਕਿਰਤ ਕਮਿਸ਼ਨਰ ਦੇ ਦਫ਼ਤਰ ਵਿੱਚ ਗੈਸ ਮਾਲਕਾਂ ਵੱਲੋਂ ਕੋਈ ਵੀ ਨੁਮਾਇੰਦਾ ਨਹੀਂ ਪਹੁੰਚਿਆ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਯੂਨੀਅਨ ਦੇ ਜਨਰਲ ਸਕੱਤਰ ਸੁਰਜੀਤ ਸਿੰਘ ਸੁਨਿਆਰ ਹੇੜੀ ਨੇ ਕਿਹਾ ਕਿ ਗੈਸ ਏਜੰਸੀ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ। ਇਹ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕੱਢੇ ਗਏ ਵਰਕਰਾਂ ਨੂੰ ਬਹਾਲ ਨਹੀਂ ਕੀਤਾ ਜਾਂਦਾ ਅਤੇ ਉਨ੍ਹਾਂ ਦੀਆਂ ਬਣਦੀਆਂ ਉਜਰਤਾਂ ਨਹੀਂ ਦਿੱਤੀਆਂ ਜਾਂਦੀਆਂ।
ਮੀਤ ਪ੍ਰਧਾਨ ਸਤਪਾਲ ਸਿੰਘ ਨੇ ਕਿਹਾ ਕਿ 5 ਨਵੰਬਰ ਨੂੰ ਕੀਰਤੀ ਕਿਸਾਨ ਯੂਨੀਅਨ ਅਤੇ ਇਸ ਨਾਲ ਜੁੜੀਆਂ ਜਥੇਬੰਦੀਆਂ ਦਾ ਵਫ਼ਦ ਇਸ ਮਸਲੇ ਸਬੰਧੀ ਏਡੀਸੀ ਅਤੇ ਐਸਐਸਪੀ ਪਟਿਆਲਾ ਨੂੰ ਮਿਲੇਗਾ।
ਇਸ ਮੌਕੇ ਯੂਨੀਅਨ ਦੇ ਵਿੱਤ ਸਕੱਤਰ ਅਵਤਾਰ ਸਿੰਘ, ਇਫਟੂ ਆਗੂ ਸ੍ਰੀਨਾਥ, ਜਸਵਿੰਦਰ ਸਿੰਘ ਜੱਸੀ, ਜਰਨੈਲ ਸਿੰਘ, ਧੀਰਜ ਕੁਮਾਰ, ਮਨਜੀਤ ਸਿੰਘ, ਸ਼ਾਮਧਰ ਮਿਸ਼ਰਾ, ਰਘਬੀਰ ਸਿੰਘ ਨਾਭਾ, ਜਸਬੀਰ ਸਿੰਘ ਆਦਿ ਹਾਜ਼ਰ ਸਨ।
