ਧੂਰੀ, 22 ਨਵੰਬਰ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੁੜ ਦੁਹਰਾਇਆ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਉਸਾਰੂ ਸੇਧ, ਵਿਸ਼ਵ ਪੱਧਰੀ ਸਹੂਲਤਾਂ ਅਤੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਕੇ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਖੇਡਾਂ ਨੂੰ ਸਭ ਤੋਂ ਤਾਕਤਵਰ ਹਥਿਆਰ ਵਜੋਂ ਵਰਤ ਰਹੀ ਹੈ। ਮੁੱਖ ਮੰਤਰੀ ਨੇ ਧੂਰੀ ਵਿੱਚ ਆਧੁਨਿਕ ਖੇਡ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਅਤੇ ਜਹਾਂਗੀਰ-ਖੇਹੜੂ ਵਿਖੇ ਅਤਿ-ਆਧੁਨਿਕ ਹਾਕੀ ਐਸਟਰੋ-ਟਰਫ ਮੈਦਾਨ ਲੋਕਾਂ ਨੂੰ ਸਮਰਪਿਤ ਕੀਤਾ। ਇਹ ਕਦਮ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਪ੍ਰਤੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
10 ਏਕੜ ਵਿੱਚ ₹39.20 ਕਰੋੜ ਦੀ ਲਾਗਤ ਨਾਲ ਵਿਕਸਤ ਕੀਤਾ ਜਾ ਰਿਹਾ ਇਹ ਖੇਡ ਕੰਪਲੈਕਸ ਜ਼ਮੀਨੀ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਸੂਬਾ ਸਰਕਾਰ ਦੇ ਵਿਆਪਕ ਯਤਨਾਂ ਦਾ ਹਿੱਸਾ ਹੈ। ₹1,744 ਕਰੋੜ ਦੇ ਰਿਕਾਰਡ ਖੇਡ ਬਜਟ, ਪੰਜਾਬ ਭਰ ਵਿੱਚ ਵਿਕਸਤ ਕੀਤੇ ਜਾ ਰਹੇ 3,100 ਖੇਡ ਮੈਦਾਨਾਂ, ਓਲੰਪਿਕ ਤਮਗਾ ਜੇਤੂਆਂ ਲਈ ₹1 ਕਰੋੜ ਤੋਂ ₹3 ਕਰੋੜ ਤੱਕ ਦੇ ਨਕਦ ਇਨਾਮਾਂ ਅਤੇ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਹਾਸਲ ਕਰਨ ਦੇ ਯਤਨਾਂ ਨਾਲ ਭਗਵੰਤ ਮਾਨ ਸਰਕਾਰ ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਦਿਆਂ ਪੰਜਾਬ ਦੇ ਖਿਡਾਰੀਆਂ ਲਈ ਮੌਕਿਆਂ ਦਾ ਵਿਸਥਾਰ ਕਰ ਰਹੀ ਹੈ।
ਬੱਚਿਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ; ਮੁੱਖ ਮੰਤਰੀ ਨੇ ਨੌਜਵਾਨ ਖਿਡਾਰੀਆਂ ਨਾਲ ਕੀਤੀ ਗੱਲਬਾਤ
ਮੁੱਖ ਮੰਤਰੀ ਦੇ ਸਮਾਗਮ ਵਾਲੀ ਥਾਂ ’ਤੇ ਪਹੁੰਚਣ ’ਤੇ ਬੱਚਿਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਗੁਲਾਬ ਦੇ ਫੁੱਲ ਭੇਟ ਕੀਤੇ। ਇਸ ਸੁਹਿਰਦ ਮਿਲਣੀ ਦੌਰਾਨ ਉਨ੍ਹਾਂ ਨੇ ਵੱਖ-ਵੱਖ ਟੀਮਾਂ ਅਤੇ ਖੇਡ ਵਿਧਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀਆਂ ਨਾਲ ਹੱਥ ਮਿਲਾਇਆ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਪੂਰੀ ਲਗਨ ਨਾਲ ਆਪਣੇ ਖੇਡ ਟੀਚਿਆਂ ਨੂੰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਨੌਜਵਾਨ ਹਾਕੀ ਖਿਡਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਖੇਡ ਪ੍ਰਤੀ ਉਨ੍ਹਾਂ ਦੇ ਜੋਸ਼ ਤੇ ਜਨੂੰਨ ਦੀ ਸ਼ਲਾਘਾ ਕੀਤੀ।
ਇਸ ਇਤਿਹਾਸਕ ਮੌਕੇ ’ਤੇ ਜਹਾਂਗੀਰ-ਖੇਹੜੂ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਹਾਕੀ ਐਸਟਰੋ-ਟਰਫ ਸਹੂਲਤ ਇਲਾਕੇ ਦੇ ਖੇਡ ਬੁਨਿਆਦੀ ਢਾਂਚੇ ਵਿੱਚ ਇੱਕ ਅਹਿਮ ਵਾਧਾ ਹੈ। ਉਨ੍ਹਾਂ ਦੱਸਿਆ ਕਿ ਪਵੇਲੀਅਨ ਸਮੇਤ 94 × 56 ਮੀਟਰ ਦਾ ਐਸਟਰੋ-ਟਰਫ ਮੈਦਾਨ ₹8 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਹਾਕੀ ਸਾਡੀ ਮਾਂ ਖੇਡ ਹੈ ਅਤੇ ਪੰਜਾਬੀਆਂ ਦੇ ਖੂਨ ਵਿੱਚ ਵਸੀ ਹੋਈ ਹੈ। ਇਸ ਵਿਸ਼ਵ ਪੱਧਰੀ ਐਸਟਰੋ-ਟਰਫ ਮੈਦਾਨ ਨਾਲ ਹੁਣ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਹੀ ਪਿੰਡ ਵਿੱਚ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਮਿਲਣਗੀਆਂ।”
ਖੇਡ ਬੁਨਿਆਦੀ ਢਾਂਚੇ ਦੇ ਇਸ ਮਹੱਤਵਪੂਰਨ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ 10 ਏਕੜ ਰਕਬੇ ਵਿੱਚ ₹39.20 ਕਰੋੜ ਦੀ ਅਨੁਮਾਨਿਤ ਲਾਗਤ ਨਾਲ ਖੇਡ ਕੰਪਲੈਕਸ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਹਾਕੀ ਮੈਦਾਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਸਹੂਲਤਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਤਾਂ ਜੋ ਹਰ ਖੇਡ ਵਿਧਾ ਦੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਮਿਲ ਸਕੇ। ਇਸ ਕੰਪਲੈਕਸ ਵਿੱਚ ਇੱਕੋ ਛੱਤ ਹੇਠ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ ਕਈ ਖੇਡਾਂ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ।”
ਉਨ੍ਹਾਂ ਦੱਸਿਆ ਕਿ ₹9 ਕਰੋੜ ਦੀ ਲਾਗਤ ਨਾਲ ਬਹੁ-ਮੰਤਵੀ ਇਨਡੋਰ ਖੇਡ ਹਾਲ ਬਣਾਇਆ ਜਾ ਰਿਹਾ ਹੈ। 65 × 41 ਮੀਟਰ ਦੀ ਇਸ ਸਹੂਲਤ ਦਾ 30 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ 31 ਮਾਰਚ 2027 ਤੱਕ ਪੂਰਾ ਕਰਨ ਦਾ ਟੀਚਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਵੇਲੀਅਨ ਸਮੇਤ ਆਧੁਨਿਕ 25 × 15 ਮੀਟਰ ਦੇ ਸਵੀਮਿੰਗ ਪੂਲ ਦੀ ਉਸਾਰੀ ₹5 ਕਰੋੜ ਦੀ ਲਾਗਤ ਨਾਲ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਨੂੰ 30 ਜੂਨ 2027 ਤੱਕ ਮੁਕੰਮਲ ਕਰ ਲਿਆ ਜਾਵੇਗਾ।
ਕੰਪਲੈਕਸ ਵਿੱਚ ਵਿਕਸਤ ਕੀਤੀਆਂ ਜਾ ਰਹੀਆਂ ਹੋਰ ਸਹੂਲਤਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ₹5.20 ਕਰੋੜ ਦੀ ਲਾਗਤ ਨਾਲ ਵਾਧੂ ਖੇਡ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੋ ਬਾਸਕਟਬਾਲ ਕੋਰਟ, ਦੋ ਵਾਲੀਬਾਲ ਮੈਦਾਨ, ਦੋ ਬੈਡਮਿੰਟਨ ਕੋਰਟ, ਇੱਕ ਸਕੇਟਿੰਗ ਰਿੰਕ, ਇੱਕ ਲਾਅਨ ਟੈਨਿਸ ਕੋਰਟ ਅਤੇ ਇੱਕ ਖੋ-ਖੋ ਕੋਰਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤਾਂ 30 ਜੂਨ 2027 ਤੱਕ ਤਿਆਰ ਹੋ ਜਾਣਗੀਆਂ।
ਮੁੱਖ ਮੰਤਰੀ ਨੇ ਧੂਰੀ ਦੇ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿੱਚ ₹12 ਕਰੋੜ ਦੀ ਲਾਗਤ ਨਾਲ 400 ਮੀਟਰ ਦਾ ਸਿੰਥੈਟਿਕ ਐਥਲੈਟਿਕਸ ਟਰੈਕ ਬਣਾਏ ਜਾਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਦਾ 80 ਫੀਸਦੀ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਟਰੈਕ 31 ਦਸੰਬਰ 2026 ਤੱਕ ਖਿਡਾਰੀਆਂ ਲਈ ਤਿਆਰ ਹੋ ਜਾਵੇਗਾ।
ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਖੇਡਾਂ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਉਸਾਰੂ ਸੇਧ ਦਿੰਦੀਆਂ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਰਚਨਾਤਮਕ ਗਤੀਵਿਧੀਆਂ ਵੱਲ ਲਾਉਣ ਵਿੱਚ ਮਦਦ ਕਰਦੀਆਂ ਹਨ। ਉਨ੍ਹਾਂ ਕਿਹਾ, “ਜਦੋਂ ਸਾਡੇ ਪਿੰਡਾਂ ਵਿੱਚ ਅਜਿਹੇ ਸ਼ਾਨਦਾਰ ਸਟੇਡੀਅਮ ਅਤੇ ਖੇਡ ਸਹੂਲਤਾਂ ਬਣਨਗੀਆਂ ਤਾਂ ਸਾਡੇ ਨੌਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾ ਕੇ ਓਲੰਪਿਕ ਅਤੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਸਾਡੀ ਸਰਕਾਰ ਚਾਹੁੰਦੀ ਹੈ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਹਾਕੀ ਸਟਿੱਕਾਂ, ਬੱਲੇ, ਰੈਕੇਟ ਅਤੇ ਤਮਗੇ ਹੋਣ।”
ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਿਖਲਾਈ ਸਹੂਲਤਾਂ ਅਤੇ ਤਿਆਰੀ ਲਈ ਵਿੱਤੀ ਸਹਾਇਤਾ ਦੇਣ ਤੋਂ ਲੈ ਕੇ ਤਮਗਾ ਜੇਤੂਆਂ ਨੂੰ ਨਕਦ ਇਨਾਮ ਅਤੇ ਸਰਕਾਰੀ ਨੌਕਰੀਆਂ ਦੇਣ ਤੱਕ ਹਰ ਸੰਭਵ ਸਹਿਯੋਗ ਦੇ ਰਹੀ ਹੈ। ਉਨ੍ਹਾਂ ਵਸਨੀਕਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਕੰਪਲੈਕਸ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਇਨ੍ਹਾਂ ਸਹੂਲਤਾਂ ਦੀ ਸਾਂਭ-ਸੰਭਾਲ ਤੇ ਰੱਖਿਆ ਦੀ ਸਾਂਝੀ ਜ਼ਿੰਮੇਵਾਰੀ ਨਿਭਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਇਸ ਨੂੰ ਇੱਕ ਪ੍ਰਮੁੱਖ ਖੇਡ ਕੇਂਦਰ ਵਿੱਚ ਬਦਲ ਦੇਣਗੇ। ਉਨ੍ਹਾਂ ਕਿਹਾ, “ਨਵਾਂ ਤਿਆਰ ਕੀਤਾ ਹਾਕੀ ਸਟੇਡੀਅਮ ਜਹਾਂਗੀਰ-ਖੇਹੜੂ ਅਤੇ ਨੇੜਲੇ ਪਿੰਡਾਂ ਦੇ ਖਿਡਾਰੀਆਂ ਦੇ ਨਾਲ-ਨਾਲ ਸੁਨਾਮ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਦੇ ਹਾਕੀ ਪ੍ਰੇਮੀਆਂ ਲਈ ਵੀ ਲਾਹੇਵੰਦ ਹੋਵੇਗਾ। ਆਉਣ ਵਾਲਾ ਖੇਡ ਕੰਪਲੈਕਸ ਪਹਿਲਾਂ ਹੀ ਲਗਭਗ 30 ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਵਿੱਚ ਕਈ ਖੇਡ ਵਿਧਾਵਾਂ ਲਈ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ।”
ਭਾਰਤੀ ਹਾਕੀ ਵਿੱਚ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ 11 ਖਿਡਾਰੀਆਂ ਵਿੱਚੋਂ ਨੌਂ ਪੰਜਾਬ ਨਾਲ ਸਬੰਧਤ ਹਨ, ਜੋ ਇਸ ਖੇਡ ਪ੍ਰਤੀ ਸੂਬੇ ਦੇ ਡੂੰਘੇ ਲਗਾਅ ਅਤੇ ਅਮੀਰ ਵਿਰਾਸਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹਾਕੀ ਦੀ ਖਾਸ ਤੌਰ ’ਤੇ ਮਜ਼ਬੂਤ ਪਰੰਪਰਾ ਰਹੀ ਹੈ। ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਤ ਰਹਿਣ ਦੀ ਬਜਾਏ ਸਟੇਡੀਅਮ ਅਤੇ ਖੇਡ ਮੈਦਾਨ ਵਿਕਸਤ ਕਰਕੇ ਇਸ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਅਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ।”
ਪੰਜਾਬ ਵਿੱਚ ਹਾਲ ਹੀ ਵਿੱਚ ਹੋਈ ਏਸ਼ਿਆਈ ਹਾਕੀ ਚੈਂਪੀਅਨਸ਼ਿਪ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਟੂਰਨਾਮੈਂਟ ਨੇ ਖਿਡਾਰੀਆਂ ਨੂੰ ਉਤਸ਼ਾਹੀ ਘਰੇਲੂ ਦਰਸ਼ਕਾਂ ਦੇ ਸਾਹਮਣੇ ਖੇਡਣ ਦਾ ਮੌਕਾ ਦਿੱਤਾ ਹੈ।” ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਵਚਨਬੱਧ ਹੈ, ਤਾਂ ਜੋ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਦੇ ਬਿਹਤਰ ਮੌਕੇ ਮਿਲ ਸਕਣ।
ਖੇਤੀਬਾੜੀ ਖੇਤਰ ਵਿੱਚ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਬਿਹਤਰ ਉਪਲਬਧਤਾ ਕਾਰਨ ਕਿਸਾਨਾਂ ਨੂੰ ਸਵੇਰ ਵੇਲੇ ਬਿਜਲੀ ਮਿਲਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ, “ਨਹਿਰੀ ਪਾਣੀ ਦੀ ਉਪਲਬਧਤਾ ਵਧਣ ਨਾਲ ਖੇਤੀ ਉਤਪਾਦਨ ਵਿੱਚ ਲਗਭਗ 10 ਫੀਸਦੀ ਵਾਧਾ ਹੋਇਆ ਹੈ।”
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਖੇਡ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਜਾਰੀ ਰੱਖੇਗੀ ਅਤੇ ਨੌਜਵਾਨਾਂ ਨੂੰ ਆਪਣੇ ਖੇਡ ਸੁਪਨੇ ਪੂਰੇ ਕਰਨ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਹਰ ਸੰਭਵ ਮੌਕਾ ਅਤੇ ਸਹਿਯੋਗ ਪ੍ਰਦਾਨ ਕਰੇਗੀ।
ਭਗਵੰਤ ਮਾਨ ਸਰਕਾਰ ਵੱਲੋਂ ਖੇਡਾਂ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲ: ਰਿਕਾਰਡ ਨਿਵੇਸ਼, ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਬੇਮਿਸਾਲ ਮੌਕੇ
ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ
• ਪੰਜਾਬ ਨੇ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਕੀਤੀ।
• ਇਹ ਪੰਜਾਬ ਵਿੱਚ ਕਰਵਾਇਆ ਗਿਆ ਪਹਿਲਾ ਕੌਮਾਂਤਰੀ ਖੇਡ ਟੂਰਨਾਮੈਂਟ ਸੀ।
ਓਲੰਪਿਕ ਅਤੇ ਪੈਰਾਲੰਪਿਕ ਤਮਗਾ ਜੇਤੂਆਂ ਲਈ ਨਕਦ ਇਨਾਮ
• ਓਲੰਪਿਕ/ਪੈਰਾਲੰਪਿਕ ਸੋਨ ਤਮਗਾ: ₹3 ਕਰੋੜ।
• ਓਲੰਪਿਕ/ਪੈਰਾਲੰਪਿਕ ਚਾਂਦੀ ਦਾ ਤਮਗਾ: ₹2 ਕਰੋੜ।
• ਓਲੰਪਿਕ/ਪੈਰਾਲੰਪਿਕ ਕਾਂਸੀ ਦਾ ਤਮਗਾ: ₹1 ਕਰੋੜ।
ਖੇਡਾਂ ਵਿੱਚ ਰਿਕਾਰਡ ਨਿਵੇਸ਼
• ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਲਈ ₹1,744 ਕਰੋੜ ਦਾ ਵਿਸ਼ੇਸ਼ ਬਜਟ ਰੱਖਿਆ ਗਿਆ।
• ਸਾਲ 2022 ਤੋਂ ਹੁਣ ਤੱਕ 40,415 ਖਿਡਾਰੀਆਂ ਨੂੰ ₹135 ਕਰੋੜ ਦੇ ਨਕਦ ਇਨਾਮ ਵੰਡੇ ਜਾ ਚੁੱਕੇ ਹਨ।
ਨਵੀਂ ਖੇਡ ਨੀਤੀ ਤਹਿਤ ਖੇਡਾਂ ਦੀ ਤਿਆਰੀ ਲਈ ਵਿੱਤੀ ਸਹਾਇਤਾ
• ਓਲੰਪਿਕ ਖੇਡਾਂ ਦੀ ਤਿਆਰੀ ਲਈ ₹15 ਲੱਖ।
• ਏਸ਼ਿਆਈ ਅਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ ₹8 ਲੱਖ।
• ਹੁਣ ਤੱਕ ਵੱਡੇ ਖੇਡ ਮੁਕਾਬਲਿਆਂ ਦੀ ਤਿਆਰੀ ਵਿੱਚ ਸਹਾਇਤਾ ਲਈ ਖਿਡਾਰੀਆਂ ਨੂੰ ₹15 ਕਰੋੜ ਵੰਡੇ ਜਾ ਚੁੱਕੇ ਹਨ।
ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਨਮਾਨਿਤ ਕੀਤੇ ਗਏ ਖਿਡਾਰੀ
• ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 20 ਖਿਡਾਰੀਆਂ ਨੂੰ ₹9.80 ਕਰੋੜ ਦੇ ਨਕਦ ਇਨਾਮ ਵੰਡੇ ਗਏ।
• ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਦੇ ਅੱਠ ਪੰਜਾਬੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ।
• ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ PCS/DSP ਦੇ ਅਹੁਦਿਆਂ ’ਤੇ ਨਿਯੁਕਤ ਕੀਤਾ ਗਿਆ।
• ਪੰਜਾਬ ਦੇ ਖਿਡਾਰੀਆਂ ਨੇ 2023 ਦੀਆਂ ਏਸ਼ਿਆਈ ਖੇਡਾਂ ਵਿੱਚ 20 ਤਮਗੇ ਜਿੱਤੇ। ਤਮਗਾ ਜੇਤੂ 33 ਖਿਡਾਰੀਆਂ ਨੂੰ ₹30 ਕਰੋੜ ਦੇ ਨਕਦ ਇਨਾਮ ਵੰਡੇ ਗਏ।
• 85 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
• ਕੌਮੀ ਪੱਧਰ ’ਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਵਿੱਚੋਂ ਦੋ ਕੋਚ ਅਤੇ 42 ਜੂਨੀਅਰ ਕੋਚ ਭਰਤੀ ਕੀਤੇ ਗਏ।
ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ
• ਸੂਬੇ ਭਰ ਵਿੱਚ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 750 ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।
• ਪੰਜਾਬ ਭਰ ਵਿੱਚ 6,000 ਜਿਮ ਸਥਾਪਤ ਕੀਤੇ ਜਾ ਰਹੇ ਹਨ। ਪਹਿਲੇ ਪੜਾਅ ਵਿੱਚ 500 ਜਿਮ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।
• ਖੇਡਾਂ ਦਾ ਸਾਮਾਨ ਖਰੀਦਣ ਲਈ 9,501 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ ₹12.50 ਕਰੋੜ ਦੀ ਰਕਮ ਭੇਜੀ ਗਈ।
