ਹੁਸ਼ਿਆਰਪੁਰ:- ਜ਼ਿਲ੍ਹੇ ਵਿੱਚ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲਿਓ ਤੋਂ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ 28, 29 ਅਤੇ 30 ਜੂਨ 2026 ਨੂੰ ਰਾਸ਼ਟਰੀ ਪਲਸ ਪੋਲਿਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਮੁਹਿੰਮ ਦੇ ਪੋਸਟਰ ਨੂੰ ਸਿਵਲ ਸਰਜਨ ਡਾ. ਮਨਦੀਪ ਕਮਲ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਵੱਲੋਂ ਰਿਲੀਜ਼ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਪੋਲਿਓ ਇੱਕ ਗੰਭੀਰ ਅਤੇ ਅਪਾਹਜਤਾ ਪੈਦਾ ਕਰਨ ਵਾਲੀ ਬਿਮਾਰੀ ਹੈ, ਜਿਸ ਤੋਂ ਬਚਾਅ ਦਾ ਇਕੋ-ਇੱਕ ਪ੍ਰਭਾਵਸ਼ਾਲੀ ਤਰੀਕਾ ਹਰ ਬੱਚੇ ਨੂੰ ਸਮੇਂ-ਸਮੇਂ 'ਤੇ ਪੋਲਿਓ ਦੀਆਂ ਬੂੰਦਾਂ ਪਿਲਾਉਣਾ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 28 ਜੂਨ ਨੂੰ ਜ਼ਿਲ੍ਹੇ ਭਰ ਵਿੱਚ ਸਥਾਪਿਤ ਪੋਲਿਓ ਬੂਥਾਂ 'ਤੇ ਬੱਚਿਆਂ ਨੂੰ ਪੋਲਿਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ 29 ਅਤੇ 30 ਜੂਨ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਉਣਗੀਆਂ।
ਡਾ. ਮਨਦੀਪ ਕਮਲ ਨੇ ਕਿਹਾ ਕਿ ਭਾਵੇਂ ਬੱਚੇ ਨੂੰ ਪਹਿਲਾਂ ਵੀ ਕਈ ਵਾਰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹੋਣ, ਫਿਰ ਵੀ ਹਰ ਪਲਸ ਪੋਲਿਓ ਮੁਹਿੰਮ ਦੌਰਾਨ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਬੱਚਿਆਂ ਦੀ ਰੋਗ-ਪ੍ਰਤੀਰੋਧਕ ਸਮਰੱਥਾ ਨੂੰ ਹੋਰ ਮਜ਼ਬੂਤ ਬਣਾਉਂਦੀਆਂ ਹਨ ਅਤੇ ਪੋਲਿਓ ਵਾਇਰਸ ਤੋਂ ਪੂਰੀ ਸੁਰੱਖਿਆ ਪ੍ਰਦਾਨ ਕਰਦੀਆਂ ਹਨ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ 28, 29 ਅਤੇ 30 ਜੂਨ ਦੌਰਾਨ ਪੋਲਿਓ ਦੀਆਂ ਦੋ ਬੂੰਦਾਂ ਜ਼ਰੂਰ ਪਿਲਵਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਪੰਜਾਬ ਨੂੰ ਪੋਲਿਓ ਮੁਕਤ ਬਣਾਈ ਰੱਖਣ ਦਾ ਟੀਚਾ ਸਫ਼ਲਤਾਪੂਰਵਕ ਹਾਸਲ ਕੀਤਾ ਜਾ ਸਕੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਟੀ.ਪੀ. ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ਼, ਐਪੀਡੀਮੀਓਲੋਜਿਸਟ ਡਾ. ਸ਼ੈਲੇਸ਼, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਬਲਵੀਰ ਕੌਰ ਵੀ ਹਾਜ਼ਰ ਸਨ।
