ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਨਾਅਰੇਬਾਜ਼ੀ ਦੀ ਸਿਆਸਤ ਕਰਨ ਦੀ ਬਜਾਏ ਮਿਆਰੀ ਸਿਹਤ ਸੇਵਾਵਾਂ, ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ।
ਚੱਬੇਵਾਲ ਦੇ ਪਿੰਡ ਹਰਖੋਵਾਲ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਲੀਨਿਕਾਂ ਵਿੱਚ ਦਰਜ 6.48 ਕਰੋੜ ਤੋਂ ਵੱਧ ਓਪੀਡੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ 54.20 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੇ ਸਿਹਤ ਕਵਰ ਵਾਲੀ ਯੋਜਨਾ ਬਾਰੇ ਵੀ ਦੱਸਿਆ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਸਰਕਾਰ ਬਦਲਣ ਨਾਲ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਸਤਿਕਾਰ ਯੋਜਨਾ ਸਮੇਤ ਹੋਰ ਭਲਾਈ ਸਕੀਮਾਂ ਖ਼ਤਰੇ ਵਿੱਚ ਪੈ ਸਕਦੀਆਂ ਹਨ।
ਐਕਸ ਉੱਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 154 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਚੱਬੇਵਾਲ ਦੇ ਪਿੰਡ ਹਰਖੋਵਾਲ ਵਿੱਚ ਇੱਕ ਵਿਸ਼ਾਲ ਜਨਤਕ ਇਕੱਠ ਦੌਰਾਨ ਕੀਤਾ ਗਿਆ। ਇਸ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 6.5 ਕਰੋੜ ਤੋਂ ਵੱਧ ਓਪੀਡੀ ਦਰਜ ਕੀਤੀਆਂ ਗਈਆਂ ਹਨ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਲੈਬ ਟੈਸਟਾਂ ਦੀ ਸਹੂਲਤ ਮਿਲੀ ਹੈ। ਸਾਡੀ ਸਰਕਾਰ ਦਾ ਮਿਸ਼ਨ ਲੋਕਾਂ ਤੋਂ ਜਿੱਤ ਜਾਂ ਹਾਰ ਦੇ ਨਾਅਰੇ ਲਗਵਾਉਣਾ ਨਹੀਂ, ਸਗੋਂ ਹਰ ਨਾਗਰਿਕ ਲਈ ਮਿਆਰੀ ਸਿਹਤ ਸੇਵਾਵਾਂ, ਸਿੱਖਿਆ ਅਤੇ ਰੁਜ਼ਗਾਰ ਯਕੀਨੀ ਬਣਾਉਣਾ ਹੈ। ਰਵਾਇਤੀ ਸਿਆਸੀ ਪਾਰਟੀਆਂ ਨੇ ਸਿਰਫ਼ ਪੰਜਾਬ ਨੂੰ ਲੁੱਟਿਆ ਹੈ। ਉਹ ਸਾਨੂੰ ਬਦਨਾਮ ਕਰਨ ਲਈ ਭਾਵੇਂ ਜਿੰਨੇ ਮਰਜ਼ੀ ਹੱਥਕੰਡੇ ਅਪਣਾ ਲੈਣ, ਪਰ ਜਦੋਂ ਤੱਕ ਮੇਰੇ ਕੋਲ ਲੋਕਾਂ ਦਾ ਪਿਆਰ ਅਤੇ ਭਰੋਸਾ ਹੈ, ਮੈਨੂੰ ਉਨ੍ਹਾਂ ਤੋਂ ਡਰਨ ਦੀ ਕੋਈ ਲੋੜ ਨਹੀਂ। ਇਨਕਲਾਬ ਜ਼ਿੰਦਾਬਾਦ।”
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 154 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਨਵੇਂ ਸਮਰਪਿਤ ਕੀਤੇ ਗਏ ਕਲੀਨਿਕਾਂ ਵਿੱਚੋਂ 36 ਅੰਮ੍ਰਿਤਸਰ, 26 ਪਟਿਆਲਾ, 17 ਲੁਧਿਆਣਾ, 12 ਗੁਰਦਾਸਪੁਰ, 11 ਜਲੰਧਰ ਅਤੇ 10 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਹਨ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਵੀ ਕਲੀਨਿਕ ਸਥਾਪਤ ਕੀਤੇ ਗਏ ਹਨ। ਇਹ ਕਲੀਨਿਕ 107 ਦਵਾਈਆਂ ਅਤੇ 47 ਕਿਸਮਾਂ ਦੇ ਡਾਇਗਨੌਸਟਿਕ ਟੈਸਟ ਬਿਲਕੁਲ ਮੁਫ਼ਤ ਮੁਹੱਈਆ ਕਰਵਾਉਂਦੇ ਹਨ, ਤਾਂ ਜੋ ਲੋਕਾਂ ਨੂੰ ਵਿੱਤੀ ਮੁਸ਼ਕਲਾਂ ਤੋਂ ਬਿਨਾਂ ਜ਼ਰੂਰੀ ਸਿਹਤ ਸੇਵਾਵਾਂ ਮਿਲ ਸਕਣ।”
ਇਸ ਪਹਿਲਕਦਮੀ ਲਈ ਲੋਕਾਂ ਦੇ ਵਧਦੇ ਸਮਰਥਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਪਹਿਲਾਂ ਤੋਂ ਚੱਲ ਰਹੇ 1,090 ਆਮ ਆਦਮੀ ਕਲੀਨਿਕਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਦਾ ਭਰੋਸਾ ਵਧਾਇਆ ਹੈ। ਰੋਜ਼ਾਨਾ ਲਗਭਗ ਇੱਕ ਲੱਖ ਲੋਕ ਇਲਾਜ ਲਈ ਇਨ੍ਹਾਂ ਕਲੀਨਿਕਾਂ ਵਿੱਚ ਆਉਂਦੇ ਹਨ ਅਤੇ ਹੁਣ ਤੱਕ ਕੁੱਲ 6.48 ਕਰੋੜ ਓਪੀਡੀ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਹ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕਾਂ ਨੇ ਇਨ੍ਹਾਂ ਸਹੂਲਤਾਂ ਉੱਤੇ ਕਿੰਨਾ ਭਰੋਸਾ ਜਤਾਇਆ ਹੈ।”
ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਵਿੱਚੋਂ 1.98 ਕਰੋੜ ਮਰੀਜ਼ ਖ਼ਾਸ ਬਿਮਾਰੀਆਂ ਤੋਂ ਪੀੜਤ ਸਨ, ਜਦਕਿ 3.63 ਕਰੋੜ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਗਏ ਹਨ। ਇਹ ਸਹੂਲਤਾਂ ਬਿਨਾਂ ਕਿਸੇ ਵਾਧੂ ਖ਼ਰਚੇ ਦੇ ਡਾਕਟਰੀ ਸਲਾਹ, ਦਵਾਈਆਂ ਅਤੇ ਜਾਂਚ ਸੇਵਾਵਾਂ ਮੁਹੱਈਆ ਕਰਵਾ ਕੇ ਪਰਿਵਾਰਾਂ ਨੂੰ ਵੱਡੀ ਵਿੱਤੀ ਰਾਹਤ ਦੇ ਰਹੀਆਂ ਹਨ।”
ਸਿਹਤ ਯੋਜਨਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਤਾਂ ਜੋ ਲੋਕਾਂ ਨੂੰ ਪੈਸਿਆਂ ਦੀ ਘਾਟ ਕਾਰਨ ਆਪਣੀ ਸਿਹਤ ਨਾਲ ਸਮਝੌਤਾ ਨਾ ਕਰਨਾ ਪਵੇ। ਹੁਣ ਤੱਕ 54.20 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਯੋਜਨਾ ਅਧੀਨ ਆਉਣ ਵਾਲਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। ਹੁਣ ਤੱਕ 8.02 ਲੱਖ ਲਾਭਪਾਤਰੀ ਇਸ ਯੋਜਨਾ ਤਹਿਤ ਇਲਾਜ ਕਰਵਾ ਚੁੱਕੇ ਹਨ, ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ।”
ਭਰਤੀ ਰਾਹੀਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਸਰਕਾਰੀ ਯਤਨਾਂ ਉੱਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਸਿਹਤ ਵਿਭਾਗ ਵਿੱਚ 5,388 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਬਿਹਤਰ ਬਣਾਉਣ ਲਈ ਅਸੀਂ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਭਰਤੀ ਕੀਤੀ ਹੈ।”
ਮੁੱਖ ਮੰਤਰੀ ਨੇ ਦੁਹਰਾਇਆ ਕਿ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਪਹੁੰਚਯੋਗ ਅਤੇ ਕਿਫ਼ਾਇਤੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਿਆਪਕ ਵਚਨਬੱਧਤਾ ਦਾ ਹਿੱਸਾ ਹਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਈਸ਼ਾਨ ਚੱਬੇਵਾਲ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਆਮ ਆਦਮੀ ਕਲੀਨਿਕਾਂ ਦਾ ਵਿਸਥਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 154 ਨਵੇਂ ਕਲੀਨਿਕਾਂ ਦਾ ਉਦਘਾਟਨ ਕੀਤੇ ਜਾਣ ਨਾਲ ਸੂਬੇ ਵਿੱਚ 1,244 ਆਮ ਆਦਮੀ ਕਲੀਨਿਕਾਂ ਦਾ ਮਜ਼ਬੂਤ ਨੈੱਟਵਰਕ ਸਥਾਪਤ ਹੋ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲਕਦਮੀ ਦਾ ਮਕਸਦ ਲੋਕਾਂ ਦੇ ਘਰਾਂ ਦੇ ਨੇੜੇ ਮੁੱਢਲੀਆਂ ਸਿਹਤ ਸੇਵਾਵਾਂ ਆਸਾਨੀ ਨਾਲ ਮੁਹੱਈਆ ਕਰਵਾਉਣਾ ਹੈ, ਖ਼ਾਸ ਕਰਕੇ ਉਨ੍ਹਾਂ ਪਰਿਵਾਰਾਂ ਲਈ ਜੋ ਵਿੱਤੀ ਤੰਗੀ ਦਾ ਸਾਹਮਣਾ ਕਰ ਰਹੇ ਹਨ।
ਮੁਫ਼ਤ ਦਵਾਈਆਂ ਅਤੇ ਜਾਂਚ ਸੇਵਾਵਾਂ
ਇਸ ਪਹਿਲਕਦਮੀ ਤਹਿਤ ਆਮ ਆਦਮੀ ਕਲੀਨਿਕ 107 ਦਵਾਈਆਂ ਅਤੇ 47 ਕਿਸਮਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਮੁਹੱਈਆ ਕਰਵਾਉਂਦੇ ਹਨ। ਸਰਕਾਰ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ, ਮੌਜੂਦਾ 1,090 ਕਲੀਨਿਕਾਂ ਵਿੱਚ 6.48 ਕਰੋੜ ਓਪੀਡੀ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 1.98 ਕਰੋੜ ਮਰੀਜ਼ ਸ਼ਾਮਲ ਹਨ, ਜਦਕਿ 4.01 ਕਰੋੜ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਗਏ ਹਨ।
ਮੁੱਖ ਮੰਤਰੀ ਸਿਹਤ ਯੋਜਨਾ
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਵੀ ਸ਼ੁਰੂ ਕੀਤੀ ਹੈ, ਜੋ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਇਲਾਜ ਮੁਹੱਈਆ ਕਰਵਾਉਂਦੀ ਹੈ। ਅੰਕੜਿਆਂ ਅਨੁਸਾਰ, 54.20 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਦਕਿ 7.51 ਲੱਖ ਲਾਭਪਾਤਰੀ ਇਸ ਯੋਜਨਾ ਤਹਿਤ ਪਹਿਲਾਂ ਹੀ ਇਲਾਜ ਕਰਵਾ ਚੁੱਕੇ ਹਨ।
ਭਰਤੀ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ
ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਸਿਹਤ ਵਿਭਾਗ ਵਿੱਚ 5,388 ਨੌਕਰੀਆਂ ਦਿੱਤੀਆਂ ਹਨ। ਸਾਲ 2022 ਤੋਂ ਹੁਣ ਤੱਕ ਹੋਈ ਭਰਤੀ ਵਿੱਚ 1,458 ਮੈਡੀਕਲ ਅਫ਼ਸਰ, 271 ਮਾਹਿਰ ਡਾਕਟਰ, 1,079 ਨਰਸਾਂ ਅਤੇ 1,352 ਬਹੁ-ਮੰਤਵੀ ਸਿਹਤ ਕਰਮਚਾਰੀ ਸ਼ਾਮਲ ਹਨ। ਇਹ ਨਿਯੁਕਤੀਆਂ ਸਿਹਤ ਕਰਮਚਾਰੀਆਂ ਦੀ ਗਿਣਤੀ ਵਧਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਟਾਫ਼ ਦੀ ਸਥਿਤੀ ਸੁਧਾਰਨ ਲਈ ਸਰਕਾਰ ਦੇ ਯਤਨਾਂ ਦਾ ਹਿੱਸਾ ਹਨ।
