ਗੜ੍ਹਸ਼ੰਕਰ 22 ਅਪ੍ਰੈਲ: ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 23.50  ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਡਿਪਟੀ ਸਪੀਕਰ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਵਧੀਆ ਸੁਵਿਧਾਵਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਉਣਾ ਹੈ ਤਾਂ ਜੋ ਉਹ ਆਉਣ ਵਾਲੇ ਸਮੇਂ ਵਿੱਚ ਮੁਕਾਬਲੇ ਦੀਆਂ ਔਖੀਆਂ ਪ੍ਰੀਖਿਆਵਾਂ ਨੂੰ ਸੁਖਾਲੇ ਢੰਗ ਨਾਲ ਪਾਸ ਕਰਨ ਦੇ ਸਮਰੱਥ ਬਣ ਸਕਣ ਅਤੇ ਆਪਣੀ ਮਿਹਨਤ ਤੇ ਲਗਨ ਦੇ ਨਾਲ ਅਜਿਹੀਆਂ ਬੁਲੰਦੀਆਂ ਨੂੰ ਹਾਸਲ ਕਰਕੇ ਨਾਮਣਾ ਖੱਟ ਸਕਣ, ਜਿਹੜੀਆਂ ਬੁਲੰਦੀਆਂ ਦਾ ਉਹ ਸੁਪਨਾ ਵੇਖਦੇ ਹਨ। 
ਡਿਪਟੀ ਸਪੀਕਰ ਨੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 52 ਹਜਾਰ ਤੋਂ ਵੀ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਬਾਰਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨ ਪਸੰਦ ਦੇ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ ’ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਕ ਨਤੀਜੇ ਸਾਹਮਣੇ ਲਿਆ ਰਹੀ ਹੈ।