ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਦਾ ਦਰਜਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ਜ਼ਿਲ੍ਹੇ ਵਿੱਚ ਲੁਧਿਆਣਾ ਨੌਰਥ ਨਵੀਂ ਸਭ ਤਹਿਸੀਲ ਬਣਾਉਣ ਲਈ ਵੀ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਲਏ ਹੋਰ ਫੈਸਲਿਆਂ ਵਿਚ ਪੰਜਾਬ ਯੂਨੀਫਾਈਡ ਬਿਲਡਿੰਗ ਨਿਯਮ 2025 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਿਯਮ ਅਨੁਸਾਰ ਪੰਜਾਬ ਵਿੱਚ ਨਵੀਆਂ ਬਣਾਈਆਂ ਜਾਣ ਵਾਲੀਆਂ ਕਲੋਨੀਆਂ ਵਿੱਚ ਇਮਾਰਤ ਦੀ ਉਚਾਈ 15 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰਨ ਲਈ ਵਿਭਾਗ ਤੋਂ ਮਨਜ਼ੂਰੀ ਲੈਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ। ਇਸ ਲਈ ਆਰਕੀਟੈਕਟ ਦਾ ਸਰਟੀਫਿਕੇਟ ਹੀ ਕਾਫ਼ੀ ਹੋਵੇਗਾ।
ਪੰਜਾਬ ਮੰਤਰੀ ਮੰਡਲ ਨੇ ਪੰਜਾਬ ਸਪੋਰਟਸ ਮੈਡੀਸਨ ਕਾਡਰ ਵਿੱਚ 100 ਦੇ ਕਰੀਬ ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਅਸਾਮੀਆਂ ਤਿੰਨ ਸਾਲਾਂ ਲਈ ਠੇਕੇ ’ਤੇ ਭਰੀਆਂ ਜਾਣਗੀਆਂ। ਇਸ ਵਿੱਚ ਗਰੁੱਪ ਏ ਦੀਆਂ 14, ਗਰੁੱਪ ਬੀ ਦੀਆਂ 16 ਅਤੇ ਗਰੁੱਪ ਸੀ ਦੀਆਂ 80 ਦੇ ਕਰੀਬ ਅਸਾਮੀਆਂ ਭਰੀਆਂ ਜਾਣਗੀਆਂ।
ਮੰਤਰੀ ਮੰਡਲ ਨੇ ਡੇਰਾਬੱਸੀ ਵਿਖੇ 100 ਬੈੱਡ ਦਾ ਈਐਸਆਈ ਹਸਪਤਾਲ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਹਸਪਤਾਲ ਕੇਂਦਰ ਸਰਕਾਰ ਵੱਲੋਂ ਖੋਲ੍ਹਿਆ ਜਾਵੇਗਾ ਤੇ ਪੰਜਾਬ ਸਰਕਾਰ ਨੇ ਚਾਰ ਏਕੜ ਜ਼ਮੀਨ ਦੇਣ ਦੇ ਪ੍ਰਸਤਾਵ 'ਤੇ ਵੀ ਮੋਹਰ ਲਗਾ ਦਿੱਤੀ ਹੈ। ਮੰਤਰੀ ਮੰਡਲ ਨੇ ਖੇਡ ਵਿਭਾਗ 'ਚ ਮੈਡੀਕਲ ਕੋਟੇ ਦੀਆਂ 100 ਤੋਂ ਜ਼ਿਆਦਾ ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ
ਨਸ਼ਾ ਮੁਕਤੀ ਕੇਂਦਰਾਂ 'ਚ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਹੁਣ ਬਾਇਓਮੈਟ੍ਰਿਕ ਹਾਜ਼ਰੀ ਲੱਗੇਗੀ ਅਤੇ ਦਵਾਈਆਂ ਅਤੇ ਹੋ ਸਰਟੀਫਿਕੇਟ ਦੇਣ ਦਾ ਪ੍ਰਬੰਧ ਵੀ ਸਰਕਾਰ ਨੇ ਆਪਣੇ ਹੱਥਾਂ ਵਿੱਚ ਲਿਆ ਹੈ। ਇਹ ਕਦਮ ਕੇਂਦਰਾਂ ਤੋਂ ਸ਼ਿਕਾਇਤਾਂ ਤੋਂ ਬਾਅਦ ਚੁੱਕਿਆ ਗਿਆ ਹੈ।