ਐਸ.ਏ.ਐਸ. ਨਗਰ (ਮੋਹਾਲੀ), 18 ਨਵੰਬਰ:- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਵਿੱਚ ਨਕਲ-ਮੁਕਤ, ਨਿਰਪੱਖ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਐਫੀਲੀਏਟਡ ਸਕੂਲਾਂ ਦੀਆਂ ਅੱਠ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਰੀਆਂ ਅੱਠ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਪ੍ਰਣ ਲਿਆ ਗਿਆ ਕਿ ਉਹ ਸਕੂਲਾਂ ਵਿੱਚ ਨਕਲ ਦੀ ਪ੍ਰਥਾ ਨੂੰ ਰੋਕਣ, ਵਿਦਿਆਰਥੀਆਂ ਨੂੰ ਇਮਾਨਦਾਰੀ ਨਾਲ ਪ੍ਰੀਖਿਆਵਾਂ ਦੇਣ ਲਈ ਪ੍ਰੇਰਿਤ ਕਰਨ ਅਤੇ ਨਕਲ-ਮੁਕਤ ਪ੍ਰੀਖਿਆਵਾਂ ਦੇ ਉਦੇਸ਼ ਨੂੰ ਸਫਲ ਬਣਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਪੂਰਾ ਸਹਿਯੋਗ ਦੇਣਗੀਆਂ।
ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਆਈ.ਏ.ਐੱਸ. (ਸੇਵਾਮੁਕਤ) ਨੇ ਕਿਹਾ ਕਿ ਨਕਲ ਦੀ ਸਮੱਸਿਆ ਦਾ ਹੱਲ ਸਿਰਫ਼ ਪ੍ਰੀਖਿਆ ਕੇਂਦਰਾਂ ਵਿੱਚ ਸਖ਼ਤ ਨਿਗਰਾਨੀ ਜਾਂ ਨਿਯਮ ਲਾਗੂ ਕਰਨ ਨਾਲ ਨਹੀਂ ਹੋ ਸਕਦਾ, ਸਗੋਂ ਇਸ ਲਈ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੀ ਸਾਂਝੀ ਜ਼ਿੰਮੇਵਾਰੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਨਕਲ ਰੋਕਣ ਲਈ ਪ੍ਰਬੰਧਕੀ ਅਤੇ ਨਿਗਰਾਨੀ ਪ੍ਰਣਾਲੀ ਪਹਿਲਾਂ ਹੀ ਸਥਾਪਿਤ ਕੀਤੀ ਗਈ ਹੈ, ਪਰ ਇਸ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸਕੂਲਾਂ ਅਤੇ ਪ੍ਰੀਖਿਆ ਕੇਂਦਰਾਂ ਦੀ ਵੀ ਵੱਡੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਹ ਸਮਝਾਉਣ ਦੀ ਲੋੜ ਹੈ ਕਿ ਅਸਲ ਸਫਲਤਾ ਨਕਲ ਰਾਹੀਂ ਪ੍ਰਾਪਤ ਕੀਤੇ ਅੰਕਾਂ ਵਿੱਚ ਨਹੀਂ, ਸਗੋਂ ਆਪਣੀ ਮਿਹਨਤ, ਗਿਆਨ ਅਤੇ ਯੋਗਤਾ ਨਾਲ ਹਾਸਲ ਕੀਤੇ ਨਤੀਜਿਆਂ ਵਿੱਚ ਹੈ। ਇਸ ਦੇ ਨਾਲ ਹੀ ਮਾਪਿਆਂ ਦੀ ਸੋਚ ਵਿੱਚ ਤਬਦੀਲੀ ਲਿਆਉਣਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਬੱਚਿਆਂ ’ਤੇ ਸਿਰਫ਼ ਵੱਧ ਅੰਕ ਪ੍ਰਾਪਤ ਕਰਨ ਦਾ ਦਬਾਅ ਪਾਉਣ ਦੀ ਬਜਾਏ ਉਨ੍ਹਾਂ ਨੂੰ ਇਮਾਨਦਾਰੀ ਅਤੇ ਮਿਹਨਤ ਦੇ ਰਾਹ ’ਤੇ ਚੱਲਣ ਲਈ ਉਤਸ਼ਾਹਿਤ ਕਰਨ।
ਮੀਟਿੰਗ ਦੌਰਾਨ ਅਧਿਆਪਕਾਂ ਦੀ ਪੇਸ਼ੇਵਰ ਸਮਰੱਥਾ ਵਧਾਉਣ ਅਤੇ ਵਿਦਿਆਰਥੀਆਂ ਦੀ ਨਿਰੰਤਰ ਰਹਿਨੁਮਾਈ ਤੇ ਸਹਾਇਤਾ ਲਈ ਕੰਟੀਨਿਊਅਸ ਪ੍ਰੋਫੈਸ਼ਨਲ ਡਿਵੈਲਪਮੈਂਟ (CPD) ਪ੍ਰੋਗਰਾਮਾਂ ਦੀ ਮਹੱਤਤਾ ’ਤੇ ਵੀ ਚਰਚਾ ਕੀਤੀ ਗਈ। ਚੇਅਰਮੈਨ ਨੇ ਦੱਸਿਆ ਕਿ ਬੋਰਡ ਵੱਲੋਂ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਸਮਰੱਥਾ ਵਧਾਉਣ ਲਈ ਲਗਾਤਾਰ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਜ਼ੋਨ ਪੱਧਰ ’ਤੇ ਕਰਵਾਉਣ ਦੀ ਯੋਜਨਾ ਵੀ ਵਿਚਾਰ ਅਧੀਨ ਹੈ, ਤਾਂ ਜੋ ਅਧਿਆਪਕਾਂ ਨੂੰ ਦੂਰ-ਦੁਰਾਡੇ ਤੋਂ ਬੋਰਡ ਦਫ਼ਤਰ ਆਉਣ ਦੀ ਬਜਾਏ ਆਪਣੇ ਨੇੜਲੇ ਜ਼ੋਨ ਵਿੱਚ ਹੀ ਸਿਖਲਾਈ ਦੀ ਸਹੂਲਤ ਮਿਲ ਸਕੇ ਅਤੇ ਉਨ੍ਹਾਂ ਦੇ ਸਮੇਂ ਤੇ ਖਰਚੇ ਦੀ ਬੱਚਤ ਹੋਵੇ।
ਚੇਅਰਮੈਨ ਨੇ ਦੱਸਿਆ ਕਿ ਬੋਰਡ ਵੱਲੋਂ ਸਕੂਲਾਂ ਦੇ ਕਈ ਕੰਮਾਂ ਨੂੰ ਆਨਲਾਈਨ ਕਰਨ ਦੀ ਦਿਸ਼ਾ ਵਿੱਚ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਸਕੂਲਾਂ ਨੂੰ ਆਪਣੇ ਕੰਮਾਂ ਲਈ ਬੇਲੋੜੇ ਦਫ਼ਤਰੀ ਚੱਕਰ ਨਾ ਲਗਾਉਣੇ ਪੈਣ।
ਮੀਟਿੰਗ ਦੇ ਅੰਤ ਵਿੱਚ ਐਫੀਲੀਏਟਡ ਸਕੂਲਾਂ ਦੀਆਂ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਮੈਂਬਰ ਸਕੂਲਾਂ ਵਿੱਚ ਨਕਲ ਵਿਰੁੱਧ ਜਾਗਰੂਕਤਾ ਪੈਦਾ ਕਰਨਗੇ ਅਤੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਇਸ ਮੁਹਿੰਮ ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਨਕਲ-ਮੁਕਤ ਪ੍ਰੀਖਿਆ ਪ੍ਰਣਾਲੀ ਸਿੱਖਿਆ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਲਈ ਬਹੁਤ ਜ਼ਰੂਰੀ ਹੈ ਅਤੇ ਇਸ ਦਿਸ਼ਾ ਵਿੱਚ ਬੋਰਡ ਨਾਲ ਮਿਲ ਕੇ ਲਗਾਤਾਰ ਕੰਮ ਕੀਤਾ ਜਾਵੇਗਾ।
ਚੇਅਰਮੈਨ ਨੇ ਸਾਰੀਆਂ ਜਥੇਬੰਦੀਆਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਂਝਾ ਪ੍ਰਣ ਸਿਰਫ਼ ਇੱਕ ਮੀਟਿੰਗ ਤੱਕ ਸੀਮਿਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਨੂੰ ਹਰ ਸਕੂਲ ਅਤੇ ਵਿਦਿਆਰਥੀ ਤੱਕ ਪਹੁੰਚਾ ਕੇ ਇੱਕ ਲੋਕ ਲਹਿਰ ਦਾ ਰੂਪ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਇਆ ਜਾ ਸਕੇ ਅਤੇ ਇਮਾਨਦਾਰੀ, ਮਿਹਨਤ ਅਤੇ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਿਤ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
