ਪਟਿਆਲਾ, 13 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਸੱਦੇ 'ਤੇ ਅੱਜ ਸਾਬਕਾ ਮੰਤਰੀ ਅਤੇ ਸਮਾਣਾ ਹਲਕੇ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਹਰਪਾਲ ਜੁਨੇਜਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਦੋਵਾਂ ਆਗੂਆਂ ਦਰਮਿਆਨ ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਣ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾ ਰਹੀਆਂ 100 ਨਵੀਆਂ ਜੂਨੀਅਰ ਬੱਸਾਂ ਵਿੱਚੋਂ ਸਮਾਣਾ ਹਲਕੇ ਲਈ ਵੀ ਲੋੜ ਅਨੁਸਾਰ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ। ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਦਾ ਮੁੱਖ ਉਦੇਸ਼ ਯਾਤਰੀਆਂ ਨੂੰ ਸੁਚਾਰੂ, ਸੁਰੱਖਿਅਤ ਅਤੇ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਕਿਸੇ ਵੀ ਇਲਾਕੇ ਦੇ ਲੋਕਾਂ ਨੂੰ ਬੱਸ ਸੇਵਾ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਹਲਕੇ ਦੇ ਵੱਖ-ਵੱਖ ਰੂਟਾਂ 'ਤੇ ਬੱਸਾਂ ਮੁਹੱਈਆ ਕਰਵਾਉਣ ਦਾ ਭਰੋਸਾ ਦੇਣ ਲਈ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕੀਤਾ।
